ਚੰਡੀਗੜ੍ਹ (ਬਿੳੂਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਸਰਕਾਰ ਦਾ ਫੇਲ੍ਹ ਸਿੱਖਿਆ ਮਾਡਲ ਪੰਜਾਬੀਆਂ ਸਿਰ ਮੜ੍ਹਨ ਦੀ ਨਿਖੇਧੀ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਦੇ ਸਕੂਲਾਂ ਅਤੇ ਇਸ ਦੇ ਸਿੱਖਿਆ ਮਿਆਰਾਂ ਬਾਰੇ ਕੌਮੀ ਪ੍ਰਾਪਤੀਆਂ ਸਰਵੇਖਣ 2021 ਜਾਰੀ ਹੋਣ ਤੋਂ ਬਾਅਦ ਪੰਜਾਬ ਦੇ ਸਕੂਲਾਂ ਦਾ ਅਪਮਾਨ ਕਰਨਾ ਬੰਦ ਕਰਨ ਕਿਉਂਕਿ ਪੰਜਾਬ ਦੇ ਵਿਦਿਆਰਥੀ ਸਕੂਲ ਸਿੱਖਿਆ ਦੇ ਹਰ ਪੱਧਰ ’ਤੇ ਦਿੱਲੀ ਨਾਲੋਂ ਮੋਹਰੀ ਰਹੇ ਹਨ। ਇਥੇ ਜਾਰੀ ਕੀਤੇ ਇਕ ਬਿਆਨ ’ਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਪਤੀਆਂ ਲਈ ਵਧਾਈ ਦੇਣ ਅਤੇ ਉਨ੍ਹਾਂ ਦੀ ਬਦਨਾਮੀ ਕਰਨ ਲਈ ਉਨ੍ਹਾਂ ਤੋਂ ਮੁਆਫੀ ਮੰਗਣ।
ਇਹ ਵੀ ਪੜ੍ਹੋ : ਸ਼੍ਰੀ ਅਮਰਨਾਥ ਸ਼੍ਰਾਈਨ ਬੋਰਡ ਦੇ ਅਧਿਕਾਰੀਆਂ ਦੇ ਰਵੱਈਏ ਤੋਂ ਨਾਰਾਜ਼ ਲੰਗਰ ਕਮੇਟੀਆਂ ਨੇ ਦਿੱਤੀ ਇਹ ਚਿਤਾਵਨੀ
ਉਨ੍ਹਾਂ ਕਿਹਾ ਕਿ ਸਰਵੇਖਣ ’ਚ ਪੰਜਾਬ ਦੇ ਵਿਦਿਆਰਥੀਆਂ ਨੇ ਦਿੱਲੀ ਦੇ ਆਪਣੇ ਹਮਰੁਤਬਾ ਨਾਲੋਂ ਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਸਿਹਤ ਨਾਲੋਂ ਚੰਗਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਪੱਸ਼ਟ ਹੈ ਕਿ ਦਿੱਲੀ ਦੇ ਸਕੂਲ ਸਿੱਖਿਆ ਮਾਡਲ ਨੂੰ ‘ਆਪ’ ਨੇ ਪੰਜਾਬ ਦੇ ਨਾਲ-ਨਾਲ ਦੇਸ਼ ਵਿਚ ਸਿਰਫ ਪ੍ਰਾਪੇਗੰਡੇ ਵਾਸਤੇ ਵਰਤਿਆ ਜਦਕਿ ਇਹ ਪੂਰੀ ਤਰ੍ਹਾਂ ਫੇਲ੍ਹ ਸਿਸਟਮ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਇਹ ਮੰਨਣਾ ਚਾਹੀਦਾ ਹੈ ਅਤੇ ਪੰਜਾਬੀਆਂ ਸਿਰ ਦਿੱਲੀ ਮਾਡਲ ਮੜ੍ਹਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਇਸ ਤੋਂ ਇਲਾਵਾ ਮੌਜੂਦਾ ਪੰਜਾਬ ਮਾਡਲ, ਜਿਸ ਨੇ ਕੌਮੀ ਸਰਵੇਖਣ ’ਚ ਪੰਜਾਬ ਨੂੰ ਚੌਖਾ ਲਾਭ ਦਿੱਤਾ ਹੈ, ਨੂੰ ਮਜ਼ਬੂਤ ਕਰਨ ਵਾਸਤੇ ਕੰਮ ਕਰਨਾ ਚਾਹੀਦਾ ਹੈ। ਵੇਰਵੇ ਸਾਂਝੇ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਤੀਜੀ, ਪੰਜਵੀਂ, ਅੱਠਵੀਂ ਤੇ 10ਵੀਂ ਦੇ ਵਿਦਿਆਰਥੀਆਂ ਨੇ ਆਪਣੇ ਦਿੱਲੀ ਦੇ ਹਮਰੁਤਬਾ ਨਾਲੋਂ ਚੰਗਾ ਪ੍ਰਦਰਸ਼ਨ ਕੀਤਾ ਹੈ।
ਇਹ ਵੀ ਪੜ੍ਹੋ : ਦੁੱਧ ਉਤਪਾਦਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਮੁੜ ਵਧਾਈਆਂ ਖ਼ਰੀਦ ਕੀਮਤਾਂ
ਉਨ੍ਹਾਂ ਕਿਹਾ ਕਿ ਜਿਥੋਂ ਤੱਕ ਗਣਿਤ ਦਾ ਸਵਾਲ ਹੈ ਤਾਂ ਪੰਜਾਬ ਦੇ ਵਿਦਿਆਰਥੀ ਅੱਵਲ ਆਏ ਹਨ, ਸਮਾਜ ਵਿਗਿਆਨ ’ਚ ਦੂਜੇ ਸਥਾਨ ਅਤੇ ਅੰਗਰੇਜ਼ੀ ’ਚ ਤੀਜੇ ਸਥਾਨ ’ਤੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਸ ਪ੍ਰਾਪਤੀ ਨੁੂੰ ਆਧਾਰ ਬਣਾ ਕੇ ਸਿੱਖਿਆ ਦੇ ਹੋਰ ਪੱਧਰਾਂ ’ਚ ਸੁਧਾਰ ਲਿਆਉਣ ਵਾਸਤੇ ਲਘੂ ਤੇ ਚਿਰਕਾਲੀ ਨੀਤੀਆਂ ਬਣਾਉਣ ਵਾਸਤੇ ਵਰਤਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਹੁਣ ਸਕੂਲ ਸਿੱਖਿਆ ਦੇ ਦਿੱਲੀ ਮਾਡਲ ਨੂੰ ਰੱਦ ਕਰਨਾ ਚਾਹੀਦਾ ਹੈ। ਅਜਿਹਾ ਨਾ ਕਰਨਾ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਨਾਲ ਧੋਖਾ ਹੋਵੇਗਾ।
ਇਹ ਵੀ ਪੜ੍ਹੋ : ਭਾਰਤੀ ਕ੍ਰਿਕਟ ਟੀਮ ’ਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਮੀਤ ਹੇਅਰ ਨੇ ਕੀਤੀ ਹੌਸਲਾ ਅਫ਼ਜ਼ਾਈ
ਅਕਾਲੀ ਆਗੂ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਵਿਚ ਉਸਾਰੀ ਜਾਂਦੀ ਹੈ ਤੇ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸ਼ਲਾਘਾ ਕੀਤੀ, ਜਿਹਨਾਂ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਵਿਚ ਨਾ ਸਿਰਫ ਸਿੱਖਿਆ ਦਾ ਮਿਆਰ ਸੁਧਰਿਆ ਬਲਕਿ ਮੈਰੀਟੋਰੀਅਸ ਤੇ ਆਦਰਸ਼ ਸਕੂਲ ਖੋਲ੍ਹੇ ਗਏ ਤਾਂ ਜੋ ਗਰੀਬ ਤੋਂ ਗਰੀਬ ਨੂੰ ਆਲ ਮਿਆਰੀ ਆਧੁਨਿਕ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੂੰ ਇਸ ਵਿਚਾਰਧਾਰਾ ’ਤੇ ਹੀ ਸੂਬੇ ’ਚ ਸਿੱਖਿਆ ਪ੍ਰਣਾਲੀ ਵਿਚ ਹੋਰ ਸੁਧਾਰ ਕਰਨਾ ਚਾਹੀਦਾ ਹੈ।
ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY