ਚੰਡੀਗੜ੍ਹ,(ਅਸ਼ਵਨੀ, ਧਵਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸ਼ਕਾਲਰਸ਼ਿਪ ਦੇ ਮੁੱਦੇ 'ਤੇ ਅਕਾਲੀ ਦਲ ਅਤੇ ਭਾਜਪਾ ਦਾ ਦੋਹਰਾ ਕਿਰਦਾਰ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ 2017 ਤੋਂ ਇਸ ਸਕੀਮ ਨੂੰ ਬੰਦ ਕਰ ਕੇ ਪੰਜਾਬ ਦੇ ਗਰੀਬ ਵਿਦਿਆਰਥੀਆਂ ਨੂੰ ਹਰ ਸਾਲ ਮਿਲਦੇ 800 ਕਰੋੜ ਰੁਪਏ ਰੋਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਪਣੀ ਕੇਂਦਰ ਸਰਕਾਰ ਦੀ ਇਸ ਨਾਕਾਮੀ 'ਤੇ ਪਰਦਾ ਪਾਉਣ ਲਈ ਅਕਾਲੀ ਦਲ ਅਤੇ ਭਾਜਪਾ ਇਸ ਮੁੱਦੇ 'ਤੇ ਰਾਜਨੀਤੀ ਕਰ ਰਹੇ ਹਨ।
ਜਾਖੜ ਨੇ ਕਿਹਾ ਕਿ ਇਸ ਕੇਸ ਵਿਚ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ ਪਰ ਉਨ੍ਹਾਂ ਕਿਹਾ ਕਿ ਸ਼ਕਾਲਰਸ਼ਿਪ ਦਾ ਵਿਵਾਦ ਸਾਨੂੰ ਪਿਛਲੀ ਸਰਕਾਰ ਤੋਂ ਵਿਰਾਸਤ ਵਿਚ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਸਕੀਮ 2006-07 ਵਿਚ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸ਼ੁਰੂ ਕੀਤੀ ਸੀ ਤਾਂ ਜੋ ਸਾਡੇ ਕਮਜ਼ੋਰ ਵਰਗਾਂ ਦੇ ਬੱਚਿਆਂ ਨੂੰ ਉਚੇਰੀ ਪੜ੍ਹਾਈ ਦੇ ਯੋਗ ਮੌਕੇ ਮਿਲ ਸਕਣ ਪਰ 2017 ਵਿਚ ਮੋਦੀ ਸਰਕਾਰ ਨੇ ਇਹ ਸਕੀਮ ਪੂਰੀ ਤਰ੍ਹਾਂ ਬੰਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅੱਜ ਸੜਕਾਂ 'ਤੇ ਨਿਕਲੇ ਹਨ, ਉਨ੍ਹਾਂ ਨੂੰ ਇਸ ਸਕੀਮ ਨੂੰ ਮੁੜ ਸ਼ੁਰੂ ਕਰਵਾਉਣ ਲਈ ਕੇਂਦਰ ਸਰਕਾਰ ਕੋਲ ਆਵਾਜ਼ ਚੁੱਕਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਵਰਤਮਾਨ ਸਰਕਾਰ ਦੇ ਸਮੇਂ ਤਾਂ ਪਿਛਲੀ ਸਰਕਾਰ ਦੇ ਸਮੇਂ ਦੀ ਸਾਲ 2016-17 ਦੀ ਬਕਾਇਆ ਸ਼ਕਾਲਰਸ਼ਿਪ ਵੰਡਣ ਦਾ ਹੀ ਕੰਮ ਹੋਇਆ ਹੈ, ਨਾ ਕਿ ਭਾਰਤ ਸਰਕਾਰ ਤੋਂ ਕੋਈ ਨਵੀਂ ਗ੍ਰਾਂਟ ਮਿਲੀ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਇਸ ਸਮੇਂ ਪੰਜਾਬ ਦੀ ਵਿੱਤੀ ਹਾਲਤ ਠੀਕ ਨਹੀਂ ਪਰ ਫਿਰ ਵੀ ਕਾਂਗਰਸ ਸਰਕਾਰ ਆਪਣੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਯੋਗ ਉਪਰਾਲਾ ਕਰੇਗੀ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, 341 ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ
NEXT STORY