ਗੁਰਦਾਸਪੁਰ (ਹਰਮਨ) : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਵਿਚਲੀਆਂ ਤਰੁਟੀਆਂ ਦੂਰ ਨਾ ਹੋਣ ਸਮੇਤ ਹੋਰ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਸਰਕਾਰ ਤੋਂ ਖ਼ਫਾ ਸਟਾਫ ਨਰਸਾਂ ਨੇ ਅੱਜ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸਮੂਹ ਸਟਾਫ ਨਰਸਾਂ ਨੇ ਸ਼ਹਿਰ ਅੰਦਰ ਰੋਸ ਮਾਰਚ ਵੀ ਕੀਤਾ ਅਤੇ ਸਿਵਲ ਸਰਜਨ ਦਫਤਰ ਸਾਹਮਣੇ ਧਰਨਾ ਦਿੱਤਾ। ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਸਬੰਧੀ ਸਰਕਾਰ ਨੂੰ ਕਈ ਵਾਰ ਜਾਣੂ ਕਰਵਾ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ 8 ਸਤੰਬਰ ਨੂੰ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਤਾਂ ਉਹ ਅਗਲੇ ਸੰਘਰਸ਼ ਦਾ ਐਲਾਨ ਕਰਨਗੀਆਂ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਅਹੁਦੇ ਦਾ ਨਾਮ ਬਦਲ ਕੇ ਨਰਸਿੰਗ ਅਫਸਰ ਰੱਖਿਆ ਜਾਵੇ। ਇਸ ਦੇ ਨਾਲ ਹੀ ਨਰਸਿੰਗ ਕੇਅਰ ਭੱਤਾ, ਨਾਈਟ ਭੱਤਾ, ਵਹੀਕਲ ਭੱਤਾ ਅਤੇ ਵਰਦੀ ਭੱਤਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਟਾਫ ਨਰਸਾਂ ਨੂੰ ਪੜ੍ਹਾਈ ਲਈ ਸਟੱਡੀ ਲੀਵ ਵੀ ਦਿੱਤੀ ਜਾਵੇ।
ਖ਼ਤਰਨਾਕ ਗੈਂਗਸਟਰ ਜਸਪ੍ਰੀਤ ਸਿੰਘ ਬੱਬੀ ਹਥਿਆਰਾਂ ਸਮੇਤ ਕਾਬੂ
NEXT STORY