ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਨੇ ਹੈੱਡਕੁਆਰਟਰ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਸਾਰੇ ਸਥਾਨਾਂ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ 20 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮਾਂ ਨੂੰ ਇਸ ਕਾਰਜ ਵਿਚ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 'ਆਪ' ਨਾਲ ਗਠਜੋੜ ਬਾਰੇ ਬੋਲੇ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ- 'ਪਾਰਟੀ ਹਾਈਕਮਾਨ ਕਰੇਗੀ ਫ਼ੈਸਲਾ'
ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨਿੱਜੀ ਤੌਰ 'ਤੇ ਗਣਤੰਤਰ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਮੰਤਵ ਲਈ ਉਨ੍ਹਾਂ ਵੱਲੋਂ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਾਰੇ ਸਥਾਨਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿਚ ਮੌਜੂਦ ਰਹਿ ਕੇ ਆਪੋ-ਆਪਣੇ ਸਬੰਧਤ ਸਥਾਨਾਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਗਜ਼ਟਿਡ ਅਫ਼ਸਰਾਂ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼.) ਨੂੰ ਵੀ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ 'ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪ੍ਰੋਫ਼ੈਸਰ ਭੁੱਲਰ ਦੀ ਰਿਹਾਈ ਦੇ ਮਾਮਲੇ 'ਤੇ 'ਆਪ' ਨੇ ਅਕਾਲੀ ਦਲ ਦੇ ਦੋਸ਼ ਨਕਾਰੇ, ਦੱਸੀ ਸਾਰੀ ਗੱਲ
ਆਈ.ਜੀ.ਪੀ. ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਨੇ ਸੂਬੇ ਭਰ ਵਿਚ ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਵਿਆਪਕ ਚੈਕਿੰਗ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ, ਅੰਤਰ-ਜ਼ਿਲ੍ਹਾ ਅਤੇ ਸ਼ਹਿਰੀ ਸੀਮਾਵਾਂ ਨੂੰ ਸੀਲ ਕਰਨ ਸਬੰਧੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਵੀ ਸ਼ੱਕੀ ਲਗਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕ 112 ਹੈਲਪਲਾਈਨ ਨੰਬਰ 'ਤੇ ਪੁਲਿਸ ਨੂੰ ਸੂਚਨਾ ਦੇ ਸਕਦੇ ਹਨ।
ਇਸ ਦੇ ਨਾਲ ਹੀ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਸਰਚ ਆਪਰੇਸ਼ਨ (ਸੀ.ਏ.ਐੱਸ.ਓ.) ਕਰਨ ਅਤੇ ਬਾਜ਼ਾਰਾਂ, ਸਰਕਾਰੀ ਇਮਾਰਤਾਂ ਅਤੇ ਧਾਰਮਿਕ ਸਥਾਨਾਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਬਨਿਟ ਮੰਤਰੀ ਵੱਲੋਂ ਮਿਲੇ ਭਰੋਸੇ ਮਗਰੋਂ ਖੇਤੀਬਾੜੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਜਲਦ ਪੂਰੀਆਂ ਹੋਣਗੀਆਂ ਮੰਗਾਂ
NEXT STORY