ਅੰਮ੍ਰਿਤਸਰ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ’ਤੇ ਆਧਾਰਿਤ ਹੈ। ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਉੱਘੀ ਸ਼ਖਸੀਅਤ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਅਤੇ ਸਿੱਖ ਸ਼ਰਧਾਲੂ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਨਾਂ ਪੰਜ ਚੇਅਰਾਂ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸਿੱਖਿਆ ਨੂੰ ਚੰਗੀ ਜੀਵਨ-ਜਾਚ ਲਈ ਬਹੁਤ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਗਰੀਬੀ ਤੋਂ ਛੁਟਕਾਰਾ ਪਾਉਣਾ ਸੰਭਵ ਨਹੀਂ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੁਫਤ ਸਿੱਖਿਆ ਦੀ ਬਜਾਏ ਮਿਆਰੀ ਅਤੇ ਸਸਤੀ ਸਿੱਖਿਆ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਬੱਤ ਦੀ ਭਲਾਈ ਵਾਲਾ ਸੂਬਾ ਹੈ ਅਤੇ ਮਿਆਰੀ ਸਿੱਖਿਆ ਤੇ ਸਿਹਤ ਤੱਕ ਸਾਰਿਆਂ ਦੀ ਬਰਾਬਰ ਪਹੁੰਚ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਤੇ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਹੈ ਕਿ ਸਮਾਜ ਦੇ ਹਰ ਵਰਗ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਜੀਵਨ ’ਚ ਸਫਲਤਾ ਦੇ ਮੁਕਾਮ ਹਾਸਲ ਕਰਨ ਦਾ ਮੌਕਾ ਮਿਲੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪਹੁੰਚੇ CM ਚੰਨੀ ਨੇ ਵਪਾਰੀਆਂ ਲਈ ਕੀਤੇ ਵੱਡੇ ਐਲਾਨ, ਪਾਕਿ ਨਾਲ ਵਪਾਰ ਖੋਲ੍ਹਣ ਦੀ ਕੀਤੀ ਮੰਗ
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਦੀ ਢੁੱਕਵੀਂ ਮਦਦ ਕਰਨ ਦੇ ਉਦੇਸ਼ ਪ੍ਰਤੀ ਪੂਰਨ ਤੌਰ ਉੱਤੇ ਵਚਨਬੱਧ ਹੈ। ਸਿਲੇਬਸ ’ਚ ਲੋੜੀਂਦੀਆਂ ਸੋਧਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਸਮਾਜ ਦੀਆਂ ਮੌਜੂਦਾ ਜ਼ਰੂਰਤਾਂ ਮੁਤਾਬਕ ਢਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਯੂਨੀਵਰਸਿਟੀਆਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸੰਸਥਾਵਾਂ ਉਚੇਰੀ ਸਿੱਖਿਆ ਦੇ ਮੰਦਰ ਹਨ ਤੇ ਇਸ ਲਈ ਫੀਸ ਢਾਂਚੇ ਨੂੰ ਤਰਕਸੰਗਤ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਿੱਖਿਆ ਨੂੰ ਸਾਰਿਆਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਯੂਨੀਵਰਸਿਟੀਆਂ ਨੂੰ ਵਿੱਤੀ ਸੰਕਟ ’ਚੋਂ ਕੱਢਣ ਲਈ ਪਹਿਲਾਂ ਹੀ ਲੋੜੀਂਦੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵੱਡੀ ਰਾਸ਼ੀ ਦੇ ਰੂਪ ਵਿਚ ਗਰਾਂਟ ਦਿੱਤੀ ਜਾ ਚੁੱਕੀ ਹੈ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੀ ਮਦਦ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੱਖ-ਵੱਖ ਕੋਰਸਾਂ ਦੀਆਂ ਫੀਸਾਂ ਘਟਾਉਣ ਲਈ ਵੀ ਢੁੱਕਵੀਂ ਯੋਜਨਾ ਉਲੀਕਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਡਾ. ਬੀ. ਆਰ. ਅੰਬੇਡਕਰ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਨਾਂ ’ਤੇ ਸਥਾਪਿਤ ਕੀਤੀਆਂ ਚੇਅਰਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਮਹਾਨ ਜੀਵਨ ਅਤੇ ਫਲਸਫੇ ਦੇ ਪਾਸਾਰ ਲਈ ਸਹਾਈ ਸਿੱਧ ਹੋਣਗੀਆਂ।
ਇਹ ਵੀ ਪੜ੍ਹੋ : ਵਿਗਿਆਨੀ ਬਣਾ ਰਹੇ ਅਜਿਹਾ ਚੂਇੰਗਮ, ਜੋ ਘਟਾ ਸਕਦੈ ਕੋਰੋਨਾ
ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਡਾ. ਬੀ. ਆਰ. ਅੰਬੇਦਕਰ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਬਾਰੇ ਵਿਆਪਕ ਰੂਪ ਵਿਚ ਖੋਜ ਕਾਰਜ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਲਈ ਚਾਨਣ ਮੁਨਾਰੇ ਵਜੋਂ ਰਾਹ ਦਿਖਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਨਾਲ ਸ਼ਾਂਤਮਈ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਯੂਨੀਵਰਸਿਟੀ ਕੈਂਪਸ ’ਚ ਸੰਗੀਤ ਅਕੈਡਮੀ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ’ਚ ਇਹ ਚੇਅਰਾਂ ਸਥਾਪਿਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਚੇਅਰਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਮਹਾਨ ਅਤੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨਗੀਆਂ। ਸਿੱਧੂ ਨੇ ਕਿਹਾ ਕਿ ਇਹ ਚੇਅਰਾਂ ਸਿਰਫ਼ ਨਾਂ ਦੀਆਂ ਚੇਅਰਾਂ ਨਹੀਂ ਹਨ, ਸਗੋਂ ਇਹ ਆਪਣੇ-ਆਪ ’ਚ ਸੰਸਥਾਵਾਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਪਾਰਟੀ ਆਲ੍ਹਾ ਕਮਾਨ ਦੀ ਵੀ ਸ਼ਲਾਘਾ ਕੀਤੀ ਕਿਉਂਕਿ ਇਸ ਪਾਰਟੀ ਨੇ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਅਨੁਸੂਚਿਤ ਜਾਤੀ ਨਾਲ ਸਬੰਧਤ ਪਹਿਲਾ ਮੁੱਖ ਮੰਤਰੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਇਨਕਲਾਬੀ ਕਦਮ ਹੈ, ਜੋ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਵੱਲੋਂ ਸਮਾਜਵਾਦ ਦੇ ਟੀਚੇ ਨੂੰ ਸਹੀ ਅਰਥਾਂ ’ਚ ਪ੍ਰਾਪਤ ਕਰਨ ਲਈ ਤਿਆਰ ਕੀਤੇ ਗਏ ਸੰਵਿਧਾਨ ਦੇ ਅਨੁਕੂਲ ਹੈ।
ਸਿੱਧੂ ਨੇ ਕਿਹਾ ਕਿ ਜੇਕਰ ਸਾਰਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਪੰਜਾਬ ਸਫਲਤਾ ਦੀ ਨਵੀਂ ਇਬਾਰਤ ਲਿਖੇਗਾ। ਆਪਣੇ ਸੰਬੋਧਨ ’ਚ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰੀਬਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਗਰੀਬਾਂ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ ਕੀਤੇ ਗਏ ਹਨ, ਜਿਸ ਨਾਲ ਗਰੀਬ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਡਾ. ਐੱਚ. ਕੇ. ਪੁਰੀ ਨੇ ਡਾ. ਬੀ. ਆਰ. ਅੰਬੇਡਕਰ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਅਹਿਮ ਤਕਰੀਰ ਕੀਤੀ। ਡਾ. ਅਮਰਜੀਤ ਸਿੰਘ ਨੇ ਭਾਈ ਜੈਤਾ ਜੀ ਅਤੇ ਸੰਤ ਕਬੀਰ ਜੀ ਦੇ ਜੀਵਨ ਅਤੇ ਯੋਗਦਾਨ ’ਤੇ ਚਾਨਣਾ ਪਾਇਆ | ਡਾ. ਸਰਬਜਿੰਦਰ ਸਿੰਘ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਇਤਿਹਾਸਕ ਤੱਥ ਪੇਸ਼ ਕੀਤੇ ਅਤੇ ਡਾ. ਸੁਧਾ ਜਤਿੰਦਰ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ। ਇਸ ਮੌਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਲੋਕ ਸਭਾ ਮੈਂਬਰ ਗੁਰਜੀਤ ਔਜਲਾ ਤੇ ਮੁਹੰਮਦ ਸਦੀਕ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਇੰਦਰਬੀਰ ਬੁਲਾਰੀਆ, ਫਤਿਹਜੰਗ ਸਿੰਘ ਬਾਜਵਾ, ਗੁਰਪ੍ਰਤਾਪ ਸਿੰਘ ਅਜਨਾਲਾ, ਬਲਵਿੰਦਰ ਸਿੰਘ ਲਾਡੀ, ਤਰਸੇਮ ਸਿੰਘ ਡੀ. ਸੀ. ਤੋਂ ਇਲਾਵਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਤੇ ਹੋਰ ਵੀ ਹਾਜ਼ਰ ਸਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਧਰਮ ਨਾਲ ਸਿੱਖਿਆ ਨੂੰ ਵੀ ਪ੍ਰਫੁਲਿਤ ਕਰਾਂਗੇ : ਐਡਵੋਕੇਟ ਧਾਮੀ
NEXT STORY