ਮੋਗਾ (ਕਸ਼ਿਸ਼) : ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਗਲਤ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਬੱਧਨੀ ਕਲਾਂ ਦੇ ਮੁਖੀ ਪ੍ਰੀਤਮ ਸਿੰਘ ਨੇ ਗਸ਼ਤ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਕਿਲੋ ਹੈਰੋਇਨ ਤੋਂ ਇਲਾਵਾ ਦੋ ਦੇਸੀ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐੱਸ.ਪੀ.ਆਈ. ਅਜੈ ਰਾਜ ਸਿੰਘ ਨੇ ਦੱਸਿਆ ਕਿ ਥਾਣਾ ਬੱਧਨੀ ਕਲਾਂ ਦੇ ਮੁਖੀ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਜਦੋਂ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਆਪਣੀ ਪਛਾਣ ਡਿਪਟੀ ਸਿੰਘ ਵਾਸੀ ਪਿੰਡ ਸੰਘਾ ਅਤੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਵਾਸੀ ਪਿੰਡ ਦਦੇਹਰ ਸਾਹਿਬ, ਤਰਨਤਾਰਨ ਵਜੋਂ ਦੱਸੀ।
ਪੁਲਸ ਪਾਰਟੀ ਨੇ ਕਥਿਤ ਦੋਸ਼ੀਆਂ ਕੋਲੋਂ ਇਕ ਕਿਲੋ ਹੈਰੋਇਨ ਤੋਂ ਇਲਾਵਾ ਦੋ ਦੇਸੀ ਪਿਸਤੌਲ, ਜਿਨ੍ਹਾਂ ਵਿਚ ਇਕ 30 ਬੋਰ ਗਲੌਕ ਅਤੇ ਇਕ 32 ਬੋਰ ਪਿਸਤੌਲ, ਦੋ ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਸਬੰਧੀ ਥਾਣਾ ਬੱਧਨੀ ਕਲਾਂ ਵਿਚ ਐੱਨ.ਡੀ.ਪੀ.ਐੱਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ।
ਮਾਮਲੇ ਦੀ ਜਾਂਚ ਕਰ ਰਹੇ ਥਾਣਾ ਬੱਧਨੀ ਕਲਾਂ ਦੇ ਮੁਖੀ ਪ੍ਰੀਤਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਦੇ ਨਿਰਦੇਸ਼ਾਂ ਤਹਿਤ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਸਬੰਧੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
NEXT STORY