ਮੋਗਾ (ਕਸ਼ਿਸ਼): ਮੋਗਾ ਦੇ ਪਿੰਡ ਧੱਲੇਕੇ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿੰਡ ਦੇ ਰਹਿਣ ਵਾਲੇ ਗੁਰਦੀਪ ਸਿੰਘ ਨੇ ਅੱਜ ਸਵੇਰੇ .32 ਬੋਰ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਇਸ ਘਟਨਾ ਵਿਚ ਉਸ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ, ਕੁਝ ਦਿਨ ਪਹਿਲਾਂ ਗੁਰਦੀਪ ਸਿੰਘ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਕੁਝ ਅਣਪਛਾਤਿਆਂ ਵਿਅਕਤੀਆਂ ਵੱਲੋਂ ਉਸ ਦੀ ਜ਼ਮੀਨ ਵਿਚ ਲੱਗੀ ਫ਼ਸਲ ’ਤੇ ਕਥਿਤ ਤੌਰ ’ਤੇ ਸਪਰੇਅ ਕਰ ਦਿੱਤੀ ਗਈ ਸੀ, ਜਿਸ ਕਾਰਨ ਫ਼ਸਲ ਨੂੰ ਨੁਕਸਾਨ ਪਹੁੰਚਿਆ। ਇਸ ਤੋਂ ਇਲਾਵਾ ਖੇਤ ਵਿਚ ਲੱਗੀ ਮੋਟਰ ਨੂੰ ਵੀ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾਏ ਗਏ ਸਨ।
ਗੁਰਦੀਪ ਸਿੰਘ ਨੇ ਲਿਖਤੀ ਸ਼ਿਕਾਇਤ ਵਿਚ ਇਹ ਵੀ ਦੋਸ਼ ਲਗਾਇਆ ਸੀ ਕਿ ਇਹ ਸਾਰਾ ਕੰਮ ਕੈਨੇਡਾ ਵਿਚ ਰਹਿੰਦੇ ਜੋਗਿੰਦਰ ਸਿੰਘ ਵੱਲੋਂ ਆਪਣੇ ਬੰਦਿਆਂ ਰਾਹੀਂ ਕਰਵਾਇਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਗੁਰਦੀਪ ਸਿੰਘ ਵੱਲੋਂ ਥਾਣਾ ਕੋਟ ਈਸੇ ਖਾਂ ਵਿਖੇ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ।
ਪਰਿਵਾਰ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਗੁਰਦੀਪ ਸਿੰਘ ਨੂੰ ਕਥਿਤ ਤੌਰ ’ਤੇ NRI ਜੋਗਿੰਦਰ ਸਿੰਘ ਵੱਲੋਂ ਫੋਨ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਜਿਸ ਕਾਰਨ ਕਾਫੀ ਦਿਨਾਂ ਤੋਂ ਗੁਰਦੀਪ ਸਿੰਘ ਤੰਗ ਪ੍ਰੇਸ਼ਾਨ ਰਹਿੰਦਾ ਸੀ। ਅੱਜ ਸਵੇਰੇ ਵਾਪਰੀ ਇਸ ਘਟਨਾ ਤੋਂ ਬਾਅਦ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਖੁਦਕੁਸ਼ੀ ਦੇ ਕਾਰਨਾਂ ਅਤੇ ਧਮਕੀਆਂ ਸਬੰਧੀ ਦੋਸ਼ਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
NEXT STORY