ਚੰਡੀਗੜ੍ਹ (ਭੁੱਲਰ) - 2004 ਤੋਂ ਬਾਅਦ ਪੰਜਾਬ ਸਰਕਾਰ 'ਚ ਭਰਤੀ ਹੋਏ ਕਰਮਚਾਰੀਆਂ ਦਾ ਵਫ਼ਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਅੱਜ ਰਾਜਪਾਲ ਵੀ. ਪੀ. ਸਿੰਘ ਬਦਨੌਰ ਕੋਲ ਪਹੁੰਚਿਆ। ਵਫ਼ਦ ਦੇ ਪ੍ਰਤੀਨਿਧਾਂ ਨੇ ਰਾਜਪਾਲ ਨੂੰ ਦਿੱਤੇ ਗਏ ਮੰਗ ਪੱਤਰ ਵਿਚ ਨਵੀਂ ਪੈਨਸ਼ਨ ਸਕੀਮ ਨੂੰ ਖਾਮੀਆਂ ਭਰਪੂਰ ਦੱਸਦਿਆਂ ਪੁਰਾਣੀ ਪੈਨਸ਼ਨ ਸਕੀਮ ਮੁੜ ਤੋਂ ਲਾਗੂ ਕਰਨ 'ਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਇਕ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਲਈ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਯੋਜਨਾ ਬੰਦ ਕੀਤੇ ਜਾਣ ਕਾਰਨ ਕਰਮਚਾਰੀ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਦੇ ਝੰਡੇ ਹੇਠ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਸੰਘਰਸ਼ ਦੀ ਇਸੇ ਲੜੀ ਤਹਿਤ ਯੂਨੀਅਨ ਦੇ ਅਹੁਦੇਦਾਰ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਵਿਚ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲੇ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੁਲਾਜ਼ਮ ਆਗੂ ਸੁਖਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਰਾਜਪਾਲ ਨੂੰ ਪੁਰਾਣੀ ਪੈਨਸ਼ਨ ਨੀਤੀ ਦੀਆਂ ਖਾਮੀਆਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਉਂਦਿਆਂ ਕੇਂਦਰ ਸਰਕਾਰ ਵਲੋਂ ਕੀਤੀਆਂ ਗਈਆਂ ਸੋਧਾਂ ਬਾਰੇ ਦੱਸਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਸੋਧਾਂ ਲਾਗੂ ਨਹੀਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਸਰਕਾਰ ਤੋਂ ਕੇਂਦਰ ਸਰਕਾਰ ਵਲੋਂ ਕੀਤੀਆਂ ਸੋਧਾਂ ਤੁਰੰਤ ਲਾਗੂ ਕਰਨ ਅਤੇ ਇਸ ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਦੀ ਪੂਰਨ ਬਹਾਲੀ ਦੀ ਮੰਗ ਕਰਦੀ ਹੈ। ਇਸ ਮੌਕੇ ਰਾਜਪਾਲ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਯੂਨੀਅਨ ਦੀਆਂ ਮੰਗਾਂ ਬਾਰੇ ਲਿਖਤੀ ਤੌਰ 'ਤੇ ਸੂਬਾ ਸਰਕਾਰ ਨੂੰ ਨਿਰਦੇਸ਼ ਜਾਰੀ ਕਰਨਗੇ। ਰਾਜਪਾਲ ਨੂੰ ਮਿਲਣ ਵਾਲੇ ਵਫ਼ਦ ਵਿਚ ਯੂਨੀਅਨ ਦੇ ਜਨਰਲ ਸਕੱਤਰ ਰਣਬੀਰ ਸਿੰਘ ਤੋਂ ਇਲਾਵਾ ਪਰਮਦੀਪ ਸਿੰਘ, ਅਮਨਦੀਪ ਸਿੰਘ ਤੇ ਸੰਗਤ ਰਾਮ ਆਦਿ ਮੌਜੂਦ ਸਨ।
ਬਿਨਾਂ ਬਿੱਲ ਦੇ 40 ਹਜ਼ਾਰ ਦੀਆਂ ਦਵਾਈਆਂ ਬਰਾਮਦ
NEXT STORY