ਅੰਮ੍ਰਿਤਸਰ (ਸਰਬਜੀਤ)– ਮੀਰੀ-ਪੀਰੀ ਖਾਲਸਾ ਮਾਰਚ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਤੱਕ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਕੋਈ ਸਿਆਸੀ ਰੋਡ ਸ਼ੋ ਨਹੀਂ, ਸਗੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਅਤੇ ਸਿੱਖ ਪੰਥ ਦੀਆਂ ਮਹਾਨ ਪਰੰਪਰਾਵਾਂ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਯਾਤਰਾ ਨੂੰ ਸਿਆਸੀ ਨਜ਼ਰੀਏ ਨਾਲ ਦੇਖਣਾ ਗਲਤ ਹੈ ਅਤੇ ਅਜਿਹੀਆਂ ਟਿੱਪਣੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਦੀਆਂ ਤੋਂ ਪੰਥ ਦੀ ਅਗਵਾਈ ਕਰਦਾ ਆ ਰਿਹਾ ਹੈ ਅਤੇ ਜਦੋਂ ਵੀ ਕੌਮ ਉੱਤੇ ਸੰਕਟ ਆਇਆ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਅਤੇ ਪੰਥਕ ਮੋਰਚਿਆਂ ਨੇ ਸਿੱਖ ਕੌਮ ਨੂੰ ਇਕਜੁੱਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਵੱਡਾ ਹੁੰਗਾਰਾ ਕੁਝ ਲੋਕਾਂ ਨੂੰ ਰਾਸ ਨਹੀਂ ਆ ਰਿਹਾ, ਜਿਸ ਕਾਰਨ ਉਹ ਇਸ ਪੰਥਕ ਪਰੰਪਰਾ 'ਤੇ ਬੇਲੋੜੀਆਂ ਟਿੱਪਣੀਆਂ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਪੰਥ ਦੀ ਪਹਿਚਾਣ ਹੈ, ਜੋ ਭਗਤੀ ਅਤੇ ਸ਼ਕਤੀ ਦੇ ਸੰਤੁਲਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਰੁਝਾਨ, ਨੌਜਵਾਨਾਂ ਦੇ ਆਪਣੇ ਵਿਰਸੇ ਤੋਂ ਦੂਰ ਹੋਣ ਅਤੇ ਸਿੱਖ ਸੰਸਥਾਵਾਂ 'ਤੇ ਉੱਠ ਰਹੇ ਸਵਾਲਾਂ ਦੇ ਮਾਹੌਲ ਵਿੱਚ ਇਹ ਮਾਰਚ ਗੁਰਮਤਿ, ਚੜ੍ਹਦੀ ਕਲਾ ਅਤੇ ਪੰਥਕ ਜਾਗਰੂਕਤਾ ਦਾ ਸੰਦੇਸ਼ ਦੇ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰ ਦੀ ਮਰਿਆਦਾ ਅਤੇ ਸਿੱਖੀ ਦੇ ਪ੍ਰਚਾਰ 'ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਸੁਚੇਤ ਰਹਿਣ।
ਇਹ ਵੀ ਪੜ੍ਹੋ- ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
ਇਸ ਯਾਤਰਾ ਨੇ ਨੌਜਵਾਨਾਂ ਵਿੱਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਅਨੇਕਾਂ ਨੌਜਵਾਨਾਂ ਨੇ ਸਿੱਖੀ ਸਰੂਪ ਵਿੱਚ ਰਹਿਣ ਦਾ ਪ੍ਰਣ ਲਿਆ, ਇਹ ਗੁਰੂ ਦੀ ਬਖ਼ਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦੀ ਆਲੋਚਨਾ ਇਸ ਕਾਰਜ ਦਾ ਰਾਹ ਨਹੀਂ ਰੋਕ ਸਕਦੀ। ਉਨ੍ਹਾਂ ਕਿਹਾ ਕਿ ਧਰਮ ਦੇ ਪ੍ਰਚਾਰ ਤੇ ਸਵਾਲ ਕਰਨ ਵਾਲੀ ਇਹ ਉਹੀ ਸੋਚ ਹੈ ਜੋ ਗੁਰੂ ਦੇ ਸਰੋਵਰਾਂ ਵਿੱਚ ਫ਼ਸਲ ਬੀਜਣ ਦੀ ਗੱਲ ਕਰਦੀ ਸੀ। ਪੰਥ ਨੇ ਨਾ ਅਜਿਹੀ ਸੋਚ ਨੂੰ ਪਹਿਲਾਂ ਕਾਮਯਾਬ ਹੋਣ ਦਿੱਤਾ ਤੇ ਨਾ ਅੱਗੇ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਮਰਯਾਦਾ ਤੇ ਗੁਰੂ ਕੀਆਂ ਗੋਲਕਾਂ ਤੇ ਸਵਾਲ ਚੁੱਕਣ ਵਾਲੀ ਅਜਿਹੀ ਸੋਚ ਤੋਂ ਕੌਮ ਨੇ ਸੁਚੇਤ ਰਹਿਣਾ ਹੈ। ਖਾਲਸਾ ਮਾਰਚ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ।
ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਸਮੇਂ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਮੀਰੀ ਪੀਰੀ ਖਾਲਸਾ ਮਾਰਚ ਦੇ ਮਕਸਦ ਅਤੇ ਸਿੱਖ ਸਿਧਾਂਤਾਂ ਸਬੰਧੀ ਵਿਚਾਰਾਂ ਕੀਤੀਆਂ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ।ਅੱਜ ਮੀਰੀ-ਪੀਰੀ ਖਾਲਸਾ ਮਾਰਚ ਦਾ ਥਰਾਜਵਾਲਾ, ਲਾਲਬਾਈ, ਲੰਬੀ, ਖਿਉਵਾਲੀ, ਬਾਦਲ, ਕਾਲਝਰਾਣੀ, ਨੰਦਗੜ੍ਹ ਅਤੇ ਬਠਿੰਡਾ ਸਮੇਤ ਕਈ ਪਿੰਡਾਂ ਅਤੇ ਕਸਬਿਆਂ ਵਿੱਚ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮੋਗਾ ਦੇ ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਮਿਲੀ
NEXT STORY