ਐੱਸ. ਏ. ਐੱਸ. ਨਗਰ (ਪਰਦੀਪ) : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੋਹਾਲੀ ਸ਼ਹਿਰ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਦਾ ਧੁਰਾ ਬਣ ਚੁੱਕਿਆ ਹੈ। ਸ਼ਹਿਰ ’ਚ ਜਿੱਥੇ ਮਿਆਰੀ ਪ੍ਰਾਈਵੇਟ ਹਸਪਤਾਲ ਹਨ, ਉੱਥੇ ਸਰਕਾਰੀ ਹਸਪਤਾਲਾਂ ’ਚ ਵੀ ਸਾਰੀਆਂ ਇਲਾਜ ਅਤੇ ਲੈਬਾਰਟਰੀ ਸਹੂਲਤਾਂ ਮਿਲ ਰਹੀਆਂ ਹਨ। ਅਜੇ ਕੱਲ੍ਹ ਹੀ ਮੋਹਾਲੀ ਦੇ ਸਿਵਲ ਹਸਪਤਾਲ ’ਚ ਰੇਡੀਓਲੋਜੀ ਡਾਇਗਨੋਸਟਿਕ ਅਤੇ ਲੈਬਾਰਟਰੀ ਡਾਇਗਨੋਸਟਿਕ ਸੇਵਾਵਾਂ ਦੀ ਸ਼ੁਰੂਆਤ ਹੋਈ ਹੈ, ਜਿਸ ’ਚ ਲੈਬਾਰਟਰੀ, ਐੱਮ. ਆਰ. ਆਈ., ਸੀ. ਟੀ. ਸਕੈਨ ਅਤੇ ਹੋਰ ਸੇਵਾਵਾਂ ਪ੍ਰਾਈਵੇਟ ਹਸਪਤਾਲਾਂ ਦੇ ਮੁਕਾਬਲੇ 70 ਫੀਸਦੀ ਘੱਟ ਕੀਮਤਾਂ ’ਤੇ ਮਿਲਣਗੀਆਂ। ਹਲਕੇ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਚੈੱਕ ਵੰਡਣ ਮੌਕੇ ਸਿੱਧੂ ਨੇ ਕਿਹਾ ਕਿ ਮੋਹਾਲੀ ਦੇ ਪਿੰਡਾਂ ’ਚ ਵੀ ਮਿਆਰੀ ਸਿਹਤ ਸੇਵਾਵਾਂ ਦੇ ਨਾਲ-ਨਾਲ ਹੋਰ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਵਿਅਕਤੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਗਿਆ ਹੈ। ਹਲਕੇ ਦੇ ਪਿੰਡਾਂ ਵਿੱਚ ਕਮਿਊਨਿਟੀ ਹੈਲਥ ਸੈਂਟਰ, ਹੈਲਥ ਐਂਡ ਵੈਲਨੈੱਸ ਸੈਂਟਰ ਨਵੇਂ ਖੋਲ੍ਹਣ ਤੋਂ ਇਲਾਵਾ ਪੁਰਾਣੀਆਂ ਡਿਸਪੈਂਸਰੀਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵਿੱਚ ਡਾਕਟਰਾਂ ਤੇ ਹੋਰ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੇ ਹਸਪਤਾਲਾਂ ਵਿੱਚ ਸਟਾਫ਼ ਦੀ ਕਮੀ ਨੂੰ ਦੂਰ ਕਰਨ ਲਈ ਵੱਡੇ ਪੱਧਰ ਉਤੇ ਡਾਕਟਰਾਂ, ਨਰਸਾਂ ਅਤੇ ਤਕਨੀਸ਼ੀਅਨਾਂ ਦੀ ਭਰਤੀ ਕੀਤੀ ਗਈ ਅਤੇ ਹੁਣ ਵੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਤਾਂ ਜੋ ਸੂਬੇ ਦਾ ਕੋਈ ਵੀ ਹਸਪਤਾਲ ਸਟਾਫ਼ ਦੀ ਘਾਟ ਦਾ ਸਾਹਮਣਾ ਨਾ ਕਰੇ।
ਇਹ ਵੀ ਪੜ੍ਹੋ : ਵਿਧਾਨ ਸਭਾ ਦਾ ਲੰਬਿਤ ਪਿਆ ਮਾਨਸੂਨ ਇਜਲਾਸ ਤੁਰੰਤ ਸੱਦੇ ਸਰਕਾਰ : ਹਰਪਾਲ ਸਿੰਘ ਚੀਮਾ
ਕੈਬਨਿਟ ਮੰਤਰੀ ਨੇ ਅੱਜ ਆਪਣੇ ਦੌਰੇ ਦੀ ਸ਼ੁਰੂਆਤ ਪਿੰਡ ਬਰਿਆਲੀ ਤੋਂ ਕੀਤੀ, ਜਿੱਥੇ ਉਨ੍ਹਾਂ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਪੰਚਾਇਤ ਨੂੰ ਫਿਰਨੀ ਤੇ ਸਟਰੀਟ ਲਾਇਟਾਂ ਦੇ ਕੰਮ ਲਈ 1 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ। ਪਿੰਡ ਰਾਏਪੁਰ ਵਿੱਚ ਵਿੱਚ ਸਿੱਧੂ ਨੇ ਸ਼ਮਸ਼ਾਨਘਾਟ ਲਈ 7 ਲੱਖ ਰੁਪਏ ਅਤੇ ਗਲੀਆਂ ਨਾਲੀਆਂ ਦੀ ਉਸਾਰੀ ਲਈ 2 ਲੱਖ ਰੁਪਏ ਦਾ ਚੈੱਕ ਸੌਂਪਿਆ। ਪਿੰਡ ਬੱਲੋਮਾਜਰਾ ’ਚ ਉਨ੍ਹਾਂ ਕਬਰਿਸਤਾਨ ਦੀ ਚਾਰਦੀਵਾਰੀ ਲਈ 7 ਲੱਖ ਰੁਪਏ ਅਤੇ ਗਲੀਆਂ ਨਾਲੀਆਂ ਲਈ 8 ਲੱਖ ਰੁਪਏ ਦੇ ਚੈੱਕ ਦਿੱਤੇ। ਇਸ ਮਗਰੋਂ ਉਨ੍ਹਾਂ ਪਿੰਡ ਬੜ੍ਹਮਾਜਰਾ ਵਿਖੇ ਪਹੁੰਚ ਕੇ ਇਸ ਪਿੰਡ ਦੀਆਂ ਗਲੀਆਂ ਨਾਲੀਆਂ ਲਈ 8 ਲੱਖ ਅਤੇ ਸਟਰੀਟ ਲਾਈਟਾਂ ਲਈ 3 ਲੱਖ ਰੁਪਏ ਦੇ ਚੈੱਕ ਪੰਚਾਇਤ ਨੂੰ ਦਿੱਤੇ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਜਸਵਿੰਦਰ ਕੌਰ, ਠੇਕੇਦਾਰ ਮੋਹਨ ਸਿੰਘ ਬਠਲਾਣਾ ਵਾਈਸ ਚੇਅਰਮੈਨ ਲੇਬਰਫੈੱਡ ਪੰਜਾਬ, ਮਨਜੀਤ ਸਿੰਘ ਤੰਗੌਰੀ ਵਾਈਸ ਚੇਅਰਮੈਨ ਪੰਚਾਇਤ ਸਮਿਤੀ ਖਰੜ ਅਤੇ ਗੁਰਦੇਵ ਸਾਬਕਾ ਸਰਪੰਚ ਬੜ੍ਹਮਾਜਰਾ ਸਮੇਤ ਪਿੰਡਾਂ ਦੇ ਲੋਕ ਵੱਡੀ ਗਿਣਤੀ ’ਚ ਹਾਜ਼ਰ ਸਨ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐੱਨ. ਏ. ਬੀ. ਐੱਚ. ਵਲੋਂ ਮਿਲੀ ਮਾਨਤਾ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਸ਼ੇਰਸ਼ਾਹ ਸੂਰੀ ਮਾਰਗ ਦਾ ਨਾਂ ਬਦਲ ਕੇ ਗੁਰੂ ਤੇਗ਼ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ : ਚੀਮਾ
NEXT STORY