ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਐਡਵੋਕੇਟ ਅਨੁਰਾਗ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਲਈ ਕੇਂਦਰ ਸਰਕਾਰ ਵਲੋਂ ਇੱਕ ਵੱਡਾ ਤੋਹਫ਼ਾ ਸਾਹਮਣੇ ਆਇਆ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੀਆਂ ਲਗਾਤਾਰ ਕੀਤੀਆਂ ਸਿਰਤੋੜ ਕੋਸ਼ਿਸ਼ਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸ਼ਹਿਰ ਵਾਸੀਆਂ ਦੀ ਸੁੱਖ-ਸਹੂਲਤ ਨੂੰ ਮੁੱਖ ਰੱਖਦਿਆਂ ਰੇਲਵੇ ਵਿਭਾਗ ਵੱਲੋਂ ਜਲਦ ਹੀ ਦੋ ਨਵੀਆਂ ਰੇਲ ਸੇਵਾਵਾਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।
ਇਨ੍ਹਾਂ ਦੋ ਪ੍ਰਮੁੱਖ ਰੂਟਾਂ 'ਤੇ ਚੱਲਣਗੀਆਂ ਨਵੀਆਂ ਟ੍ਰੇਨਾਂ
ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕੇ ਜਾ ਰਹੇ ਇਹ ਦੋਵੇਂ ਰੇਲ ਰੂਟ ਖੇਤਰ ਦੇ ਵਿਕਾਸ ਅਤੇ ਲੋਕਾਂ ਦੀ ਆਵਾਜਾਈ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਣਗੇ।
1. ਫਾਜ਼ਿਲਕਾ ਤੋਂ ਹਰਿਦੁਆਰ (ਵਾਇਆ ਅੰਬਾਲਾ): ਇਸ ਟ੍ਰੇਨ ਦੇ ਸ਼ੁਰੂ ਹੋਣ ਨਾਲ ਹਰਿਦੁਆਰ, ਰਿਸ਼ੀਕੇਸ਼ ਅਤੇ ਉੱਤਰਾਖੰਡ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਅਤੇ ਆਮ ਮੁਸਾਫ਼ਰਾਂ ਨੂੰ ਸਿੱਧੀ ਅਤੇ ਸੁਖਾਲੀ ਸਹੂਲਤ ਮਿਲੇਗੀ।
2. ਫਾਜ਼ਿਲਕਾ ਤੋਂ ਨਵੀਂ ਦਿੱਲੀ (ਵਾਇਆ ਮਾਨਸਾ-ਰੋਹਤਕ): ਦੇਸ਼ ਦੀ ਰਾਜਧਾਨੀ ਦਿੱਲੀ ਜਾਣ ਵਾਲੇ ਵਪਾਰੀਆਂ, ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਲੋਕਾਂ ਲਈ ਇਹ ਟ੍ਰੇਨ ਇੱਕ ਵਰਦਾਨ ਸਾਬਤ ਹੋਵੇਗੀ। ਹੁਣ ਦਿੱਲੀ ਤੱਕ ਦਾ ਸਫ਼ਰ ਹੋਰ ਵੀ ਸੁਖਾਲਾ ਅਤੇ ਸਮੇਂ ਦੀ ਬੱਚਤ ਵਾਲਾ ਬਣ ਜਾਵੇਗਾ।
ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਮੁਲਾਕਾਤ ਰੰਗ ਲਿਆਈ
ਐਡਵੋਕੇਟ ਅਨੁਰਾਗ ਸ਼ਰਮਾ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ 40 ਮੁਕਤਿਆਂ ਦੀ ਪਵਿੱਤਰ ਧਰਤੀ ਹੈ, ਜਿੱਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਅਤੇ ਆਮ ਲੋਕ ਆਉਂਦੇ-ਜਾਂਦੇ ਹਨ। ਇੱਥੋਂ ਰੇਲ ਗੱਡੀਆਂ ਦੀ ਗਿਣਤੀ ਵਧਾਉਣਾ ਸਮੇਂ ਦੀ ਮੁੱਖ ਲੋੜ ਸੀ। ਇਸੇ ਮੰਗ ਨੂੰ ਲੈ ਕੇ ਪਿਛਲੇ ਦਿਨੀਂ ਭਾਜਪਾ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਦੇ ਨਾਲ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਨਵ ਨਾਲ ਖ਼ਾਸ ਮੁਲਾਕਾਤ ਕੀਤੀ ਸੀ ਅਤੇ ਇਲਾਕੇ ਦੀਆਂ ਲੋੜਾਂ ਨੂੰ ਪੁਰਜ਼ੋਰ ਢੰਗ ਨਾਲ ਚੁੱਕਿਆ ਸੀ। ਰੇਲ ਮੰਤਰੀ ਨੇ ਮੰਗਾਂ 'ਤੇ ਗੰਭੀਰਤਾ ਦਿਖਾਉਂਦਿਆਂ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਰੇਲਵੇ ਵਿਭਾਗ ਨੇ ਆਧਿਕਾਰਿਕ ਪੱਤਰ ਜਾਰੀ ਕਰਕੇ ਇਨ੍ਹਾਂ ਰੇਲ ਸੇਵਾਵਾਂ ਦੀ ਪੁਸ਼ਟੀ ਕਰ ਦਿੱਤੀ ਹੈ।
ਨਵੀਨੀਕਰਨ ਤੋਂ ਬਾਅਦ ਹੁਣ ਮਿਲੇਗੀ ਸਫ਼ਰ ਦੀ ਵੱਡੀ ਸਹੂਲਤ
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਦੀ ਨੁਹਾਰ ਬਦਲਣ (ਕਾਇਆ-ਕਲਪ) ਲਈ ਪਹਿਲਾਂ ਹੀ ਅਹਿਮ ਕਦਮ ਚੁੱਕੇ ਜਾ ਚੁੱਕੇ ਹਨ। ਸਟੇਸ਼ਨ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਤੋਂ ਬਾਅਦ ਹੁਣ ਨਵੀਆਂ ਟ੍ਰੇਨਾਂ ਦੀ ਆਮਦ ਨਾਲ ਮੁਕਤਸਰ ਸਮੇਤ ਆਸ-ਪਾਸ ਦੇ ਪਿੰਡਾਂ ਅਤੇ ਕਸਬਿਆਂ ਦੇ ਲੋਕਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ 'ਤੇ ਵੱਡਾ ਲਾਭ ਹੋਵੇਗਾ। ਭੰਗੇਵਾਲਾ ਨੇ ਵਿਸ਼ਵਾਸ ਦੁਆਇਆ ਹੈ ਕਿ ਉਹ ਭਵਿੱਖ ਵਿੱਚ ਵੀ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ, ਆਵਾਜਾਈ ਦੇ ਸਾਧਨਾਂ ਨੂੰ ਬਿਹਤਰ ਬਣਾਉਣ ਅਤੇ ਇਲਾਕੇ ਦੇ ਲੋਕਾਂ ਦੀਆਂ ਮੁੱਖ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਦਿਨ-ਰਾਤ ਯਤਨਸ਼ੀਲ ਰਹਿਣਗੇ।
ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ
NEXT STORY