ਜਲੰਧਰ (ਧਵਨ) - ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐੱਨ. ਆਰ. ਆਈ. ਪੰਜਾਬੀਆਂ ਨਾਲ ਜਲੰਧਰ ਤੋਂ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਸ਼ੁੱਕਰਵਾਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐੱਨ. ਆਰ. ਆਈ ਪੰਜਾਬੀਆਂ ਦੀ ਸਹੂਲਤ ਲਈ ਇਕ ਵਿਸ਼ੇਸ਼ ਨੀਤੀ ਚੜ੍ਹਦੇ ਸਾਲ ਲਿਆਂਦੀ ਜਾ ਰਹੀ ਹੈ, ਜੋ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਵੀ ਉਤਸ਼ਾਹਿਤ ਕਰੇਗੀ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ । ਉਨ੍ਹਾਂ ਦੇ ਹੱਲ ਲਈ ਉਹ ਵਚਨਬੱਧ ਹੈ। ਐਨ. ਆਰ. ਆਈ ਪੰਜਾਬੀਆਂ ਨਾਲ ਮੁਲਾਕਾਤ ਦਾ ਪ੍ਰੋਗਰਾਮ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਪੰਜਾਬ ਸਰਕਾਰ ਸਮੇਂ-ਸਮੇਂ ’ਤੇ ਐੱਨ. ਆਰ. ਆਈ. ਪੰਜਾਬੀਆਂ ਨਾਲ ਸਲਾਹ ਮਸ਼ਵਰਾ ਕਰ ਕੇ ਵਿਦੇਸ਼ਾਂ ਵਿੱਚ ਵੀਜ਼ੇ ਸਬੰਧੀ ਆਉਣ ਵਾਲੇ ਉਨ੍ਹਾਂ ਦੀ ਸਮੱਸਿਆਵਾਂ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਗੱਲ ਕਰੇਗੀ।
ਧਾਲੀਵਾਲ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਐੱਨ. ਆਰ. ਆਈ ਪੰਜਾਬੀਆਂ ਵੱਲੋਂ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਸੂਬੇ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰੇਗੀ। ਪ੍ਰਵਾਸੀ ਪੰਜਾਬੀਆਂ ਨਾਲ ਗੱਲਬਾਤ ਦੌਰਾਨ ਪੰਜਾਬੀਆਂ ਦੇ ਅਦਾਲਤੀ ਕੇਸਾਂ ਦੀ ਸੁਣਵਾਈ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਪ੍ਰਵਾਸੀ ਪੰਜਾਬੀਆਂ ਦੀ ਮਦਦ ਕਰਨਗੇ। ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਟੀਮਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐੱਨ. ਆਰ. ਆਈ. ਪ੍ਰਵਾਸੀ ਭਾਰਤੀਆਂ ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਲਈ ਜਾ ਰਹੀ ਹੈ ਤਾਂ ਜੋ ਪ੍ਰਵਾਸੀ ਭਾਰਤੀਆਂ ਦੇ ਕੇਸਾਂ ਦਾ ਨਿਪਟਾਰਾ ਘੱਟ ਤੋਂ ਘੱਟ ਸਮੇਂ ਵਿੱਚ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋ ਸਕੇ। ਪੰਜਾਬ ਤੋਂ ਕੈਨੇਡਾ ਲਈ ਉਡਾਣਾਂ ਸ਼ੁਰੂ ਹੋਣ ਅਤੇ ਪ੍ਰਵਾਸੀ ਪੰਜਾਬੀਆਂ ਨੂੰ ਈ-ਵੀਜ਼ਾ ਦੀ ਸਹੂਲਤ ਲੈਣ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣਗੇ।
ਇਹ ਵੀ ਪੜ੍ਹੋ : ਝਾਰਖੰਡ ਤੋਂ ਕੋਲੇ ਦੀ ਰੇਲਵੇ ਰੈਕ ਪਹੁੰਚੀ ਰੂਪਨਗਰ, CM ਮਾਨ ਦਾ ਦਾਅਵਾ ਹੁਣ 30 ਸਾਲ ਤੱਕ ਨਹੀਂ ਹੋਵੇਗੀ ਕੋਲੇ ਦੀ ਘਾਟ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਨਾਲ ਨਜਿੱਠਣ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ, ਜੋ ਸਿਰਫ਼ ਐਨ. ਆਰ. ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣਗੇ। ਪ੍ਰਵਾਸੀ ਪੰਜਾਬੀਆਂ ਵੱਲੋਂ ਆਪੋ-ਆਪਣੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਯੋਗਦਾਨ ਪਾਉਣ ਅਤੇ ਸਮਾਜਿਕ ਕੰਮਾਂ ਵਿੱਚ ਪੂਰੀ ਦਿਲਚਸਪੀ ਲੈ ਕੇ ਪੰਜਾਬ ਵਿੱਚ ਚੰਗਾ ਮਾਹੌਲ ਸਿਰਜਿਆ ਗਿਆ ਹੈ। ਸਿਵਲ ਅਤੇ ਪੁਲਸ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਧਾਲੀਵਾਲ ਨੇ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਤੋਂ ਆਏ ਪ੍ਰਵਾਸੀ ਭਾਰਤੀਆਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਸਮੱਸਿਆਵਾਂ ਸੁਣਨ ਉਪਰੰਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕਿਸ਼ਨ ਸਿੰਘ, ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਜਸਵੀਰ ਸਿੰਘ ਰਾਜਾ, ਕਰਮਵੀਰ ਸਿੰਘ, ਓਲੰਪੀਅਨ ਸੁਰਿੰਦਰ ਸਿੰਘ ਸੋਢੀ ਅਤੇ ਹੋਰ ਆਗੂ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਐੱਨ. ਆਰ. ਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਬਾਲਾਮੁਰੁਗਨ, ਏ. ਡੀ. ਜੀ. ਪੀ. (ਐੱਨ. ਆਰ. ਆਈ ਡਿਵੀਜ਼ਨ) ਪ੍ਰਵੀਨ ਕੁਮਾਰ ਸਿਨਹਾ, ਡਿਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਜਲੰਧਰ ਦੇ ਪੁਲਸ ਕਮਿਸ਼ਨਰ ਡਾ: ਐੱਸ. ਭੂਪਤੀ, ਡਿਪਟੀ ਕਮਿਸ਼ਨਰ ਜਲੰਧਰ ਜਸਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ, ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਐੱਨ. ਆਰ. ਆਈਜ਼ ਦੀਆਂ 160 ਤੋਂ ਵੱਧ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਰ ਐੱਨ. ਆਰ. ਆਈ. ਮਾਮਲੇ ਦੀ ਨਿੱਜੀ ਤੌਰ ’ਤੇ ਸੁਣਵਾਈ ਕਰਨ ਉਪਰੰਤ ਸਬੰਧਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼. ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾਵਾਰ ਕਾਊਂਟਰ ਲਾਏ ਗਏ, ਜਿੱਥੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਹਾਜ਼ਰ ਹੋ ਕੇ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੇ ਸਨ। ਇਸ ਦੌਰਾਨ 160 ਤੋਂ ਵੱਧ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ।
ਇਹ ਵੀ ਪੜ੍ਹੋ : ਪਟਿਆਲਾ 'ਚ ਸੁੱਤੇ ਪਏ ਨੌਜਵਾਨ ਨਾਲ ਵਾਪਰਿਆ ਭਾਣਾ, ਇਕਲੌਤੇ ਕਮਾਊ ਪੁੱਤ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਲੁਧਿਆਣਾ 'ਚ ਔਰਤ ਨਾਲ ਚੱਲਦੀ ਕਾਰ 'ਚ ਜਬਰ-ਜ਼ਿਨਾਹ, ਮੁਲਜ਼ਮ ਖ਼ਿਲਾਫ਼ ਪੀੜਤਾ ਨੇ ਦਾਇਰ ਕੀਤਾ ਹੈ ਕੇਸ
NEXT STORY