ਜਲਾਲਾਬਾਦ (ਬੰਟੀ ਦਹੂਜਾ) : ਪੰਜਾਬ ਸੂਰਬੀਰਾਂ ਅਤੇ ਮਹਾਨ ਯੋਧਿਆਂ ਦੀ ਧਰਤੀ ਹੈ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ 'ਚ ਅਨੇਕਾਂ ਸਪੂਤਾਂ ਨੇ ਆਪਣੀ ਸ਼ਹਾਦਤ ਦਿੱਤੀ ਹੈ। ਇਨ੍ਹਾਂ ਮਹਾਨ ਯੋਧਿਆਂ ਵਿਚੋਂ ਸੁਨਾਮ ਇਲਾਕੇ 'ਚ ਪੈਦਾ ਹੋਏ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਵੀ ਨਾ ਭੁੱਲਣਯੋਗ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ 31 ਜੁਲਾਈ 2025 ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਪੰਜਾਬ ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਵੀ ਪ੍ਰਗਟ ਕੀਤਾ ਹੈ।
ਵਿਧਾਇਕ ਜਲਾਲਾਬਾਦ ਗੋਲਡੀ ਨੇ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਅਨੇਕਾਂ ਯੋਧੇ ਹੋਏ ਹਨ, ਜਿਹੜੇ ਦੇਸ਼ ਦੀ ਖਾਤਰ ਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਦਾ ਆਧਾਰ ਬਣਦਿਆਂ ਆਪਣੀਆਂ ਜਾਨਾ ਕੁਰਬਾਨ ਕਰ ਗਏ। ਉਨ੍ਹਾਂ ਕਿਹਾ ਕਿ ਖੂਨੀ ਸਾਕਿਆਂ ਦਾ ਇਤਿਹਾਸ ਲਿਖਣ ਵਾਲੇ ਯੋਧਿਆਂ ਦੀ ਸ਼ਹਾਦਤ ਨੂੰ ਲੋਕਾਂ ਅੰਦਰ ਕਾਇਮ ਰੱਖਣ ਲਈ ਪੰਜਾਬ ਸਰਕਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦੀ ਪੁਰਾਣੀ ਮੰਗ ਪੂਰੀ ਹੋਈ ਹੈ, ਜੋ ਕਿ ਮਹਾਨ ਯੋਧਿਆਂ ਲਈ ਅਸਲ ਸ਼ਰਧਾਂਜਲੀ ਹੈ।
ਉਨ੍ਹਾਂ ਕਿਹਾ ਕਿ 31 ਜੁਲਾਈ ਨੂੰ ਲੋਕਾਂ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅਨੇਕਾਂ ਸਮਾਜ ਭਲਾਈ ਹਿੱਤ ਉਪਰਾਲੇ ਕੀਤੇ ਜਾਂਦੇ ਹਨ ਤੇ ਹਰੇਕ ਵਰਗ ਇਸ ਵਿਚ ਭਾਗੀਦਾਰ ਬਣਦਾ ਹੈ। ਉਨ੍ਹਾਂ ਨੇ ਇਤਿਹਾਸਕ ਫ਼ੈਸਲਾ ਲੈਣ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪਾਰਟੀ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਪ੍ਰਗਟ ਕੀਤਾ ਹੈ।
ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, 6 ਡਰੋਨ ਤੇ 10 ਕਰੋੜ ਦੀ ਹੈਰੋਇਨ ਬਰਾਮਦ
NEXT STORY