ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸਭ ਤੋਂ ਢੁਕਵੀਂ ਸ਼ਰਧਾਂਜਲੀ ਹੈ।
ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੀਨਾਨਗਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਲਈ ਸਮਰਪਿਤ ਕਰ ਦਿੱਤਾ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਬਹੁਤ ਯਤਨ ਕੀਤੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਓਨਾ ਹੀ ਪ੍ਰਸੰਗਕ ਹੈ ਜਿੰਨਾ ਪਹਿਲਾਂ ਸੀ। ਡਾ. ਅੰਬੇਡਕਰ ਨੂੰ ਇੱਕ ਵਿਸ਼ਾਲ ਵਿਸ਼ਵ-ਵਿਆਪੀ ਸ਼ਖ਼ਸੀਅਤ ਦੱਸਦੇ ਹੋਏ, ਸ੍ਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡਾ. ਭੀਮ ਰਾਓ ਅੰਬੇਦਕਰ ਸਾਹਿਬ ਦੇ ਪੂਰਨਿਆਂ ਉੱਪਰ ਚੱਲਦੀ ਹੋਈ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ 6 ਮੰਤਰੀ ਅਨਸੂਚਿਤ ਜਾਤੀਆਂ ਨਾਲ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਉਲਟ, ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਰਾਜ ਭਰ ਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 31 ਮਾਰਚ, 2020 ਤੋਂ ਪਹਿਲਾਂ ਐੱਸ.ਸੀ. ਕਾਰਪੋਰੇਸ਼ਨ ਦੁਆਰਾ ਜਾਰੀ ਕੀਤੇ ਗਏ ਕਰਜ਼ੇ ਮੁਆਫ਼ ਕਰ ਦਿੱਤੇ ਹਨ, ਜਿਸ ਨਾਲ ਵਿੱਤੀ ਤੰਗੀ ਕਾਰਨ ਅਦਾਇਗੀ ਕਰਨ ਵਿੱਚ ਅਸਮਰੱਥ ਵਿਅਕਤੀਆਂ ਨੂੰ ਲਾਭ ਪਹੁੰਚਿਆ ਹੈ। ਇਸ ਤੋਂ ਇਲਾਵਾ ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਅਨਸੂਚਿਤ ਜਾਤੀਆਂ ਅਤੇ ਅਨਸੂਚਿਤ ਜਨ ਜਾਤੀਆਂ ਲਈ ਅਸਾਮੀਆਂ ਦਾ ਰਾਖਵਾਂਕਰਨ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਹੁਣ ਤੱਕ 50,000 ਤੋਂ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਅਧਾਰ 'ਤੇ ਦਿੱਤੀਆਂ ਜਾ ਚੁੱਕੀਆਂ ਹਨ। ਡਾ. ਅੰਬੇਡਕਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਲਗਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਬਾਬਾ ਸਾਹਿਬ ਦੇ ਬੁੱਤਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੀ ਨੀਚ ਹਰਕਤ ਕਰਨ ਵਾਲੇ ਕਿਸੇ ਵੀ ਗੁਨਾਹਗਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨੁਸੂਚਿਤ ਜਾਤੀ/ਜਨਜਾਤੀ ਅਤੇ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਦਰਸਾਉਂਦੇ ਇੱਕ ਕਿਤਾਬਚੇ ਨੂੰ ਵੀ ਰੀਲੀਜ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਹੋਰ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਤੋਂ ਪਹਿਲਾਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੀਆਂ ਵਿਦਿਆਰਥਣਾਂ ਨੇ ਆਪਣੇ ਨਿੱਜੀ ਤਜ਼ਰਬੇ ਵੀ ਸਾਂਝੇ ਕੀਤੇ ਅਤੇ ਸਕਾਲਰਸ਼ਿਪ ਦੇਣ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਸ਼ਮਸ਼ੇਰ ਸਿੰਘ ਨੇ ਵੀ ਬਾਬਾ ਸਾਹਿਬ ਨੂੰ ਯੁੱਗ ਪੁਰਸ਼ ਦੱਸਦੇ ਹੋਏ ਆਪਣਾ ਸਤਿਕਾਰ ਭੇਟ ਕੀਤਾ। ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਗਿਆ ਜਦਕਿ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ।
ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਆਦਿੱਤਯ ਗੁਪਤਾ, ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਆਦਿ ਹਾਜ਼ਰ ਸਨ।
ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ
NEXT STORY