ਅੰਮ੍ਰਿਤਸਰ(ਸਰਬਜੀਤ): ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ।
ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।
ਬੀਬੀ ਜਗੀਰ ਕੌਰ ਨੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਮਾਨਵਤਾ ਨੂੰ ਸੱਚ ਦੇ ਮਾਰਗ ’ਤੇ ਚੱਲਣ ਦਾ ਮਾਰਗ ਦਿਖਾਉਂਦੀ ਹੈ। ਗੁਰੂ ਸਾਹਿਬ ਜੀ ਦਾ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਉਪਦੇਸ਼ ਸਮੁੱਚੀ ਮਾਨਵਤਾ ਨੂੰ ਜੋੜਨ ਵਾਲਾ ਹੈ ਅਤੇ ਉਨ੍ਹਾਂ ਨੇ ਜਾਤਾਂ-ਪਾਤਾਂ ਤੋਂ ਉੱਪਰ ਉੱਠ ਕੇ ਮਨੁੱਖ ਨੂੰ ਇਕ ਅਕਾਲ ਪੁਰਖ ਨਾਲ ਜੁੜਨ ਦਾ ਰਾਹ ਦਿਖਾਇਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤ ਵਰਗ ਨੂੰ ਵੀ ਵਡਿਆਈ ਬਖ਼ਸ਼ੀ, ਜੋ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਇਕ ਕ੍ਰਾਂਤੀਕਾਰੀ ਫ਼ੈਸਲਾ ਸੀ। ਉਨ੍ਹਾਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਜਿੱਥੇ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ, ਉਥੇ ਹੀ ਆਪੋ-ਆਪਣੇ ਘਰਾਂ ਵਿਚ ਦੀਪਮਾਲਾ ਕਰਨ ਦੀ ਪ੍ਰੇਰਣਾ ਕੀਤੀ।
ਗੁ.ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤੇ ‘ਮੁੱਖ ਮੰਤਰੀ ਚੰਨੀ’, ਸੰਗਤਾਂ ਲਈ ਕੀਤਾ ਵੱਡਾ ਐਲਾਨ
NEXT STORY