ਅੰਮ੍ਰਿਤਸਰ (ਦਲਜੀਤ,ਨੀਰਜ)- ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਵਿਤ, ਕਰ ਤੇ ਆਬਕਾਰੀ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ ਅਤੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ 'ਚ ਸਾਹ ਲੈ ਰਹੇ ਹਾਂ।
ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਰਬਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦੇਣ ਲਈ ਕੇਂਦਰ ਸਰਕਾਰ ਅੱਗੇ ਮੰਗ ਰੱਖੀ ਹੈ। ਇਸ ਮੌਕੇ ਉਨ੍ਹਾਂ ਦੇਸ਼ ਭਗਤਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਸਾਡੀ ਸਰਕਾਰ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਰਾਜ ਦੇ ਆਰ.ਡੀ.ਐੱਫ਼ ਦੇ ਪੈਸੇ ਤਰੁੰਤ ਜਾਰੀ ਕਰਨ ਦੀ ਮੰਗ ਕਰਦੇ ਕਿਹਾ ਕਿ ਰਾਜ ਵਿਚ ਅਸੀਂ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ 105 ਕਰੋੜ ਰੁਪਏ ਦੀ ਫੌਰੀ ਰਾਹਤ ਦਿੱਤੀ ਹੈ ਅਤੇ ਅੱਜ ਤੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਜਾਰੀ ਕਰਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਮੰਤਰੀ ਲਾਲਜੀਤ ਭੁੱਲਰ ਨੇ ਲਹਿਰਾਇਆ ਕੌਮੀ ਝੰਡਾ, ਪੰਜਾਬੀਆਂ ਲਈ ਕੀਤੇ ਵੱਡੇ ਐਲਾਨ
ਵਿਤ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2022-23 ਦੌਰਾਨ 19368.77 ਕਰੋੜ ਰੁਪਏ ਦਾ ਰਿਕਾਰਡ ਜੀ.ਐੱਸ.ਟੀ ਮਾਲੀਆ ਇਕੱਤਰ ਕੀਤਾ ਗਿਆ ਅਤੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ 6810.76 ਕਰੋੜ ਰੁਪਏ ਦੀ ਜੀ.ਐੱਸ.ਟੀ ਕੁਲੈਕਸ਼ਨ ਹੋ ਚੁੱਕੀ ਹੈ। ਇਸੇ ਤਰ੍ਹਾਂ ਆਬਕਾਰੀ ਵਿਭਾਗ ਵੱਲੋਂ ਸਾਲ 2022-23 ਦੌਰਾਨ 8814.4 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਜੋ ਸਾਲ 2021-22 ਦੇ ਮੁਕਾਬਲੇ 41.37 ਫੀਸਦੀ ਵੱਧ ਹੈ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੇ ਵੇਰਵੇ ਦਿੰਦੇ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪਿਛਲੇ ਸਵਾ ਸਾਲ ਦੌਰਾਨ 31 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਰਹੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 12,000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ।
ਸਿਹਤ ਸਹੂਲਤਾਂ ਦਾ ਜਿਕਰ ਕਰਦੇ ਉਨਾਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 583 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ ਅਤੇ ਬੀਤੇ ਕੱਲ੍ਹ 76 ਹੋਰ ਨਵੇਂ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਉਨਾਂ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿੱਚ ਚੱਲ ਰਹੇ ਕੰਮਾਂ ਦਾ ਵੀ ਵਿਸਥਾਰ ਵਿਚ ਜ਼ਿਕਰ ਕੀਤਾ। ਹਾਲ ਹੀ ਵਿਚ ਚੈਂਪੀਅਨਜ਼ ਟਰਾਫੀ ਜਿੱਤੀ ਹਾਕੀ ਟੀਮ ਨੂੰ ਵਧਾਈ ਦਿੰਦੇ ਉਨ੍ਹਾਂ ਦੱਸਿਆ ਕਿ ਸੂਬੇ 'ਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇਕ ਸੂਬਾ ਬਣਾਉਣ ਦੇ ਲਏ ਸੁਫਨੇ ਨੂੰ ਪੂਰਾ ਕਰਨ ਲਈ ਨਿਵੇਕਲੀ ਖੇਡ ਨੀਤੀ ਲਿਆਂਦੀ ਗਈ, ਜਿਸ ਵਿੱਚ 1000 ਖੇਡ ਨਸਰੀਆਂ, ਖਿਡਾਰੀਆਂ ਨੂੰ ਨੌਕਰੀ, ਨਕਦ ਇਨਾਮ, ਤਿਆਰੀ ਲਈ ਨਕਦ ਰਾਸ਼ੀ ਅਤੇ ਕੋਚਾਂ ਦੇ ਮਾਣ-ਸਨਮਾਨ ਨੂੰ ਤਰਜੀਹ ਦਿੱਤੀ ਗਈ ਹੈ। ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਬੋਲਦੇ ਚੀਮਾ ਨੇ ਕਿਹਾ ਕਿ ਸਵਾ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ।

ਇਹ ਵੀ ਪੜ੍ਹੋ : ਤਰਨਤਾਰਨ 'ਚ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਕੌਮੀ ਝੰਡਾ, ਪੰਜਾਬੀਆਂ ਨੂੰ ਦਿੱਤੀ ਮੁਬਾਰਕਬਾਦ
ਅਮਨ ਕਾਨੂੰਨ ਦੀ ਗੱਲ ਕਰਦੇ ਉਨਾਂ ਦੱਸਿਆ ਕਿ 6 ਅਪ੍ਰੈਲ, 2022 ਨੂੰ ਬਣਾਈ ਐਂਟੀ ਗੈਂਗਸਟਰ ਟਾਸਕ ਫੋਰਸ ਨੇ 741 ਹਾਰਡਕੋਰ ਗੈਂਗਸਟਰਾਂ ਤੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹੁਣ ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇੰਡਸਟਰੀਅਲ ਡਿਵੈਲਮੈਂਟ ਐਂਡ ਬਿਜਨਸ ਨੀਤੀ ਦਾ ਜ਼ਿਕਰ ਦਿੰਦੇ ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ 22 ਏਕੜ ਰਕਬੇ ਵਿੱਚ ਯੂਨਿਟੀ ਮਾਲ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਸਮੇਤ ਸਾਰੇ ਰਾਜਾਂ ਦੇ ਕਿਰਤੀਆਂ ਨੂੰ ਆਪਣੀਆਂ ਹੱਥ ਕਿਰਤਾਂ ਵੇਚਣ ਲਈ ਸਟਾਲ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ‘ਚ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਵਿਖੇ ਐੱਨ.ਆਰ.ਆਈਜ਼ ਦੀ ਸਹੂਲਤ ਲਈ ਇੰਟਰਨੈਸ਼ਨਲ ਟਰਮੀਨਲ ਦੇ ਅਰਾਈਵਲ ਹਾਲ ਵਿਖੇ ਫੈਸਿਲੀਟੇਸ਼ਨ ਸੈਂਟਰ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਕੇਂਦਰ 24 ਘੰਟੇ ਖੁੱਲ੍ਹਾ ਰਹੇਗਾ ਅਤੇ ਟਰਮੀਨਲ ਵਿਖੇ ਪਹੁੰਚਣ ਵਾਲੇ ਐੱਨ.ਆਰ.ਆਈਜ਼ ਨੂੰ ਸਹਾਇਤਾ ਪ੍ਰਦਾਨ ਕਰੇਗਾ।
ਉਨ੍ਹਾਂ ਇਸ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਉਪਰਾਲਿਆਂ ਸਦਕਾ 14000 ਦੇ ਕਰੀਬ ਬੰਦ ਪਏ ਨਹਿਰੀ ਖਾਲੇ ਮੁੜ ਚਾਲੂ ਕਰਨ, 11665 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ, ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਮਾਣ ਭੱਤਾ ਦੇਣ ਦਾ ਵੀ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨੂੰ ਵੈਡਿੰਗ ਡੈਸਟੀਨੇਸ਼ਨ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਅਤੇ ਮੀਟਿੰਗ ਵੈਨਿਊ ਲਈ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਨਾਲ ਅੰਮ੍ਰਿਤਸਰ ਦੀ ਸੈਰ ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਮਿਲੇਗਾ। ਚੀਮਾ ਨੇ ਕੱਲ 16 ਅਗਸਤ ਨੂੰ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।
ਇਹ ਵੀ ਪੜ੍ਹੋ : ਰਾਤ ਦੇ ਹਨ੍ਹੇਰੇ 'ਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੋਸਤੀ ਦੀ ਮਿਸਾਲ, ਦੋਸਤ ਦਾ ਵੱਢਿਆ ਗਿਆ ਸੀ ਹੱਥ, ਹੁਣ ਆਪਣਾ ਹੱਥ ਵੱਢ ਕੇ ਲਗਵਾਏਗਾ ਯਾਰ ਦੇ ਗੁੱਟ ਨੂੰ
NEXT STORY