ਅੰਮ੍ਰਿਤਸਰ (ਦੀਪਕ/ ਬਿਊਰੋ) - ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 548ਵਾਂ ਪ੍ਰਕਾਸ਼ ਪੁਰਬ 4 ਨਵੰਬਰ ਨੂੰ ਸੰਸਾਰ ਭਰ ਵਿਚ ਸ਼ਰਧਾ-ਭਾਵਨਾ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੀਸ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਜਾ ਕੇ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾਵੱਸ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਕੂਲੀ ਬੈਂਡ, ਸਿੰਘ ਸਭਾਵਾਂ, ਟਕਸਾਲਾਂ, ਧਾਰਮਿਕ ਸਭਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਗਤਕਾ ਪਾਰਟੀਆਂ ਤੇ ਬੈਂਡ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।
ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਵਿੰਦਰ ਸਿੰਘ ਸੱਭਰਵਾਲ, ਰਾਮਪਾਲ ਸਿੰਘ ਬਹਿਣੀਵਾਲ, ਅਜਾਇਬ ਸਿੰਘ ਅਭਿਆਸੀ, ਕਰਮਬੀਰ ਸਿੰਘ ਤੇ ਵੱਡੀ ਗਿਣਤੀ ਵਿਚ ਦੂਰ-ਦੁਰੇਡੇ ਤੋਂ ਪੁੱਜੀਆਂ ਸੰਗਤਾਂ ਹਾਜ਼ਰ ਸਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਹਰ ਪਾਸੇ ਰੌਣਕਾਂ, ਸਜਾਏ ਗਏ ਨਗਰ ਕੀਰਤਨ (ਤਸਵੀਰਾਂ)
NEXT STORY