ਸੁਲਤਾਨਪੁਰ ਲੋਧੀ (ਵਿਪਨ ਮਹਾਜਨ)-ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਕੋਵਿਡ ਦੇ ਨਵੇਂ ਵੇਰੀਐਂਟ ਓਮੀਕਰੋਨ ਤੋਂ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ ਪਰ ਇਹਤਿਆਤ ਜ਼ਰੂਰੀ ਹੈ ਤਾਂ ਜੋ ਇਸ ਦੇ ਫੈਲਾਅ ਦੀ ਕਿਸੇ ਵੀ ਸੰਭਾਵਨਾ ਨੂੰ ਰੋਕਿਆ ਜਾ ਸਕੇ। ਸੋਨੀ ਜਿਨ੍ਹਾਂ ਕੋਲ ਸਿਹਤ ਮਹਿਕਮੇ ਦਾ ਵੀ ਚਾਰਜ ਹੈ, ਨੇ ਸੁਲਤਾਨਪੁਰ ਲੋਧੀ ਵਿਖੇ 800 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲੇ ਆਕਸੀਜਨ ਪਲਾਂਟ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਦੇ ਟਾਕਰੇ ਲਈ ਮੁਕੰਮਲ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੈਡੀਕਲ ਕਾਲਜਾਂ ਅਤੇ ਸਾਰੇ ਸਿਵਲ ਹਸਪਤਾਲਾਂ ਅੰਦਰ ਆਕਸੀਜਨ ਪਲਾਂਟ ਸਥਾਪਤ ਕਰਨ ਨਾਲ ਮੈਡੀਕਲ ਆਕਸੀਜਨ ਦੇ ਉਤਪਾਦਨ ਦੀ ਸਮਰੱਥਾ 609 ਮੀਟਰਕ ਟਨ ਹੋ ਗਈ ਹੈ, ਜੋਕਿ ਕੋਵਿਡ ਦੀ ਦੂਜੀ ਲਹਿਰ ਦੀ ਪੀਕ ਵੇਲੇ 300 ਮੀਟਰਕ ਟਨ ਦੀ ਲੋੜ ਤੋਂ ਦੁੱਗਣੀ ਹੈ।
ਉਨ੍ਹਾਂ ਕਿਹਾ ਕਿ ਕੋਵਿਡ ਦੀ ਪਹਿਲੀ ਲਹਿਰ ਵੇਲੇ ਸੂਬੇ ਅੰਦਰ ਆਕਸੀਜਨ ਉਤਪਾਦਨ ਦੀ ਸਮਰੱਥਾ ਸਿਰਫ਼ 30 ਮੀਟਰਕ ਟਨ ਸੀ , ਜਿਸ ਕਰਕੇ ਪਹਿਲੀ ਅਤੇ ਦੂਜੀ ਲਹਿਰ ਵੇਲੇ ਆਕਸੀਜਨ ਲਈ ਪੰਜਾਬ ਪੂਰੀ ਤਰ੍ਹਾਂ ਕੇਂਦਰੀ ਸਰਕਾਰ ’ਤੇ ਨਿਰਭਰ ਸੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕੋਲ ਆਪਣੀ ਲੋੜ ਨਾਲੋਂ ਜ਼ਿਆਦਾ ਉਤਪਾਦਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਓਮੀਕਰੋਨ ਵੇਰੀਐਂਟ ਦੇ ਲਗਭਗ 30 ਮਾਮਲੇ ਸਾਹਮਣੇ ਆਏ ਹਨ, ਜਿਸ ਕਰਕੇ ਪੰਜਾਬ ਅੰਦਰ ਵੀ ਹਵਾਈ ਅੱਡਿਆਂ ’ਤੇ ਪੂਰਨ ਚੌਕਸੀ ਵਰਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਵਾਈਆਂ ਅਤੇ ਮੈਡੀਕਲ ਮਾਹਿਰਾਂ ਦੀਆਂ ਵਿਸ਼ੇਸ਼ ਟੀਮਾਂ ਦੇ ਗਠਨ ਤੋਂ ਇਲਾਵਾ ਤੀਜੇ ਪੱਧਰ ਦੇ ਬੈਡਾਂ ਦੀ ਸਮਰੱਥਾ ਵਿਚ ਵੀ ਵਾਧਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਪੁਲਸ ਮੁਲਾਜ਼ਮ ਤੇ ਪਤਨੀ ਦੀ ਮੌਤ
ਦਿੱਲੀ ਦੇ ਮੁੱਖ ਮੰਤਰੀ ਵੱਲੋਂ ਦਿੱਲੀ ਦੇ ਸਿਹਤ ਮਾਡਲ ਦੇ ਕੀਤੇ ਜਾ ਰਹੇ ਪ੍ਰਚਾਰ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਦੂਜੀ ਲਹਿਰ ਦੌਰਾਨ ਸਿਹਤ ਸਹੂਲਤਾਂ ਦੀ ਕਮੀ ਕਾਰਨ ਦਿੱਲੀ ਵਿਖੇ ਹਜ਼ਾਰਾਂ ਲੋਕਾਂ ਨੂੰ ਜਾਨ ਗਵਾਉਣੀ ਪਈ, ਜਿਸ ਨਾਲ ਉਸ ਦੇ ਫੇਲ੍ਹ ਹੋ ਚੁੱਕੇ ਦਿੱਲੀ ਸਿਹਤ ਮਾਡਲ ਦਾ ਪਰਦਾਫਾਸ਼ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹਜ਼ਾਰਾਂ ਲੋਕਾਂ ਨੇ ਪੰਜਾਬ ਦੇ ਪਟਿਆਲਾ ਅਤੇ ਫਰੀਦਕੋਟ ਮੈਡੀਕਲ ਕਾਲਜਾਂ ਵਿਖੇ ਇਲਾਜ ਕਰਵਾਇਆ।
ਉਨ੍ਹਾਂ ਸੁਲਤਾਨਪੁਰ ਲੋਧੀ ਵਿਖੇ ਸਿਵਲ ਹਸਪਤਾਲ ਦੀ ਸਮਰੱਥਾ ਵਿਚ 30 ਬੈਡਾਂ ਦਾ ਵਾਧਾ ਕਰਨ ਦਾ ਵੀ ਐਲਾਨ ਕੀਤਾ ਜਿਸ ਨਾਲ ਇਸਦੀ ਕੁੱਲ ਸਮਰੱਥਾ 80 ਬੈਡ ਹੋ ਗਈ ਹੈ। ਉਨ੍ਹਾਂ ਸਿਹਤ ਖੇਤਰ ਅੰਦਰ ਗੈਰ ਸਰਕਾਰੀ ਸੰਗਠਨਾਂ ਵੱਲੋਂ ਨਿਭਾਏ ਰੋਲ ਦੀ ਸ਼ਲਾਘਾ ਕਰਦਿਆਂ ਆਕਸੀਜਨ ਪਲਾਂਟ ਲਈ 15 ਲੱਖ ਰੁਪਏ ਦੀ ਲਾਗਤ ਵਾਲਾ ਜਨਰਟੇਰ ਸਥਾਪਤ ਕਰਨ ਲਈ ਪੰਜਾਬ ਨੈਸ਼ਨਲ ਬੈਂਕ ਤੇ ਵਿੱਤੀ ਸਹਾਇਤਾ ਲਈ ‘ਪਾਥ ’ ਤੇ ‘ਗਿਵ ਇੰਡੀਆ’ ਨਾਮ ਦੇ ਗੈਰ ਸਰਕਾਰੀ ਸੰਗਠਨਾਂ ਦੇ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ।
ਇਹ ਵੀ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਨੀਆ ਤੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਉੱਪ ਮੁੱਖ ਮੰਤਰੀ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਪਵਿੱਤਰ ਸ਼ਹਿਰ ਅੰਦਰ ਸਿਹਤ ਸਹੂਲਤਾਂ ਨੂੰ ਉੱਚ ਪੱਧਰ ’ਤੇ ਲਿਜਾਣ ਲਈ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਦੋਆਬਾ ਖੇਤਰ ਅੰਦਰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਅੰਦਰ ਆਈ. ਸੀ. ਯੂ. ਵਰਗੀਆਂ ਸਹੂਲਤਾਂ ਵੀ ਮੌਜੂਦ ਹਨ , ਜੋਕਿ ਮਾਲਵੇ ਦੇ ਜ਼ੀਰਾ ਖੇਤਰ ਤੱਕ ਅਤੇ ਮਾਝੇ ਦੇ ਗੋਇੰਦਵਾਲ ਸਾਹਿਬ ਤੇ ਚੋਹਲਾ ਸਾਹਿਬ ਤੱਕ ਇਲਾਜ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ। ਪੰਜਾਬ ਪੁਲਸ ਦੀ ਇਕ ਟੁਕੜੀ ਵੱਲੋਂ ਉਪ ਮੁੱਖ ਮੰਤਰੀ ਨੂੰ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦੇਸ਼ ਕੰਗ ਨੇ ਸਿਹਤ ਵਿਭਾਗ ਦੀਆਂ ਪ੍ਰਾਪਤੀਆਂ ਤੇ ਕੋਵਿਡ ਵਿਰੁੱਧ ਲ਼ੜਾਈ ਲਈ ਤਿਆਰੀ ਬਾਰੇ ਜਾਣਕਾਰੀ ਵੀ ਦਿੱਤੀ। ਇਸ ਮੌਕੇ ਆਈ.ਜੀ. ਜਲੰਧਰ ਰੇਂਜ ਜੀ.ਐਸ. ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇਜਵੰਤ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਰਾਜੂ ਧੀਰ, ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਬੱਸਾਂ ਰਾਹੀਂ ਹਿਮਾਚਲ ਸਮੇਤ ਹੋਰ ਪਹਾੜੀ ਸੂਬਿਆਂ ਨੂੰ ਜਾਣ ਵਾਲਿਆਂ ਦੀਆਂ ਵਧੀਆਂ ਮੁਸ਼ਕਿਲਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦਿੱਲੀ ਜਿੱਤ ਕੇ ਪਰਤੇ ਕਿਸਾਨ ਕਾਫ਼ਲਿਆਂ ਦਾ ਤਪਾ ਪੁੱਜਣ ‘ਤੇ ਫੁੱਲਾਂ ਦੀ ਵਰਖ਼ਾ ਕਰਕੇ ਕੀਤਾ ਸਵਾਗਤ
NEXT STORY