ਦੋਰਾਹਾ (ਵਿਨਾਇਕ) : ਦੋਰਾਹਾ ਦੀ ਲਕੱੜ ਮੰਡੀ ਸਥਿਤ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਖੇਤਰ ਵਿਚੋਂ ਰੋਜ਼ਾਨਾ ਗੁਜ਼ਰ ਰਹੇ ਰੇਤ-ਬੱਜਰੀ ਨਾਲ ਭਰੇ ਓਵਰਲੋਡ ਟਿੱਪਰ ਸਥਾਨਕ ਵਸਨੀਕਾਂ ਲਈ ਗੰਭੀਰ ਚਿੰਤਾ ਦਾ ਕਾਰਨ ਬਣੇ ਹੋਏ ਹਨ। ਭਾਰੀ ਭਰਕਮ ਵਾਹਨਾਂ ਦੀ ਆਵਾਜਾਈ ਕਾਰਨ ਨਾ ਸਿਰਫ਼ ਲੋਕਾਂ ਦੀ ਜਾਨ ਨੂੰ ਖਤਰਾ ਪੈਦਾ ਹੋ ਰਿਹਾ ਹੈ, ਸਗੋਂ ਖੇਤਰ ਵਿਚ ਬਿਜਲੀ ਅਤੇ ਟੈਲੀਫੋਨ ਦੀਆਂ ਤਾਰਾਂ, ਖੰਭਿਆਂ ਅਤੇ ਹੋਰ ਜਨਤਕ ਢਾਂਚਿਆਂ ਨੂੰ ਵੀ ਲਗਾਤਾਰ ਨੁਕਸਾਨ ਪਹੁੰਚ ਰਿਹਾ ਹੈ। ਇਸ ਦੇ ਬਾਵਜੂਦ ਸਥਾਨਕ ਪੁਲਸ ਅਤੇ ਪ੍ਰਸ਼ਾਸਨ ਵਲੋਂ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸਥਾਨਕ ਨਿਵਾਸੀਆਂ ਅਨੁਸਾਰ ਰੇਤ ਅਤੇ ਬੱਜਰੀ ਨਾਲ ਲੱਦੇ ਕਈ ਟਿੱਪਰ ਨਿਰਧਾਰਤ ਸਮਰੱਥਾ ਤੋਂ ਕਈ ਗੁਣਾ ਵੱਧ ਭਾਰ ਲੈ ਕੇ ਤੰਗ ਰਿਹਾਇਸ਼ੀ ਗਲੀਆਂ ਅਤੇ ਸੜਕਾਂ ਵਿਚੋਂ ਲੰਘਦੇ ਹਨ। ਕਈ ਵਾਰ ਇਨ੍ਹਾਂ ਵਾਹਨਾਂ ਦੀ ਉਚਾਈ ਅਤੇ ਓਵਰਲੋਡਿੰਗ ਕਾਰਨ ਬਿਜਲੀ ਅਤੇ ਸੰਚਾਰ ਵਿਭਾਗ ਦੀਆਂ ਤਾਰਾਂ ਨਾਲ ਟੱਕਰ ਹੋ ਜਾਂਦੀ ਹੈ, ਜਿਸ ਨਾਲ ਤਾਰਾਂ ਟੁੱਟਣ, ਖੰਭੇ ਝੁਕਣ ਅਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀਆਂ ਘਟਨਾਵਾਂ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ।
ਇਲਾਕਾ ਵਾਸੀਆਂ ਨੇ ਦੱਸਿਆ ਕਿ ਰਿਹਾਇਸ਼ੀ ਖੇਤਰ ਵਿਚੋਂ ਲੰਘਣ ਵਾਲੇ ਇਹ ਓਵਰਲੋਡ ਟਿੱਪਰ ਸਕੂਲੀ ਬੱਚਿਆਂ, ਬਜ਼ੁਰਗਾਂ ਅਤੇ ਦੋ-ਪਹੀਆ ਵਾਹਨ ਚਾਲਕਾਂ ਲਈ ਵੱਡਾ ਖਤਰਾ ਬਣੇ ਹੋਏ ਹਨ। ਟਿੱਪਰਾਂ ਵਿਚ ਰੇਤ ਨੂੰ ਢਕਣ ਲਈ ਤਰਪਾਲ ਦੀ ਵਰਤੋਂ ਨਾ ਹੋਣ ਕਾਰਨ ਉੱਡਦੀ ਧੂੜ ਅਤੇ ਰੇਤ ਪਿੱਛੇ ਆ ਰਹੇ ਵਾਹਨ ਚਾਲਕਾਂ ਦੀਆਂ ਅੱਖਾਂ ਵਿਚ ਪੈਂਦੀ ਹੈ, ਜਿਸ ਨਾਲ ਉਨ੍ਹਾਂ ਦਾ ਸੰਤੁਲਨ ਵਿਗੜਣ ਅਤੇ ਹਾਦਸਿਆਂ ਦੀ ਸੰਭਾਵਨਾ ਕਈ ਗੁਣਾ ਵੱਧ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਕਾਰਨ ਕਈ ਭਿਆਨਕ ਸੜਕ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਵਿਚ ਬੇਕਸੂਰ ਰਾਹਗੀਰਾਂ ਅਤੇ ਸਕੂਲੀ ਬੱਚਿਆਂ ਤੱਕ ਨੂੰ ਆਪਣੀਆਂ ਜਾਨਾਂ ਗਵਾਉਣੀਆਂ ਪਈਆਂ ਹਨ। ਇਸ ਦੇ ਬਾਵਜੂਦ ਓਵਰਲੋਡਿੰਗ ਦੇ ਕਾਰੋਬਾਰ 'ਤੇ ਪੂਰੀ ਤਰ੍ਹਾਂ ਰੋਕ ਨਹੀਂ ਲੱਗ ਸਕੀ।
ਇਸ ਤੋਂ ਇਲਾਵਾ ਨਿਰਧਾਰਤ ਹੱਦ ਤੋਂ ਵੱਧ ਭਾਰ ਢੋਹਣ ਵਾਲੇ ਇਹ ਵਾਹਨ ਸੜਕਾਂ ਅਤੇ ਪੈਦਲ ਰਸਤਿਆਂ ਦੀਆਂ ਟਾਈਲਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਾ ਰਹੇ ਹਨ। ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਜਨਤਕ ਢਾਂਚੇ ਓਵਰਲੋਡਿੰਗ ਕਾਰਨ ਸਮੇਂ ਤੋਂ ਪਹਿਲਾਂ ਖਰਾਬ ਹੋ ਰਹੇ ਹਨ, ਜਿਸ ਦਾ ਆਰਥਿਕ ਬੋਝ ਆਖਿਰਕਾਰ ਆਮ ਲੋਕਾਂ ਨੂੰ ਹੀ ਝੱਲਣਾ ਪੈਂਦਾ ਹੈ।
ਭਾਵੇਂ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਵਲੋਂ ਸਮੇਂ-ਸਮੇਂ ’ਤੇ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਨੂੰ ਜ਼ਬਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਪਰ ਦੋਰਾਹਾ ਦੇ ਰਿਹਾਇਸ਼ੀ ਖੇਤਰਾਂ ਵਿਚ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਸਥਾਨਕ ਲੋਕਾਂ ਅਤੇ ਸਮਾਜਿਕ ਜਥੇਬੰਦੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਓਵਰਲੋਡ ਟਿੱਪਰਾਂ ਦੀ ਆਵਾਜਾਈ ’ਤੇ ਤੁਰੰਤ ਰੋਕ ਲਾਈ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਓਵਰਲੋਡ ਟਿੱਪਰ ਲੋਕਾਂ ਦੀ ਜਾਨ ਦੇ ਬਣ ਰਹੇ ਦੁਸ਼ਮਣ : ਇੰਜੀ. ਬੋਪਾਰਾਏ
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ-ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਇੰਜੀ. ਜਗਦੇਵ ਸਿੰਘ ਬੋਪਾਰਾਏ ਨੇ ਲੱਕੜ ਮੰਡੀ ਦੇ ਰਿਹਾਇਸ਼ੀ ਖੇਤਰ ਵਿਚੋਂ ਓਵਰਲੋਡ ਟਿੱਪਰਾਂ ਦੀ ਨਿਰੰਤਰ ਆਵਾਜਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਿਰਫ਼ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ, ਸਗੋਂ ਆਮ ਲੋਕਾਂ ਦੀ ਜਾਨ ਨਾਲ ਖੁੱਲ੍ਹਾ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਦਰਤੀ ਸ੍ਰੋਤਾਂ ਦੀ ਲੁੱਟ ਅਤੇ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਲੰਬੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਪਰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਾਰਵਾਈ ਜ਼ਮੀਨੀ ਪੱਧਰ ’ਤੇ ਬੇਅਸਰ ਸਾਬਤ ਹੋ ਰਹੀ ਹੈ।
ਇੰਜੀ. ਬੋਪਾਰਾਏ ਨੇ ਕਿਹਾ ਕਿ ਜਦੋਂ ਭਾਰੀ ਓਵਰਲੋਡ ਵਾਹਨ ਰਿਹਾਇਸ਼ੀ ਖੇਤਰਾਂ, ਸਕੂਲਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚੋਂ ਬੇਰੋਕ-ਟੋਕ ਲੰਘਦੇ ਹਨ ਤਾਂ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਓਵਰਲੋਡਿੰਗ ਕਰਨ ਵਾਲੇ ਵਾਹਨਾਂ ਦੀ ਤੁਰੰਤ ਜਾਂਚ ਕਰ ਕੇ ਉਨ੍ਹਾਂ ਨੂੰ ਜ਼ਬਤ ਕੀਤਾ ਜਾਵੇ, ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਰਿਹਾਇਸ਼ੀ ਖੇਤਰਾਂ ਵਿਚ ਅਜਿਹੇ ਵਾਹਨਾਂ ਦੇ ਦਾਖ਼ਲੇ ’ਤੇ ਤੁਰੰਤ ਪਾਬੰਦੀ ਲਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਸਮੇਂ ਸਿਰ ਠੋਸ ਕਦਮ ਨਾ ਚੁੱਕੇ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਇਲਾਕੇ ਦੇ ਲੋਕ ਜਨਹਿੱਤ ਵਿਚ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਪੰਜਾਬ, ਚੰਡੀਗੜ੍ਹ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ ਝਟਕੇ
NEXT STORY