ਮੋਗਾ (ਗੋਪੀ ਰਾਊਕੇ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਆਦੇਸ਼ਾਂ ਅਨੁਸਾਰ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਵੋਟ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਅਧੀਨ ਘੱਲ ਕਲਾਂ ਵਿਖੇ ਜਾਗਰੂਕਤਾ ਕੈਂਪ ਲਾ ਕੇ ਭੱਠਾ ਮਜ਼ਦੂਰਾਂ ਨੂੰ ਆਪਣੇ ਵੋਟ ਦੇ ਸੰਵਿਧਾਨਕ ਹੱਕ ਬਾਰੇ ਜਾਗਰੂਕ ਕੀਤਾ ਗਿਆ। ਇਸ ਕੈਂਪ ਦੌਰਾਨ ਸਵੀਪ ਜ਼ਿਲਾ ਨੋਡਲ ਅਫਸਰ ਬਲਵਿੰਦਰ ਸਿੰਘ ਨੇ ਭੱਠਾ ਮਜ਼ਦੂਰਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਬੂਤ ਲੋਕਤੰਤਰ ਲਈ ਵੱਧ ਤੋਂ ਵੱਧ ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1 ਜਨਵਰੀ, 2019 ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰ ਨੌਜਵਾਨ ਵੱਲੋਂ ਆਪਣੀ ਵੋਟ ਬਣਾਉਣੀ ਜ਼ਰੂਰੀ ਹੈ, ਤਾਂ ਜੋ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਆਪਣੀ ਮਨਮਰਜ਼ੀ ਦੀ ਸਰਕਾਰ ਚੁਣ ਸਕਣ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਾਨੂੰ ਸਾਰਿਆਂ ਨੂੰ ਸੁਚੇਤ ਹੋ ਕੇ ਅਤੇ ਬਿਨਾਂ ਕਿਸੇ ਡਰ ਤੇ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਬਲਵਿੰਦਰ ਸਿੰਘ ਨੇ ਭੱਠਾ ਮਜ਼ਦੂਰਾਂ ਨੂੰ ਈ. ਵੀ. ਐੱਮ. ਤੇ ਵੀ. ਵੀ. ਪੈਟ. ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਈ. ਵੀ. ਐੱਮ. ਮਸ਼ੀਨ ਦੇ ਨਾਲ-ਨਾਲ ਵੀ. ਵੀ. ਪੈਟ. ਦੀ ਵੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੀ. ਵੀ. ਪੈਟ ਰਾਹੀਂ ਵੋਟਰ ਇਸ ਗੱਲ ਦੀ ਤਸੱਲੀ ਕਰ ਸਕਦੇ ਹਨ ਕਿ ਉਨ੍ਹਾਂ ਨੇ ਜਿਹਡ਼ੇ ਉਮੀਦਵਾਰ ਨੂੰ ਵੋਟ ਪਾਈ ਹੈ, ਉਨ੍ਹਾਂ ਦੀ ਵੋਟ ਉਸੇ ਉਮੀਦਵਾਰ ਨੂੰ ਹੀ ਪਈ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਮੋਗਾ ਦੇ ਸਵੀਪ ਜ਼ਿਲਾ ਇੰਚਾਰਜ ਅਮਨਦੀਪ ਸਿੰਘ ਤੇ ਭੱਠਾ ਮਜ਼ਦੂਰ ਹਾਜ਼ਰ ਸਨ।
ਸਾਲਾਸਰ ਧਾਮ ਲਈ ਸ਼ਰਧਾਲੂਆਂ ਦਾ ਜੱਥਾ ਰਵਾਨਾ
NEXT STORY