ਮੋਗਾ (ਗੋਪੀ ਰਾਊਕੇ)-2015 ’ਚ ਹੋਏ ਬਹਿਬਲ ਕਾਂਡ ਦੀ ਜਾਂਚ ਕਰ ਰਹੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਕੀਤੀ ਗਈ ਬਦਲੀ ਕਰ ਕੇ ਵੱਖ-ਵੱਖ ਸਿਆਸੀ ਅਤੇ ਧਾਰਮਕ ਆਗੂਆਂ ’ਚ ਰੋਸ ਵੱਧਦਾ ਜਾ ਰਿਹਾ ਹੈ। ਅੱਜ ਇਥੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਨੂੰ ਸਿੱਖ ਸਦਭਾਵਨਾ ਦਲ ਮੋਗਾ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਇਕ ਮੰਗ-ਪੱਤਰ ਭੇਜ ਕੇ ਮੁਡ਼ ਇਸ ਮਾਮਲੇ ’ਤੇ ਨਜ਼ਰਸ਼ਾਨੀ ਦੀ ਅਪੀਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਬਾਜੇਕੇ ਦੀ ਅਗਵਾਈ ਹੇਠ ਸਿੱਖ ਸਦਭਾਵਨਾ ਦਲ ਦੇ ਆਗੂਆਂ ਨੇ ਐੱਸ. ਡੀ. ਐੱਮ. ਮੋਗਾ ਗੁਰਵਿੰਦਰ ਸਿੰਘ ਜੌਹਲ ਨੂੰ ਇਹ ਮੰਗ-ਪੱਤਰ ਸੌਂਪਿਆ। ਪ੍ਰਧਾਨ ਬਾਜੇਕੇ ਨੇ ਕਿਹਾ ਕਿ ਇਹ ਮਾਮਲਾ ਸਿੱਧਾ ਸਿੱਖ ਪੰਥ ਦੀਆਂ ਧਾਰਮਕ ਭਾਵਨਾਵਾਂ ਨਾਲ ਜੁਡ਼ਿਆ ਹੋਇਆ ਹੈ ਕਿਉਂਕਿ ਬਹਿਬਲ ਕਲਾਂ ਗੋਲੀ ਕਾਂਡ ’ਚ ਦੋ ਸਿੱਖ ਸ਼ਹੀਦ ਹੋ ਗਏ ਸਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਅਤੇ ਕਰਵਾਉਣ ਵਾਲੇ ਦੋਸ਼ੀਆਂ ਨੂੰ ਲੱਭਣ ’ਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਟੀਮ ਕੰਮ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਇਸ ਮਾਮਲੇ ’ਤੇ ਮੁਡ਼ ਨਜ਼ਰਸ਼ਾਨੀ ਕੀਤੀ ਜਾਵੇ। ਇਸ ਮੌਕੇ ਦਵਿੰਦਰ ਸਿੰਘ, ਰਣਜੀਤ ਸਿੰਘ, ਰਾਜਿੰਦਰ ਸਿੰਘ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਦਲਿਤਾਂ ਦੇ ਮਾਣ-ਸਤਿਕਾਰ ਲਈ ਬਾਬਾ ਅੰਬੇਡਕਰ ਦਾ ਵੱਡਾ ਯੋਗਦਾਨ : ਹਰਜਿੰਦਰ ਸਿੰਘ
NEXT STORY