ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੱਲੋਂ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਗੁਰਦਾਸਪੁਰ ਲੋਕ ਸਭਾ ਹਲਕੇ ਨੂੰ ਲੈ ਕੇ ਕਈ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਲੋਕ ਸਭਾ ਹਲਕਾ ਗੁਰਦਾਸਪੁਰ ਬਾਰੇ ਹੈਰਾਨੀਜਨਕ ਤੱਥ ਇਹ ਹੈ ਕਿ ਇੱਥੇ ਕਿਸੇ ਵੀ ਪਾਰਟੀ ਕੋਲ ਅਜਿਹਾ ਕੋਈ ਸਥਾਨਕ ਚਿਹਰਾ ਨਹੀਂ ਹੈ, ਜਿਸ ਨੂੰ ਲੋਕ ਸਭਾ ਚੋਣ ਲਈ ਮਜ਼ਬੂਤ ਉਮੀਦਵਾਰ ਕਿਹਾ ਜਾ ਸਕੇ, ਜਦਕਿ ਸੰਨੀ ਦਿਓਲ ਤੋਂ ਦੁਖੀ ਹੋਏ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਵੋਟਰ ਚਾਹੁੰਦੇ ਹਨ ਕਿ ਹਰ ਪਾਰਟੀ ਵੱਲੋਂ ਉਤਾਰਿਆ ਗਿਆ ਲੋਕ ਸਭਾ ਉਮੀਦਵਾਰ ਸਥਾਨਕ ਆਗੂ ਹੋਵੇ। ਸਾਰੀਆਂ ਪ੍ਰਮੁੱਖ ਪਾਰਟੀਆਂ ਭਾਜਪਾ, ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਵੇਂ ਚਿਹਰੇ ਲੱਭਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਜੇਕਰ ਭਾਜਪਾ ਵੱਲੋਂ ਮੁੜ ਕਿਸੇ ਵੱਡੇ ਚਿਹਰੇ ਜਾਂ ਫ਼ਿਲਮੀ ਸਿਤਾਰੇ ਨੂੰ ਮੈਦਾਨ ’ਚ ਉਤਾਰਿਆ ਜਾਂਦਾ ਹੈ ਤਾਂ ਲੋਕ ਉਸ ’ਤੇ ਯਕੀਨ ਨਹੀਂ ਕਰਨਗੇ ਕਿਉਂਕਿ 2019 ਦੀਆਂ ਚੋਣਾਂ ਵਿਚ ਭਾਜਪਾ ਵੱਲੋਂ ਉੱਘੇ ਕਾਂਗਰਸੀ ਆਗੂ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਫ਼ਿਲਮ ਸਟਾਰ ਸੰਨੀ ਦਿਓਲ ਨੂੰ ਮੈਦਾਨ ’ਚ ਉਤਾਰਿਆ ਗਿਆ ਸੀ। ਉਸ ਸਮੇਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਸੀ ਅਤੇ ਕਾਂਗਰਸ ਦੇ ਤਤਕਾਲੀ ਸੂਬਾ ਪ੍ਰਧਾਨ ਸੁਨੀਲ ਜਾਖੜ ਮੈਦਾਨ ’ਚ ਉਤਾਰੇ ਗਏ ਸਨ। ਇਸ ਦੇ ਬਾਵਜੂਦ ਲੋਕਾਂ ਨੇ ਫਿਲਮ ਸਟਾਰ ਵਿਨੋਦ ਖੰਨਾ ਵੱਲੋਂ ਗੁਰਦਾਸਪੁਰ ਹਲਕੇ ਲਈ ਨਿਭਾਈਆਂ ਮਹਾਨ ਸੇਵਾਵਾਂ ਨੂੰ ਦੇਖਦੇ ਹੋਏ ਸੰਨੀ ਦਿਓਲ ਨੂੰ 82 ਹਜ਼ਾਰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਇਆ ਪਰ ਜਿੱਤ ਤੋਂ ਬਾਅਦ ਸੰਨੀ ਦਿਓਲ ਨੇ ਹਲਕੇ ਦੇ ਲੋਕਾਂ ਨੂੰ ਬੇਵੱਸ ਛੱਡ ਦਿੱਤਾ। ਉਨ੍ਹਾਂ ਨੇ ਇਲਾਕੇ ਵੱਲ ਫੇਰ ਤੱਕ ਨਹੀਂ ਮਾਰਿਆ, ਪਿਛਲੇ ਪੰਜ ਸਾਲਾਂ ਦੌਰਾਨ ਕਈ ਵਾਰ ਗੁਰਦਾਸਪੁਰ ਅਤੇ ਪਠਾਨਕੋਟ ਦੇ ਇਲਾਕੇ ’ਚ ਉਸ ਦੇ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਪਰ ਉਸ ਨੇ ਕਿਸੇ ਦੀ ਪ੍ਰਵਾਹ ਨਹੀਂ ਕੀਤੀ, ਜਿਸ ਤੋਂ ਬਾਅਦ ਲੋਕਾਂ ਨੇ ਰਾਜਨੀਤੀ ਦੀ ਬਜਾਏ, ਉਸ ਨੂੰ ਆਰਥਿਕ ਤੌਰ ’ਤੇ ਨੁਕਸਾਨ ਪਹੁੰਚਾਉਣ ਲਈ ਉਸ ਦੀ ਫਿਲਮ ਗਦਰ-2 ਦੇ ਬਾਈਕਾਟ ਦਾ ਐਲਾਨ ਵੀ ਕੀਤਾ ਪਰ ਫਿਰ ਵੀ ਸੰਨੀ ਦਿਓਲ ਨੂੰ ਹਲਕੇ ਦੇ ਲੋਕਾਂ ਦੀ ਯਾਦ ਨਹੀਂ ਆਈ।
ਇਹ ਵੀ ਪੜ੍ਹੋ : ਭਾਰਤ ਵਰਗੇ ਦੇਸ਼ ਲਈ 'ਇਕ ਦੇਸ਼-ਇਕ ਚੋਣ' ਹੋਣਾ ਜ਼ਰੂਰੀ : ਮਨੋਹਰ ਲਾਲ
ਇਸ ਦੇ ਉਲਟ ਉਸ ਨੇ ਸਿਆਸਤ ਨੂੰ ਹਮੇਸ਼ਾ ਲਈ ਛੱਡਣ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਜਿਨ੍ਹਾਂ ਲੋਕਾਂ ਨੇ ਸੰਨੀ ਦਿਓਲ ਤੋਂ ਬਹੁਤ ਸਾਰੀਆਂ ਉਮੀਦਾਂ ਲਗਾਈਆਂ ਅਤੇ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾਇਆ, ਉਨ੍ਹਾਂ ਦੇ ਨਿਰਾਸ਼ਾ ਹੀ ਹੱਥ ਲੱਗੀ। ਸੰਨੀ ਦਿਓਲ ਦੇ ਮੈਦਾਨ ਛੱਡਣ ਤੋਂ ਬਾਅਦ ਜਿਥੇ ਸਾਰੀਆਂ ਪ੍ਰਮੁੱਖ ਪਾਰਟੀਆਂ ਨੂੰ ਗੁਰਦਾਸਪੁਰ ਲੋਕ ਸਭਾ ਹਲਕੇ ਲਈ ਸਗਰਮੀਆਂ ਵਧਾਉਣ ਦੀ ਲੋੜ ਮਹਿਸੂਸ ਹੋ ਰਹੀ ਹੈ, ਉਥੇ ਹੀ ਇਸ ਸੀਟ ਲਈ ਹਰ ਪਾਰਟੀ ਸਥਾਨਕ ਚਿਹਰੇ ਦੀ ਬਜਾਏ ਨਵੇਂ ਚਿਹਰੇ ਤੇ ਦਾਅ ਖੇਡਣ ਲਈ ਵੀ ਮਜਬੂਰ ਹੋਵੇਗੀ। ਗੱਲ ਭਾਜਪਾ ਦੀ ਕਰੀਏ ਤਾਂ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਮਜ਼ਬੂਤ ਉਮੀਦਵਾਰ ਹੋ ਸਕਦੇ ਹਨ ਪਰ ਪੰਜਾਬ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਵਲੋਂ ਗੁਰਦਾਸਪੁਰ ਹਲਕੇ ਪ੍ਰਤੀ ਬਣਾਈ ਜਾ ਰਹੀ ਦੂਰੀ ਦੱਸਦੀ ਹੈ ਕਿ ਉਹ ਗੁਰਦਾਸਪੁਰ ਤੋਂ ਚੋਣ ਲੜਨ ਦੇ ਇੱਛੁਕ ਨਹੀਂ ਹਨ। ਇਸ ਤੋਂ ਇਲਾਵਾ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੀ ਦਾਅਵੇਦਾਰ ਮੰਨਿਆ ਜਾ ਰਿਹਾ ਹੈ ਪਰ ਸੁਨੀਲ ਜਾਖੜ ਦੇ ਪ੍ਰਧਾਨ ਬਣਨ ਤੋਂ ਬਾਅਦ ਉਹ ਪਾਰਟੀ ਤੋਂ ਨਾਰਾਜ਼ ਹਨ ਅਤੇ ਪਾਰਟੀ ਦੇ ਕਈ ਆਗੂ ਵੀ ਉਨ੍ਹਾਂ ਤੋਂ ਨਾਰਾਜ਼ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਜਪਾ ਵੱਲੋਂ ਮੁੜ ਤੋਂ ਕਿਸੇ ਵੱਡੇ ਚਿਹਰੇ ਜਾਂ ਫਿਲਮੀ ਸਿਤਾਰੇ ਨੂੰ ਮੈਦਾਨ ’ਚ ਉਤਾਰਨ ਦੀਆਂ ਵੀ ਚਰਚਾਵਾਂ ਦਾ ਬਾਜ਼ਾਰ ਪੂਰਾ ਗਰਮ ਹੈ। ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਵਿੱਖ ’ਚ ਲੋਕ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਇਸ ਲਈ ਕਾਂਗਰਸ ਨੂੰ ਵੀ 2024 ਦੀਆਂ ਚੋਣਾਂ ਲਈ ਨਵੇਂ ਚਿਹਰੇ ਦੀ ਭਾਲ ਕਰਨੀ ਪਵੇਗੀ। ਭਾਵੇਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਗੁਰਦਾਸਪੁਰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਨਾਂ ਦੀ ਵੀ ਚਰਚਾ ਹੈ ਪਰ ਗੁਰਦਾਸਪੁਰ ਲੋਕ ਸਭਾ ਸੀਟ ਕਾਂਗਰਸ ਪਾਰਟੀ ਲਈ ਜਿਣਨੀ ਇੰਨੀ ਅਹਿਮ ਹੈ ਕਿ ਕਾਂਗਰਸ ਵੱਲੋਂ ਕਿਸੇ ਬਾਹਰੀ ਅਤੇ ਵੱਡੇ ਚਿਹਰੇ ’ਤੇ ਦਾਅ ਲਗਾਉਣ ਦੀਆਂ ਸੰਭਾਵਨਾਵਾਂ ਜ਼ਿਆਦਾ ਹਨ। ਆਮ ਆਦਮੀ ਪਾਰਟੀ ਦੇ 2019 ਦੀਆਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰ ਲਾਲ ਚੰਦ ਕਟਾਰੂਚੱਕ ਵਿਧਾਇਕ ਚੋਣ ਜਿੱਤ ਕੇ ਮੰਤਰੀ ਬਣ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਤੋਂ ਬਾਹਰ ਜਾ ਰਹੇ ਹੋ ਤਾਂ ਪੜ੍ਹੋ ਖ਼ਬਰ, ਇਹ ਗ਼ਲਤੀ ਹੋਈ ਤਾਂ ਜ਼ਬਤ ਹੋਵੇਗਾ ਵਾਹਨ
ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੂੰ ਵੀ ਇਕ ਨਵਾਂ ਚਿਹਰਾ ਚੋਣ ਮੈਦਾਨ ’ਚ ਉਤਾਰਨਾ ਹੋਵੇਗਾ। ਉਧਰ, ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪਠਾਨਕੋਟ ਦੇ ਇਕ ਪ੍ਰਾਈਵੇਟ ਡਾਕਟਰ ਦੀ ਹਮਾਇਤ ਕੀਤੇ ਜਾਣ ਦੀ ਇਲਾਕੇ ’ਚ ਚਰਚਾ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲੋਂ ਗਠਜੋੜ ਤੋੜ ਕੇ ਪਹਿਲੀ ਵਾਰ ਆਪਣੇ ਦਮ ’ਤੇ ਲੋਕ ਸਭਾ ਚੋਣਾਂ ਲੜੇਗਾ। ਅਕਾਲੀ ਦਲ ਕੋਲ ਕੁਝ ਸਥਾਨਕ ਚਿਹਰੇ ਹਨ, ਜਿਨ੍ਹਾਂ ’ਚੋਂ ਸਾਬਕਾ ਸੰਸਦੀ ਸਕੱਤਰ ਅਤੇ ਮੌਜੂਦਾ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦਾ ਨਾਂ ਸਭ ਤੋਂ ਉੱਪਰ ਹੈ ਪਰ ਅਹਿਮ ਸੀਟ ਹੋਣ ਕਾਰਨ ਅਕਾਲੀ ਦਲ ਵੱਲੋਂ ਵੀ ਕਿਸੇ ਬਾਹਰੀ ਚਿਹਰੇ ਨੂੰ ਮੈਦਾਨ ’ਚ ਉਤਾਰਨ ਦੀ ਜ਼ਿਆਦਾ ਸੰਭਾਵਨਾ ਲੱਗਦੀ ਹੈ। ਕੁੱਲ ਮਿਲਾ ਕੇ ਇਹ ਕਿਹਾ ਜਾ ਸਕਦਾ ਹੈ ਕਿ ਲੋਕ ਸਭਾ ਚੋਣਾਂ ’ਚ ਗੁਰਦਾਸਪੁਰ ਸੀਟ ’ਤੇ ਮੁਕਾਬਲਾ ਬੇਸ਼ੱਕ ਬੇਹੱਦ ਦਿਲਚਸਪ ਅਤੇ ਚੌਤਰਫ਼ਾ ਹੋਵੇਗਾ ਪਰ ਸ਼ਾਇਦ ਹੀ ਕੋਈ ਪਾਰਟੀ ਲੋਕ ਸਭਾ ਹਲਕੇ ਦੇ ਵੋਟਰਾਂ ਦੀ ਇਸ ਮੰਗ ਨੂੰ ਪੂਰਾ ਕਰ ਸਕੇਗੀ ਕਿ ਉਮੀਦਵਾਰ ਸਥਾਨਕ ਹੋਵੇ।
ਇਹ ਵੀ ਪੜ੍ਹੋ : ਸਟਾਰਟਅਪ ਪਾਲਿਸੀ-2023 ਦਾ ਐਲਾਨ ਕਰਨ ਦੀ ਤਿਆਰੀ ’ਚ ਚੰਡੀਗੜ੍ਹ ਪ੍ਰਸ਼ਾਸਨ , ਜਾਣੋ ਕੀ ਹੋਣਗੇ ਫ਼ਾਇਦੇ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲਿਆਂ ਲਈ ਵੱਡੀ ਖ਼ਬਰ, ਲੰਬੇ ਸਮੇਂ ਮਗਰੋਂ ਮਿਲੀ ਇਹ ਰਾਹਤ
NEXT STORY