ਹੁਸ਼ਿਆਰਪੁਰ (ਘੁੰਮਣ)— ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਲਈ 5 ਹਜ਼ਾਰ ਕਰੋੜ ਰੁਪਏ ਖਰਚੇ ਜਾਣਗੇ, ਤਾਂ ਜੋ ਸ਼ਹਿਰਾਂ ਦੀ ਨੁਹਾਰ ਬਦਲੀ ਜਾ ਸਕੇ। ਉਹ ਬੀਤੇ ਦਿਨ ਜ਼ਿਲਾ ਪ੍ਰੀਸ਼ਦ ਗਰਾਉਂਡ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਵੀ ਸਨ। ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸਿੱਧੂ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਹੁਸ਼ਿਆਰਪੁਰ ਦੇ ਵਿਕਾਸ ਕਾਰਜਾਂ ਲਈ 101 ਕਰੋੜ ਰੁਪਏ ਦੇਣ ਦਾ ਐਲਾਨ ਕਰਦੇ ਕਿਹਾ ਕਿ ਸਰਕਾਰ ਵੱਲੋਂ 100 ਪ੍ਰਤੀਸ਼ਤ ਸੀਵਰੇਜ਼, ਵਾਟਰ ਸਪਲਾਈ ਤੋਂ ਇਲਾਵਾ ਹੋਰ ਵੱਖ-ਵੱਖ ਪ੍ਰਾਜੈਕਟ ਯਕੀਨੀ ਬਣਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਨਵੀਂ ਇਸ਼ਤਿਹਾਰ ਪਾਲਸੀ ਵੀ ਬਣਾਈ ਗਈ ਹੈ, ਜਿਸ ਨਾਲ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਵਧੇਰੇ ਰੈਵੀਨਿਊ ਇਕੱਤਰ ਕੀਤਾ ਜਾਵੇਗਾ, ਜੋ ਸੂਬੇ ਦੇ ਵਿਕਾਸ ਲਈ ਇਕ ਚੰਗਾ ਸੰਕੇਤ ਹੈ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਾਇਰ ਬ੍ਰਿਗੇਡ ਨੂੰ ਮਜ਼ਬੂਤ ਕਰਨ ਲਈ 550 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲਿਆਂ ਨੂੰ ਜਲਦੀ ਹੀ ਅਤਿ ਆਧੁਨਿਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਤ ਮਾਹਿਰ ਸਟਾਫ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 13 ਫਾਇਰਮੈਨਾਂ ਨੂੰ ਪਹਿਲੀ ਵਾਰ ਬਹਾਦਰੀ ਪੁਰਸਕਾਰ ਦੇਣਾ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ਹੈ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤੀਆਂ ਜਾਣਗੀਆਂ।
ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਪੱਖੋਂ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਹੀ ਪਹਿਲਾ ਅਜਿਹਾ ਰਾਜ ਬਣਿਆ ਜਿਸ ਨੇ ਕਿਸਾਨਾਂ ਲਈ ਕਰਜ਼ਾ ਮੁਆਫੀ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਸੂਬੇ ਦੀ ਕਿਸਾਨੀ ਹੋਰ ਮਜ਼ਬੂਤ ਹੋ ਗਈ ਹੈ। ਉਨ੍ਹਾਂ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸ਼ਹਿਰ ਦੇ ਵਿਕਾਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੁਹੱਈਆ ਕਰਵਾਉਣ ਲਈ ਵੀ ਕਿਹਾ, ਜਿਸ ਨੂੰ ਸਿੱਧੂ ਨੇ ਪ੍ਰਵਾਨ ਕਰਦਿਆਂ 101 ਕਰੋੜ ਰੁਪਏ ਹੁਸ਼ਿਆਰਪੁਰ ਦੇ ਵਿਕਾਸ ਲਈ ਦੇਣ ਦਾ ਐਲਾਨ ਕੀਤਾ ਅਤੇ ਜਲਦੀ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੁਹੱਈਆ ਕਰਵਾਉਣ ਲਈ ਵੀ ਕਿਹਾ।
ਅਰੋੜਾ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜਲਦੀ ਹੀ ਸੂਬਾ ਸਰਕਾਰ ਵੱਲੋਂ ਟਰਸ਼ਰੀ ਕੈਂਸਰ ਕੇਅਰ ਯੂਨਿਟ ਵੀ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੜ੍ਹਦੀਵਾਲਾ ਵਿਖੇ ਸਮਾਰੋਹ ਦੌਰਾਨ 22 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਹਲਕਾ ਵਿਧਾਇਕ ਟਾਂਡਾ ਸੰਗਤ ਸਿੰਘ ਗਿਲਜੀਆਂ ਨੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਗੜ੍ਹਦੀਵਾਲਾ 'ਚ 100 ਪ੍ਰਤੀਸ਼ਤ ਸੀਵਰੇਜ਼, ਵਾਟਰ ਸਪਲਾਈ ਅਤੇ ਹੋਰ ਵਿਕਾਸ ਕਾਰਜ ਯਕੀਨੀ ਬਣਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿਥੇ ਸ਼ਹਿਰਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਉਥੇ ਪਿੰਡਾਂ ਦੀ ਵੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਹਿਲ ਦੇ ਆਧਾਰ 'ਤੇ ਕੰਢੀ ਇਲਾਕੇ ਦਾ ਵਿਕਾਸ ਕਰਕੇ ਜਨਤਾ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਡਾਇਰੈਕਟਰ ਸਥਾਨਕ ਸਰਕਾਰਾਂ ਕਰੁਨੇਸ਼ ਸ਼ਰਮਾ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਐੱਸ.ਐੱਸ.ਪੀ. ਜੇ. ਏਲੀਚੇਲਿਅਨ, ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ, ਜ਼ਿਲਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਜੋਗਿੰਦਰ ਸਿੰਘ ਗਿਲਜੀਆਂ, ਕੁਸਮ ਆਦੀਆ, ਰਜਨੀਸ਼ ਟੰਡਨ, ਐਡਵੋਕੇਟ ਰਾਕੇਸ਼ ਮਰਵਾਹਾ, ਐਡਵੋਕੇਟ ਪੰਕਜ ਕ੍ਰਿਪਾਲ, ਇੰਦਰਜੀਤ ਕੌਰ, ਹਰਕ੍ਰਿਸ਼ਨ ਸੈਣੀ, ਕੈਪਟਨ ਬਹਾਦਰ ਸਿੰਘ, ਸਰੋਜ ਮਿਨਹਾਸ, ਰਮਨ ਕਪੂਰ, ਨਿਮਿਸ਼ਾ ਮਹਿਤਾ, ਯਾਮਨੀ ਗੋਮਰ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।
ਸ਼ਤਰਾਨਾ ਦੇ ਵਿਧਾਇਕ ਨਿਰਮਲ ਸਿੰਘ ਦੀ ਗੱਡੀ ਹਾਦਸੇ ਦਾ ਸ਼ਿਕਾਰ
NEXT STORY