ਜਗਰਾਓਂ (ਮਾਲਵਾ): ਪਿੰਡ ਹਲਵਾਰਾ ਵਿਚ ਧਾਰਮਿਕ ਸਮਾਗਮ ਦੌਰਾਨ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਕੱਢੇ ਜਾ ਰਹੇ ਨਗਰ ਕੀਰਤਨ ਦੌਰਾਨ ਪਿੰਡ ਦੇ ਸਰਪੰਚ ਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਹਲਵਾਰਾ ’ਤੇ ਹਮਲਾ ਕਰ ਦਿੱਤਾ ਗਿਆ। ਦੱਸਿਆ ਜਾਂਦਾ ਹੈ ਕਿ ਨਗਰ ਕੀਰਤਨ ਦੌਰਾਨ ਹੋਏ ਝਗੜੇ ਤੋਂ ਬਾਅਦ ਕੁਝ ਨੌਜਵਾਨਾਂ ਵਲੋਂ ਸਰਪੰਚ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਵਿਚ ਉਨ੍ਹਾਂ ਨੂੰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਪੱਗ ਵੀ ਉਤਾਰ ਦਿੱਤੀ ਗਈ।
ਹਮਲੇ ਤੋਂ ਬਾਅਦ ਜ਼ਖ਼ਮੀ ਸਰਪੰਚ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਣ ’ਤੇ ਡੀ. ਐੱਸ. ਪੀ. ਸ਼ਿਵ ਕਮਲ ਸਿੰਘ ਮੌਕੇ ’ਤੇ ਪੁੱਜੇ ਅਤੇ ਚਸ਼ਮਦੀਦਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਨਿਰਦੇਸ਼ਾਂ ’ਤੇ ਥਾਣਾ ਸੁਧਾਰ ਵਲੋਂ ਤੁਰੰਤ ਮਾਮਲਾ ਦਰਜ ਕਰ ਲਿਆ ਗਿਆ। ਪੁਲਸ ਨੂੰ ਦਿੱਤੇ ਬਿਆਨ ਵਿਚ ਸਰਪੰਚ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਉਸ ਨੇ ਸੁਖਦੇਵ ਸਿੰਘ ਉਰਫ ਸੁੱਖਾ ਨੂੰ ਸੋਸ਼ਲ ਮੀਡੀਆ ’ਤੇ ਕੀਤੀ ਜਾ ਰਹੀ ਗਾਲੀ-ਗਲੋਚ ਅਤੇ ਭੜਕਾਊ ਪ੍ਰਚਾਰਬਾਜ਼ੀ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਾਰਨ ਗੱਲ ਤਕਰਾਰ ਤਕ ਪਹੁੰਚ ਗਈ। ਦੋਸ਼ ਹੈ ਕਿ ਇਸ ਤੋਂ ਬਾਅਦ ਸੁਖਦੇਵ ਸਿੰਘ ਨੇ ਆਪਣੇ ਸਾਥੀਆਂ ਨੂੰ ਉਕਸਾਇਆ ਅਤੇ ਹਮਲਾ ਕਰਵਾ ਦਿੱਤਾ।
ਸਰਪੰਚ ਅਨੁਸਾਰ ਰਾਜਵੀਰ ਸਿੰਘ ਉਰਫ ਸੰਨੀ, ਰਾਜਵਿੰਦਰ ਸਿੰਘ ਉਰਫ ਗਗਨਾ (ਦੋਵੇਂ ਭਰਾ), ਵਿਸ਼ਾਲ, ਜੱਸਾ ਤੇ ਹੈਪੀ ਸਮੇਤ 12 ਤੋਂ ਵੱਧ ਅਣਪਛਾਤੇ ਵਿਅਕਤੀਆਂ ਨੇ ਲੋਹੇ ਦੀਆਂ ਰਾਡਾਂ ਅਤੇ ਡਾਂਗਾਂ ਨਾਲ ਉਸ ’ਤੇ ਹਮਲਾ ਕੀਤਾ। ਨਗਰ ਕੀਰਤਨ ਵਿਚ ਮੌਜੂਦ ਪਿੰਡ ਵਾਸੀਆਂ ਨੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਹਿੰਸਾ ਜਾਰੀ ਰੱਖੀ। ਸਰਪੰਚ ਨੇ ਇਹ ਵੀ ਦੋਸ਼ ਲਾਇਆ ਕਿ ਇਸ ਹਮਲੇ ਵਿਚ ਵਿਰੋਧੀ ਰਾਜਨੀਤਿਕ ਪੱਖ ਨਾਲ ਸਬੰਧਤ ਕੁਝ ਲੋਕਾਂ ਦੀ ਭੂਮਿਕਾ ਵੀ ਸਾਹਮਣੇ ਆ ਰਹੀ ਹੈ। ਥਾਣਾ ਸੁਧਾਰ ਦੇ ਮੁਖੀ ਗੁਰਦੀਪ ਸਿੰਘ ਨੇ ਦੱਸਿਆ ਕਿ ਸਰਪੰਚ ਦੀ ਸ਼ਿਕਾਇਤ ਦੇ ਆਧਾਰ ’ਤੇ 18 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
100 ਰੁਪਏ ਲਈ ਭਰਾ ਦਾ ਕਤਲ ਕਰਨ ਵਾਲੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ
NEXT STORY