ਲੁਧਿਆਣਾ (ਨਰਿੰਦਰ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਖ਼ਿਲਾਫ਼ ਜਿੱਥੇ ਪੰਜਾਬ ਦੇ ਕਿਸਾਨ ਸੜਕਾਂ 'ਤੇ ਉਤਰਦੇ ਹੋਏ ਆਰ-ਪਾਰ ਦੀ ਲੜਾਈ ਲੜ ਰਹੇ ਹਨ, ਉੱਥੇ ਹੀ ਮੁਸਲਿਮ ਭਾਈਚਾਰੇ ਵੱਲੋਂ ਵੀ ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਲੁਧਿਆਣਾ ਦੇ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਵੱਲੋਂ ਜਿੱਥੇ ਕਿਸਾਨਾਂ ਦੇ ਸਮਰਥਨ ਦਾ ਐਲਾਨ ਕੀਤਾ ਗਿਆ, ਉੱਥੇ ਹੀ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਹਾ ਗਿਆ ਕਿ ਇਹ ਖੇਤੀ ਬਿੱਲ ਕਿਸਾਨ ਵਿਰੋਧੀ ਹੈ ਅਤੇ ਇਸ ਨਾਲ ਕਿਸਾਨ ਮਜ਼ਦੂਰ ਬਣ ਜਾਵੇਗਾ।
ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਸੜਕਾਂ 'ਤੇ ਹੈ ਅਤੇ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅਜਿਹਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ, ਜੇਕਰ ਇਹ ਟੁੱਟ ਗਿਆ ਤਾਂ ਦੇਸ਼ ਤਬਾਹ ਹੋ ਜਾਵੇਗਾ। ਸ਼ਾਹੀ ਇਮਾਮ ਨੇ ਕਿਹਾ ਕਿ ਖ਼ਾਸ ਕਰਕੇ ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ ਅਤੇ ਹੁਣ ਮੋਦੀ ਸਰਕਾਰ ਕਿਸਾਨਾਂ ਨੂੰ ਹੀ ਖਤਮ ਕਰਨ ਦੀ ਫਿਰਾਕ 'ਚ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਉਹ ਕਿਸਾਨਾਂ ਦੇ ਨਾਲ ਹਨ ਅਤੇ ਜਿੱਥੇ ਵੀ ਜਾ ਕੇ ਸੰਘਰਸ਼ ਕਰਨ ਦੀ ਲੋੜ ਹੈ, ਉਹ ਕਿਸਾਨਾਂ ਦੇ ਨਾਲ ਖੜ੍ਹਣਗੇ। ਉਨ੍ਹਾਂ ਕਿਹਾ ਕਿ ਭਾਵੇਂ ਲੋਕ ਸਭਾ ਅਤੇ ਰਾਜ ਸਭਾ ਦੇ 'ਚ ਇਹ ਬਿਲ ਪਾਸ ਹੋ ਗਿਆ ਪਰ ਇਸ ਦੇ ਬਾਵਜੂਦ ਉਹ ਇਸ ਦਾ ਵਿਰੋਧ ਕਰਨਗੇ ਤਾਂ ਜੋ ਸਰਕਾਰ ਇਸ ਨੂੰ ਵਾਪਸ ਲੈਣ ਲਈ ਮਜਬੂਰ ਹੋ ਜਾਵੇ।
ਖੇਤੀ ਬਿੱਲ ਦਾ ਪ੍ਰਭਾਵ: ਕੇਂਦਰ ਵੱਲੋਂ ਕਣਕ ਭੰਡਾਰਣ ਲਈ ਸਿਲੋਸ ਪ੍ਰਾਜੈਕਟ ਨੂੰ ਦੇਸ਼ 'ਚ ਲਾਗੂ ਕਰਨ ਦੀ ਤਿਆਰੀ
NEXT STORY