ਮੋਗਾ (ਕਸ਼ਿਸ਼) : ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਮੋਗਾ ਵਿਧਾਨ ਸਭਾ ਹਲਕੇ ਤੋਂ ਸਾਲ 2022 ਦੀਆਂ ਚੋਣਾਂ ਲੜ ਚੁੱਕੇ ਪ੍ਰਮੁੱਖ ਆਗੂ ਨਵਦੀਪ ਸਿੰਘ ਸੰਘਾ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨੂੰ ਮੋਗਾ ਦੀ ਸਿਆਸਤ ਵਿਚ ਇਕ ਵੱਡੇ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਵਦੀਪ ਸਿੰਘ ਸੰਘਾ ਨੂੰ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਲ ਕਰਵਾਇਆ। ਉਨ੍ਹਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਮੋਗਾ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲਣ ਦੀਆਂ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਨਵਦੀਪ ਸਿੰਘ ਸੰਘਾ ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਧਾਨ ਸਭਾ ਹਲਕੇ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ਵਿਚ ਸ਼ਾਮਲ ਸਨ ਪਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਟਿਕਟ ਦਾ ਐਲਾਨ ਹੋਣ ਤੋਂ ਬਾਅਦ ਉਹ ਨਿਰਾਸ਼ ਦੱਸੇ ਜਾ ਰਹੇ ਸਨ। ਹੁਣ ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਹੈ।
ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਨਵਦੀਪ ਸਿੰਘ ਸੰਘਾ ਨੇ ਮੋਗਾ ਦੇ ਹੋਰਨਾਂ ਸਿਆਸੀ ਆਗੂਆਂ ਨੂੰ ਵੀ ਭਾਜਪਾ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੂੰ ਭਾਜਪਾ ਨਾਲ ਜੁੜਨਾ ਚਾਹੀਦਾ ਹੈ ਅਤੇ ਕੋਈ ਵੀ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਦੇ ਇਸ ਸਿਆਸੀ ਕਦਮ ਨਾਲ ਮੋਗਾ ਵਿਧਾਨ ਸਭਾ ਹਲਕੇ ਵਿਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਨਵੇਂ ਸਿਆਸੀ ਸਮੀਕਰਨ ਬਣਨ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਨਵਦੀਪ ਸਿੰਘ ਸੰਘਾ ਦੀ ਭਾਜਪਾ ਵਿੱਚ ਸ਼ਮੂਲੀਅਤ ਆਉਣ ਵਾਲੇ ਸਮੇਂ ਵਿੱਚ ਮੋਗਾ ਦੀ ਸਿਆਸਤ ਨੂੰ ਕਿਸ ਦਿਸ਼ਾ ਵੱਲ ਲੈ ਕੇ ਜਾਂਦੀ ਹੈ।
MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ
NEXT STORY