ਖੰਨਾ (ਵਿਪਨ) : ਇੱਕ ਪਾਸੇ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਅਜੇ ਵੀ ਬਹੁਤ ਸਾਰੇ ਮਹਿਕਮੇ ਹਨ, ਜਿਨ੍ਹਾਂ 'ਚ ਠੇਕੇ 'ਤੇ ਭਰਤੀ ਮੁਲਾਜ਼ਮ ਪੱਕੇ ਹੋਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਤਹਿਤ ਖੰਨਾ ਵਿਖੇ ਮੰਗਲਵਾਰ ਨੂੰ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੇ ਘਰ ਨੇੜੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵੱਲੋਂ ਧਰਨਾ ਦੇ ਕੇ ਰੋਡ ਜਾਮ ਕੀਤਾ ਗਿਆ।
ਇਹ ਵੀ ਪੜ੍ਹੋ : CM ਚੰਨੀ ਦੇ ਐਲਾਨ ਮਗਰੋਂ ਵੀ ਸਸਤੀ ਨਹੀਂ ਹੋਈ 'ਬਿਜਲੀ', ਪੁਰਾਣੀਆਂ ਦਰਾਂ 'ਤੇ ਆ ਰਹੇ ਬਿੱਲ

ਧਰਨਾ ਦੇ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ। ਮੁਲਾਜ਼ਮਾਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਉਨ੍ਹਾਂ ਨੂੰ ਤੁਰੰਤ ਪੱਕਾ ਕਰਨ। ਠੇਕਾ ਮੁਲਾਜ਼ਮ ਪਾਵਰਕਾਮ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਵੱਲੋਂ ਅੱਜ ਪੰਜਾਬ 'ਚ ਤਿੰਨ ਥਾਵਾਂ ਬਿਆਸ ਪੁਲ, ਹਰੀਕੇ ਪੱਤਣ ਅਤੇ ਖੰਨਾ ਵਿਖੇ ਨੈਸ਼ਨਲ ਹਾਈਵੇਅ ਜਾਮ ਕੀਤੇ ਗਏ ਹਨ।
ਇਹ ਵੀ ਪੜ੍ਹੋ : ਨਾਬਾਲਗ ਧੀ ਦੀ ਇੱਜ਼ਤ 'ਤੇ ਆਣ ਪਈ ਤਾਂ ਛਲਕਿਆ ਜਬਰ-ਜ਼ਿਨਾਹ ਪੀੜਤਾ ਦਾ ਦਰਦ, ਟੁੱਟਿਆ ਸਬਰ ਦਾ ਬੰਨ੍ਹ

ਇਸ ਦੌਰਾਨ ਧਰਨਾਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾ ਨਾ ਮੰਨੀਆਂ ਗਈਆਂ ਤਾਂ ਕਾਂਗਰਸੀ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਿੰਡਾਂ ਵਿੱਚ ਵੀ ਨਹੀਂ ਵੜਨ ਦਿੱਤਾ ਜਾਵੇਗਾ। ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨ ਆਗੂਆਂ ਨੂੰ ਲੈ ਕੇ ਵੱਡਾ ਬਿਆਨ, ਜਾਣੋ ਕੀ ਬੋਲੇ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਸਰਾਸਰ ਝੂਠ ਹੈ ਕਿਉਂਕਿ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਸ਼ਰਤ ਰੱਖੀ ਹੈ ਕਿ ਬੋਰਡਾਂ ਅਤੇ ਕਾਰਪੋਰੇਸ਼ਨਾਂ 'ਚ ਕੰਮ ਕਰਨ ਵਾਲੇ ਕੱਚੇ ਕਾਮਿਆਂ ਨੂੰ ਪੱਕਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨ ਆਗੂਆਂ ਨੂੰ ਲੈ ਕੇ ਵੱਡਾ ਬਿਆਨ, ਜਾਣੋ ਕੀ ਬੋਲੇ
NEXT STORY