ਬਠਿੰਡਾ— ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ 'ਚ ਪ੍ਰਚਾਰ ਲਈ ਓਰਬਿਟ ਕੰਪਨੀ ਦਾ ਹੈਲੀਕਾਪਟਰ ਦਿਨ-ਰਾਤ ਉੱਡਿਆ, ਜਿਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨੇ 'ਚੋਂ 1.37 ਕਰੋੜ ਰੁਪਏ ਤਾਰੇ ਗਏ। ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ 'ਚ 27 ਦਿਨ ਓਰਬਿਟ ਐਵੀਏਸ਼ਨ ਕੰਪਨੀ ਦਾ ਹੈਲੀਕਾਪਟਰ ਵਰਤਿਆ, ਜਿਸ ਨੇ ਚੋਣਾਂ ਵੇਲੇ ਵਿਧਾਨ ਸਭਾ ਹਲਕਿਆਂ ਦੇ 104 ਗੇੜੇ ਲਗਾਏ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ 40 ਸਟਾਰ ਪ੍ਰਚਾਰਕ ਸਨ ਪਰ ਓਰਬਿਟ ਹੈਲੀਕਾਪਟਰ ਦੀ ਵਰਤੋਂ ਸਿਰਫ ਬਾਦਲ ਪਰਿਵਾਰ ਨੇ ਕੀਤੀ। ਦੋ ਦਿਨ ਬਿਕਰਮ ਸਿੰਘ ਮਜੀਠੀਆ ਅਤੇ ਇਕ ਦਿਨ ਹਰਸਿਮਰਤ ਕੌਰ ਬਾਦਲ ਨੇ ਇਸ ਦੀ ਵਰਤੋਂ ਕੀਤੀ। 24 ਦਿਨ ਹੈਲੀਕਾਪਟਰ ਦੀ ਵਰਤੋਂ ਇਕੱਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਐੱਨ. ਕੇ. ਸ਼ਰਮਾ ਨੇ ਹੁਣ ਚੋਣ ਕਮਿਸ਼ਨ ਕੋਲ ਪੰਜਾਬ ਚੋਣਾਂ 'ਚ ਪਾਰਟੀ ਦੇ ਹੋਏ ਕੁੱਲ ਖਰਚ ਦੀ ਰਿਟਰਨ ਜਮ੍ਹਾ ਕਰਵਾਈ ਹੈ। ਰਿਪੋਰਟ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਚੋਣਾਂ 'ਤੇ ਕੁੱਲ 15.67 ਕਰੋੜ ਰੁਪਏ ਖਰਚ ਕੀਤੇ ਹਨ। ਸਭ ਤੋਂ ਵੱਡਾ ਖਰਚਾ ਮੀਡੀਆ ਇਸ਼ਤਿਹਾਰਾਂ 'ਤੇ 8.83 ਕਰੋੜ ਕੀਤਾ ਗਿਆ, ਜਿਸ 'ਚੋਂ ਇਕੱਲੇ ਪ੍ਰਿੰਟ ਮੀਡੀਆ ਨੂੰ 6.63 ਕਰੋੜ ਦੇ ਇਸ਼ਤਿਹਾਰ ਦਿੱਤੇ ਗਏ।
ਸੋਸ਼ਲ ਮੀਡੀਆ 'ਤੇ ਅਕਾਲੀ ਦਲ ਨੇ 1.73 ਕਰੋੜ ਅਤੇ ਪੋਸਟਰਾਂ, ਫਲੈਕਸਾਂ ਅਤੇ ਝੰਡਿਆਂ ਆਦਿ 'ਤੇ 4.06 ਕਰੋੜ ਖਰਚ ਕੀਤੇ ਗਏ। ਇਲੈਕਟ੍ਰਾਨਿਕ ਮੀਡੀਆ 'ਚੋਂ ਸ਼੍ਰੋਮਣੀ ਅਕਾਲੀ ਦਲ ਨੇ ਪੀ. ਟੀ. ਸੀ. ਚੈਨਲ ਨੂੰ 57.50 ਲੱਖ, ਫਾਸਟ ਵੇਅ ਨੂੰ 28.75 ਲੱਖ ਦੇ ਇਸ਼ਤਿਹਾਰ ਦਿੱਤੇ ਜਦਕਿ 'ਜ਼ੀ ਪੰਜਾਬੀ' ਨੂੰ 30 ਲੱਖ ਦੇ ਇਸ਼ਤਿਹਾਰ ਦਿੱਤੇ ਗਏ। ਇਹ ਸਾਰਾ ਖਰਚਾ ਵੋਟਾਂ ਪੈਣ ਤੋਂ ਪਹਿਲਾਂ ਵਾਲੇ ਆਖਰੀ 16 ਦਿਨਾਂ ਦੌਰਾਨ ਕੀਤਾ ਗਿਆ। ਪਾਰਟੀ ਦਫਤਰਾਂ ਦਾ ਖਰਚਾ 1.18 ਕਰੋੜ ਰੁਪਏ ਆਇਆ।
ਤੁਹਾਨੂੰ ਦੱਸ ਦਈਏ ਸ਼੍ਰੋਮਣੀ ਅਕਾਲੀ ਦਲ ਨੇ ਸਾਲ 2012 ਦੀਆਂ ਚੋਣਾਂ 'ਚ ਹੈਲੀਕਾਪਟਰ 'ਤੇ 1.41 ਕਰੋੜ ਰੁਪਏ ਖਰਚ ਕੀਤੇ ਸਨ। ਇਸ ਵਾਰ ਚੋਣਾਂ 'ਚ ਇਕੱਲੀ ਓਰਬਿਟ ਕੰਪਨੀ ਦਾ ਹੈਲੀਕਾਪਟਰ ਵਰਤਿਆ ਗਿਆ, ਜਿਸ 'ਤੇ ਬਾਦਲ ਪਰਿਵਾਰ ਨੇ 12 ਗੇੜੇ ਕਾਲਝਰਾਨੀ ਦੇ ਹੀ ਲਗਾਏ। ਉਮੀਦਵਾਰਾਂ ਦਾ ਖਰਚਾ ਇਸ ਤੋਂ ਵੱਖਰਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ 'ਚੋਂ ਸਿਰਫ ਪਟਿਆਲਾ ਦੇ ਉਮੀਦਵਾਰ ਜਰਨਲ ਜੇ. ਜੇ. ਸਿੰਘ ਨੂੰ 20 ਲੱਖ ਰੁਪਏ ਦਿੱਤੇ ਜਦਕਿ ਬਾਕੀ ਕਿਸੇ ਉਮੀਦਵਾਰ ਨੂੰ ਕੋਈ ਚੋਣ ਫੰਡ ਨਹੀਂ ਦਿੱਤਾ ਗਿਆ। ਉਥੇ ਹੀ ਕਾਂਗਰਸ ਨੇ ਪੰਜਾਬ ਚੋਣਾਂ ਲੜਨ ਵਾਲੇ 117 ਉਮੀਦਵਾਰਾਂ 'ਚੋਂ 44 ਉਮੀਦਵਾਰਾਂ ਨੂੰ ਚੋਣ ਫੰਡ ਵਜੋਂ 10.90 ਕਰੋੜ ਦਿੱਤੇ। ਹਰ ਉਮੀਦਵਾਰ ਨੂੰ 25 ਲੱਖ ਰੁਪਏ ਦਾ ਚੋਣ ਫੰਡ ਦਿੱਤਾ ਗਿਆ।
ਸੜਕਾਂ 'ਤੇ ਖੜ੍ਹੇ ਮੀਂਹ ਦੇ ਪਾਣੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾਈਆਂ (ਵੀਡੀਓ)
NEXT STORY