ਚੰਡੀਗੜ੍ਹ (ਪਰਾਸ਼ਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਪਾਣੀ ਸਮਝੌਤੇਯੋਗ ਨਹੀਂ ਹਨ ਅਤੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦੇ ਮੁੱਦੇ 'ਤੇ ਹਰਿਆਣਾ ਨਾਲ ਕਿਸੇ ਵੀ ਸੌਦੇਬਾਜ਼ੀ ਲਈ ਸਹਿਮਤ ਨਾ ਹੋਣ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਕੋਈ ਵੀ ਸੌਦੇਬਾਜ਼ੀ ਕਰਨਾ ਇਕ ਜਾਲ ਵਿਚ ਫਸਣ ਦੇ ਬਰਾਬਰ ਹੈ। ਕੈਪਟਨ ਅਮਰਿੰਦਰ ਨੂੰ ਆਪਣੀਆਂ ਪਿਛਲੀਆਂ ਗਲਤੀਆਂ ਤੋਂ ਸਬਕ ਸਿੱਖਣਾ ਚਾਹੀਦਾ ਹੈ, ਜਦੋਂ ਉਸ ਨੇ ਐੱਸ. ਵਾਈ. ਐੱਲ. ਦੀ ਖੋਦਾਈ ਦੇ ਉਦਘਾਟਨ ਲਈ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸਾਥ ਦਿੱਤਾ ਸੀ। ਮੁੱਖ ਮੰਤਰੀ ਨੂੰ ਤੁਰੰਤ ਇਹ ਐਲਾਨ ਕਰ ਦੇਣਾ ਚਾਹੀਦਾ ਹੈ ਕਿ ਨਾ ਐੱਸ. ਵਾਈ. ਐੱਲ. ਦੀ ਉਸਾਰੀ ਹੋਵੇਗੀ ਅਤੇ ਨਾ ਹੀ ਹਰਿਆਣਾ ਨੂੰ ਪਾਣੀ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੂੰ ਅਜਿਹਾ ਕਦਮ ਬਿਨਾਂ ਕਿਸੇ ਦੁਚਿੱਤੀ ਦੇ ਉਠਾਉਣ ਲਈ ਆਖਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਸਪੱਸ਼ਟ ਸੁਨੇਹਾ ਭੇਜ ਦਿੰਦੀ ਕਿ ਉਨ੍ਹਾਂ ਦੇ ਕੀਮਤੀ ਦਰਿਆਈ ਪਾਣੀਆਂ ਦੇ ਬਦਲੇ ਕੋਈ ਦੀ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਇਸ ਮੁੱਦੇ 'ਤੇ ਸਮਝੌਤੇ ਦੀ ਮੇਜ਼ ਵੱਲ ਜਾਣਾ ਵੀ ਸੂਬੇ ਦੇ ਹਿੱਤਾਂ ਦਾ ਸੌਦਾ ਕਰਨ ਦੇ ਬਰਾਬਰ ਮੰਨਿਆ ਜਾਵੇਗਾ। ਇਸ ਮੁੱਦੇ 'ਤੇ ਹੁਣ ਹਰਿਆਣਾ ਨਾਲ ਕੋਈ ਵਿਚਾਰ ਚਰਚਾ ਨਹੀਂ ਹੋ ਸਕਦੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਸੂਬੇ ਦਾ ਆਪਣੇ ਦਰਿਆਈ ਪਾਣੀਆਂ 'ਤੇ ਸਦੀਵੀ ਹੱਕ ਹਨ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਹ ਬਿਆਨ ਦੇ ਕੇ ਗਲਤੀ ਕਰ ਚੁੱਕਿਆ ਹੈ ਕਿ ਉਹ ਐੱਸ. ਵਾਈ. ਐੱਲ. ਮੁੱਦੇ 'ਤੇ ਹਰਿਆਣਾ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੀ ਹੱਦਬੰਦੀ ਅੰਦਰ ਕਿਸੇ ਐੱਸ. ਵਾਈ. ਐੱਲ. ਦੀ ਹੋਂਦ ਨਹੀਂ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਇਸ ਨਹਿਰ ਲਈ ਗ੍ਰਹਿਣ ਕੀਤੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਸੀ। ਅਜਿਹੀ ਸਥਿਤੀ ਵਿਚ ਜਦੋਂ ਜ਼ਮੀਨ 'ਤੇ ਕਿਸੇ ਨਹਿਰ ਦੀ ਹੋਂਦ ਹੀ ਮੌਜੂਦ ਨਹੀਂ ਹੈ ਤਾਂ ਇਸ ਮੁੱਦੇ 'ਤੇ ਹਰਿਆਣਾ ਨਾਲ ਕੋਈ ਗੱਲਬਾਤ ਨਹੀਂ ਹੋ ਸਕਦੀ।
ਉਨ੍ਹਾਂ ਕਿਹਾ ਕਿ ਕੈ. ਅਮਰਿੰਦਰ ਸਿੰਘ ਲਈ ਚੰਗਾ ਹੋਵੇਗਾ ਕਿ ਉਹ ਬਾਦਲ ਵੱਲੋਂ ਅਪਣਾਈ ਗਈ ਨੀਤੀ 'ਤੇ ਹੀ ਚੱਲੇ, ਜਿਨ੍ਹਾਂ ਨੇ ਸਪੱਸ਼ਟ ਤੌਰ 'ਤੇ ਐਲਾਨ ਕਰ ਦਿੱਤਾ ਸੀ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਦੀ ਇਕ ਬੂੰਦ ਵੀ ਨਹੀਂ ਹੈ। ਮੁੱਖ ਮੰਤਰੀ ਨੂੰ ਇਹ ਗੱਲ ਵੀ ਦੁਹਰਾਉਣੀ ਚਾਹੀਦੀ ਹੈ ਕਿ ਐੱਸ. ਵਾਈ. ਐੱਲ. ਦੀ ਕੋਈ ਲੋੜ ਨਹੀਂ ਸੀ ਅਤੇ ਇਸ ਦੀ ਉਸਾਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿੱਥੋਂ ਤੱਕ ਅਕਾਲੀ ਦਲ ਦਾ ਸਬੰਧ ਹੈ, ਇਸ ਲਈ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕੋਈ ਵੀ ਕੀਮਤ ਵੱਡੀ ਨਹੀਂ ਹੈ। ਰੀਪੇਰੀਅਨ ਸਿਧਾਂਤ ਤਹਿਤ ਪੰਜਾਬ ਦੇ ਸਦੀਵੀ ਹੱਕਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਅਜਿਹਾ ਹੋਣ ਦੀ ਕਿਸੇ ਵੀ ਕੀਮਤ 'ਤੇ ਆਗਿਆ ਨਹੀਂ ਦੇਵਾਂਗੇ ਅਤੇ ਅਜਿਹੀ ਕਿਸੇ ਵੀ ਕਾਰਵਾਈ ਦਾ ਜੀਅ-ਜਾਨ ਨਾਲ ਵਿਰੋਧ ਕਰਾਂਗੇ।
ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
NEXT STORY