ਜਲੰਧਰ, (ਧਵਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਮੰਡਲ ਵੱਲੋਂ ਜਦੋਂ ਪਹਾੜੀ ਸੂਬਿਆਂ ਨੂੰ ਜੀ. ਐੱਸ. ਟੀ. 'ਚ ਛੋਟ ਦੇ ਸਬੰਧੀ ਫੈਸਲਾ ਲਿਆ ਗਿਆ ਸੀ ਤਾਂ ਉਸ ਸਮੇਂ ਕੇਂਦਰੀ ਮੰਤਰੀ ਮੰਡਲ 'ਚ ਬੈਠੇ ਅਕਾਲੀ ਦਲ ਦੇ ਮੰਤਰੀ ਨੇ ਇਸ ਦਾ ਵਿਰੋਧ ਕਿਉਂ ਨਹੀਂ ਕੀਤਾ? ਇਸ ਤੋਂ ਪਤਾ ਲੱਗਦਾ ਹੈ ਕਿ ਅਕਾਲੀ ਦਲ ਦੀ ਸਹਿਮਤੀ ਨਾਲ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਵਿਰੋਧੀ ਫੈਸਲਾ ਲਿਆ ਅਤੇ ਪੰਜਾਬ ਦੇ ਗੁਆਂਢੀ ਸੂਬਿਆਂ ਜੰਮੂ ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਨੂੰ ਲਾਭ ਪਹੁੰਚਾ ਦਿੱਤਾ।
ਜਾਖੜ ਨੇ ਕਿਹਾ ਕਿ ਪੰਜਾਬ 'ਚ ਉਦਯੋਗ ਪਹਿਲਾਂ ਹੀ ਮ੍ਰਿਤਕ ਹਾਲਤ 'ਚ ਪਹੁੰਚੇ ਹੋਏ ਹਨ। ਹੁਣ ਤਾਂ ਇਸ ਫੈਸਲੇ ਨਾਲ ਉਦਯੋਗਿਕ ਇਕਾਈਆਂ ਮੁੜ ਤੋਂ ਹਿਜਰਤ ਕਰਨ ਲਈ ਮਜਬੂਰ ਹੋ ਜਾਣਗੀਆਂ। ਇਸ ਦੀ ਜ਼ਿੰਮੇਵਾਰੀ ਕੇਂਦਰ ਦੀ ਭਾਜਪਾ ਸਰਕਾਰ 'ਤੇ ਹੋਵੇਗੀ। ਭਾਜਪਾ ਨੇ ਇਕ ਹੀ ਝਟਕੇ 'ਚ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਉਦਯੋਗਾਂ ਨੂੰ ਰਾਹਤ ਦੇਣ ਲਈ ਚੁੱਕੇ ਗਏ ਕਦਮਾਂ 'ਤੇ ਪਾਣੀ ਫੇਰ ਦਿੱਤਾ ਹੈ।
ਜਾਖੜ ਨੇ ਕਿਹਾ ਕਿ ਘੱਟੋ-ਘੱਟ ਭਾਜਪਾ ਦੀਆਂ ਸਹਿਯੋਗੀ ਪਾਰਟੀਆਂ ਨੂੰ ਉਸ ਦੇ ਫੈਸਲੇ ਦਾ ਵਿਰੋਧ ਕਰਨਾ ਚਾਹੀਦਾ ਸੀ। ਅਕਾਲੀ ਦਲ ਨੇ ਸਿਰਫ ਬਿਆਨ ਦੇ ਕੇ ਆਪਣਾ ਪੱਲਾ ਛੁਡਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਇਸ ਤੋਂ ਉਹ ਦੌੜ ਨਹੀਂ ਸਕਦੇ ਕਿਉਂਕਿ ਅਕਾਲੀ ਦਲ ਦੇ ਮੰਤਰੀ ਦੀ ਮੌਜੂਦਗੀ 'ਚ ਹੀ ਕੇਂਦਰੀ ਮੰਤਰੀ ਮੰਡਲ ਨੇ ਗੁਆਂਢੀ ਪਹਾੜੀ ਸੂਬਿਆਂ ਨੂੰ ਟੈਕਸਾਂ 'ਚ ਛੋਟ ਦਿੱਤੀ। ਜਾਖੜ ਨੇ ਕਿਹਾ ਕਿ ਅਸੀਂ ਸੂਬੇ ਭਰ 'ਚ ਰੁੱਖ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਸਭ ਜ਼ਿਲਾ ਇਕਾਈਆਂ ਨੂੰ ਆਪਣੇ-ਆਪਣੇ ਖੇਤਰਾਂ 'ਚ ਵੱਧ ਤੋਂ ਵੱਧ ਰੁੱਖ ਲਾਉਣ ਦੇ ਨਿਰਦੇਸ਼ ਦਿੱਤੇ ਹਨ।
ਚੋਰਾਂ ਨੇ ਸੋਨੇ ਦੇ ਗਹਿਣਿਆਂ ਤੇ ਨਕਦੀ 'ਤੇ ਕੀਤਾ ਹੱਥ ਸਾਫ
NEXT STORY