ਨਵੀਂ ਦਿੱਲੀ/ ਭਵਾਨੀਗੜ੍ਹ(ਕਾਂਸਲ)- ਅੱਜ ਵਰ੍ਹਦੇ ਮੀਂਹ ਦਰਮਿਆਨ ਦਿੱਲੀ ਮੋਰਚੇ ਉੱਪਰ ਬੀ. ਕੇ. ਯੂ. ਏਕਤਾ (ਉਗਰਾਹਾਂ) ਵੱਲੋਂ ਲੋਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਨੂੰ ਬੁਲੰਦ ਕਰਦਿਆਂ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਰਿਹਾਅ ਕਰਨ ਦੀ ਮੰਗ ਲਈ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਉਨ੍ਹਾਂ ਵਲੋਂ ਜਮਹੂਰੀ ਹੱਕਾਂ ਦਾ ਦਮਨ ਕਰਨ ਵਾਲੇ ਯੂ. ਏ. ਪੀ. ਏ.,ਐਨ. ਐਸ. ਏ. ਅਤੇ ਦੇਸ਼ਧ੍ਰੋਹ ਵਰਗੇ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਆਵਾਜ਼ ਉਠਾਈ ਗਈ। ਇਹ ਵਿਸ਼ੇਸ਼ ਇਕੱਤਰਤਾ ਕੌਮੀ ਪੱਧਰ 'ਤੇ ਜਮਹੂਰੀ ਜਥੇਬੰਦੀਆਂ ਵੱਲੋਂ ਦਿੱਤੇ ਪੰਦਰਵਾੜਾ ਮਨਾਉਣ ਦੇ ਸੱਦੇ ਤਹਿਤ ਕੀਤੀ ਗਈ ਸੀ, ਜਿਸ ਵਿੱਚ ਪੰਜਾਬ ਦੇ ਨਾਮਵਰ ਲੇਖਕਾਂ ਤੇ ਬੁੱਧੀਜੀਵੀਆਂ ਨੇ ਸ਼ਮੂਲੀਅਤ ਕੀਤੀ। ਵਰ੍ਹਦੇ ਮੀਂਹ ਤੇ ਝੱਖੜ ਦੇ ਦਰਮਿਆਨ ਹੀ ਮੰਚ ਤੋਂ ਜੋਸ਼ ਭਰਪੂਰ ਤਕਰੀਰਾਂ ਹੋਈਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਦੀ ਰਿਹਾਈ ਲਈ ਨਾਅਰੇ ਗੂੰਜੇ।
ਇਹ ਵੀ ਪੜ੍ਹੋ- ਮਹਾਨ ਦੌੜਾਕ ਮਿਲਖਾ ਸਿੰਘ ਦੀ ਪਤਨੀ ਦਾ ਕੋਰੋਨਾ ਕਾਰਨ ਦਿਹਾਂਤ
ਇਕੱਠ ਨੂੰ ਸੰਬੋਧਨ ਹੁੰਦਿਆਂ ਸ਼ਹੀਦ ਭਗਤ ਸਿੰਘ ਦੇ ਭਾਣਜੇ ਅਤੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਸਕੱਤਰ ਪ੍ਰੋਫੈਸਰ ਜਗਮੋਹਨ ਸਿੰਘ, ਉੱਘੇ ਵਕੀਲ ਤੇ ਜਮਹੂਰੀ ਹੱਕਾਂ ਦੇ ਕਾਰਕੁੰਨ ਐਨ. ਕੇ. ਜੀਤ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਆਗੂ ਡਾ. ਸੁਖਦੇਵ ਸਿੰਘ ਸਿਰਸਾ, ਪੰਜਾਬ ਕਿਸਾਨ ਸਭਾ ਦੇ ਕੌਮੀ ਪ੍ਰਧਾਨ ਡਾ ਅਸ਼ੋਕ ਧਾਵਲੇ ਅਤੇ ਪੰਜਾਬੀ ਨਾਟਕਕਾਰ ਡਾ. ਸਾਹਿਬ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਅੰਦਰ ਲੋਕਾਂ ਦੇ ਜਮਹੂਰੀ ਹੱਕਾਂ ਦਾ ਬੁਰੀ ਤਰ੍ਹਾਂ ਦਮਨ ਕਰ ਰਹੀ ਹੈ। ਲੋਕਾਂ ਦੇ ਹੱਕਾਂ ਲਈ ਲਿਖਣ ਅਤੇ ਬੋਲਣ ਵਾਲੇ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਦਰਜਨਾਂ ਕਾਰਕੁੰਨਾਂ ਨੂੰ ਮੋਦੀ ਹਕੂਮਤ ਨੇ ਦੇਸ਼ਧ੍ਰੋਹ ਵਰਗੇ ਝੂਠੇ ਕੇਸਾਂ ਤਹਿਤ ਜੇਲ੍ਹੀਂ ਡੱਕਿਆ ਹੋਇਆ ਹੈ। ਭੀਮਾ ਕੋਰੇਗਾਓਂ ਦੇ ਝੂਠੇ ਕੇਸ ਅੰਦਰ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਨੂੰ ਤਿੰਨ ਸਾਲ ਹੋ ਚੁੱਕੇ ਹਨ। ਇਨ੍ਹਾਂ 'ਚ ਕਈ ਬਜ਼ੁਰਗ ਅਤੇ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਲੋਕ ਵੀ ਹਨ ਜਿਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਦਿੱਤੀ ਜਾ ਰਹੀ।
ਕੋਰੋਨਾ ਵਾਇਰਸ ਮਹਾਮਾਰੀ ਦੇ ਕਹਿਰ ਦਰਮਿਆਨ ਵੀ ਸਰਕਾਰ ਕੋਈ ਪ੍ਰਵਾਹ ਨਹੀਂ ਕਰ ਰਹੀ ਕਿਉਂਕਿ ਉਸ ਵੱਲੋਂ ਇਨ੍ਹਾਂ ਲੋਕਾਂ ਨੂੰ ਜੇਲ੍ਹਾਂ 'ਚ ਹੀ ਮਰ ਜਾਣ ਲਈ ਸੁੱਟ ਦਿੱਤਾ ਗਿਆ ਹੈ। ਜੇਲ੍ਹੀਂ ਡੱਕੇ ਇਨ੍ਹਾਂ ਲੋਕਾਂ 'ਚ ਨਤਾਸ਼ਾ ਨਰਵਾਲ ਵਰਗੀਆਂ ਨੌਜਵਾਨ ਕੁੜੀਆਂ ਤੋਂ ਲੈ ਕੇ ਸਟੇਨ ਸਵਾਮੀ ਵਰਗੇ ਬਜ਼ੁਰਗ ਪਾਦਰੀ ਤੱਕ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਜਮਹੂਰੀ ਹੱਕਾਂ ਦੀ ਕਾਰਕੁਨ ਡਾ. ਨਵਸ਼ਰਨ, ਪੰਜਾਬੀ ਦੇ ਕਹਾਣੀਕਾਰ ਜਸਪਾਲ ਮਾਨਖੇੜਾ, ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਨਜ਼ਰੀਆ ਮੈਗਜ਼ੀਨ ਦੇ ਸੰਪਾਦਕ ਗੁਲਜ਼ਾਰ ਪੰਧੇਰ, ਪੰਜਾਬੀ ਆਲੋਚਕ ਡਾ. ਅਰਵਿੰਦਰ ਕੌਰ ਕਾਕੜਾ, ਪੰਜਾਬੀ ਕਵੀ ਸੁਰਜੀਤ ਜੱਜ, ਲੇਖਕ ਡਾ. ਕੁਲਦੀਪ ਦੀਪ ਅਤੇ ਫੋਕਲੋਰ ਰਿਸਰਚ ਅਕੈਡਮੀ ਤੋਂ ਰਮੇਸ ਯਾਦ ਨੇ ਕਿਹਾ ਕਿ ਪੰਜਾਬੀ ਦੇ ਕਲਮਕਾਰ ਅਤੇ ਕਲਾਕਾਰ ਜਮਹੂਰੀ ਹੱਕਾਂ ਦੀ ਲਹਿਰ 'ਚ ਹਮੇਸ਼ਾ ਅੰਗ-ਸੰਗ ਰਹੇ ਹਨ ਅਤੇ ਹੁਣ ਵੀ ਮੋਦੀ ਹਕੂਮਤ ਦੇ ਫਾਸ਼ੀ ਹਮਲੇ ਮੂਹਰੇ ਡਟ ਕੇ ਲੋਕਾਂ ਨਾਲ ਖੜ੍ਹੇ ਹਨ।
ਇਹ ਵੀ ਪੜ੍ਹੋ : ਕਾਂਗਰਸ ਦੇ ਕਲੇਸ਼ ਵਿਚਾਲੇ ਫੂਲਕਾ ਨੇ ਲਿਖੀ ਨਵਜੋਤ ਸਿੱਧੂ ਨੂੰ ਚਿੱਠੀ, ਕੀਤੀ ਇਹ ਵੱਡੀ ਮੰਗ
ਉਨ੍ਹਾਂ ਕਿਹਾ ਕਿ ਜਮਹੂਰੀ ਹੱਕਾਂ ਦੇ ਕਾਰਕੁਨਾਂ ਦੀ ਰਿਹਾਈ ਲਈ ਦਿੱਲੀ ਮੋਰਚੇ ਤੋਂ ਆਵਾਜ਼ ਉੱਠਣੀ ਬਹੁਤ ਜ਼ਰੂਰੀ ਸੀ।ਬੀਕੇਯੂ ਏਕਤਾ ਉਗਰਾਹਾਂ ਵੱਲੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਨ੍ਹਾਂ ਰੌਸ਼ਨ ਦਿਮਾਗ ਲੋਕਾਂ ਨੂੰ ਜੇਲ੍ਹੀਂ ਡੱਕਣ ਦਾ ਕਾਰਨ ਇਨ੍ਹਾਂ ਵੱਲੋਂ ਮੋਦੀ ਹਕੂਮਤ ਦੀਆਂ ਫਿਰਕੂ ਫਾਸ਼ੀਵਾਦੀ ਨੀਤੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਅਤੇ ਚੇਤਨ ਕਰਨਾ ਹੈ। ਇਹ ਦਹਾਕਿਆਂ ਤੋਂ ਆਦਿਵਾਸੀਆਂ, ਗ਼ਰੀਬ ਕਿਸਾਨਾਂ,ਦਲਿਤਾਂ,ਔਰਤਾਂ, ਸਮਾਜ ਅਤੇ ਹੋਰ ਮਿਹਨਤਕਸ਼ ਤਬਕਿਆਂ ਦੇ ਹੱਕਾਂ ਲਈ ਬੋਲਦੇ, ਲਿਖਦੇ ਅਤੇ ਡਟਦੇ ਆ ਰਹੇ ਹਨ। ਇਨ੍ਹਾਂ ਨੂੰ ਜੇਲ੍ਹੀਂ ਡੱਕ ਕੇ ਹਕੂਮਤ ਸਮਾਜ ਦੇ ਇਸ ਤਬਕੇ ਦੇ ਮਨਾਂ 'ਚ ਖ਼ੌਫ਼ ਬਿਠਾਉਣਾ ਚਾਹੁੰਦੀ ਹੈ ਅਤੇ ਲੋਕਾਂ ਦੇ ਹੱਕਾਂ ਦੀ ਲਹਿਰ ਨੂੰ ਇਨ੍ਹਾਂ ਜ਼ਹੀਨ ਲੋਕਾਂ ਦੇ ਸਾਥ ਤੋਂ ਵਾਂਝਾ ਕਰਨਾ ਚਾਹੁੰਦੀ ਹੈ।ਇਨ੍ਹਾਂ ਦੀ ਰਿਹਾਈ ਲਈ ਉੱਠਦੀ ਹਰ ਆਵਾਜ਼ 'ਤੇ ਵੀ ਮਾਓਵਾਦੀ ਜਾਂ ਦੇਸ਼ ਧ੍ਰੋਹੀ ਹੋਣ ਦਾ ਲੇਬਲ ਚਿਪਕਾ ਦਿੱਤਾ ਜਾਂਦਾ ਹੈ।ਇਸ ਮੌਕੇ ਨੌਜਵਾਨ ਭਾਰਤ ਸਭਾ ਅਤੇ ਪੀ ਐੱਸ ਯੂ (ਸ਼ਹੀਦ ਰੰਧਾਵਾ) ਵੱਲੋਂ ਬੁੱਧੀਜੀਵੀਆਂ ਦੀਆਂ ਤਸਵੀਰਾਂ ਵਾਲਾ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ ਜਿਸ ਨੂੰ ਪੰਜਾਬ ਦੀ ਜਮਹੂਰੀ ਲਹਿਰ ਵੱਲੋਂ ਪ੍ਰੋ ਜਗਮੋਹਨ ਸਿੰਘ ਨੇ ਦੇਸ਼ ਦੀ ਜਮਹੂਰੀ ਲਹਿਰ ਨਾਲ ਇੱਕਜੁੱਟਤਾ ਦਰਸਾਉਣ ਲਈ ਡਾ ਨਵਸ਼ਰਨ ਨੂੰ ਭੇਂਟ ਕੀਤਾ।ਸਭ ਤੋਂ ਅਖੀਰ 'ਤੇ ਹਰਵਿੰਦਰ ਦੀਵਾਨਾ ਦੀ ਨਿਰਦੇਸ਼ਨਾ ਹੇਠ ਕਿਰਤ,ਕਲਮ,ਕਲਾ ਅਤੇ ਸੰਗਰਾਮ ਦੀ ਜੋਟੀ ਦਾ ਸੁਨੇਹਾ ਦਿੰਦਾ ਐਕਸ਼ਨ ਗੀਤ ਪੇਸ਼ ਕੀਤਾ ਗਿਆ। ਜਥੇਬੰਦੀ ਨੇ ਐਲਾਨ ਕੀਤਾ ਕਿ ਆਉਂਦੇ ਦਿਨਾਂ 'ਚ ਪੰਜਾਬ ਦੇ ਵੱਖ ਵੱਖ ਸ਼ਹਿਰਾਂ 'ਚੋੰ ਵੀ ਬੁੱਧੀਜੀਵੀਆਂ ਦੀ ਰਿਹਾਈ ਲਈ ਆਵਾਜ਼ ਉਠਾਈ ਜਾਵੇਗੀ।
ਪੰਜਾਬ ਦੇ CM ਤੇ ਖੇਡ ਮੰਤਰੀ ਵੱਲੋਂ 'ਨਿਰਮਲਾ ਮਿਲਖਾ ਸਿੰਘ' ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
NEXT STORY