ਹੁਸ਼ਿਆਰਪੁਰ(ਘੁੰਮਣ)— ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲੇ ਦੀਆਂ 62 ਮੰਡੀਆਂ ਵਿਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਕੀਤੀ ਜਾ ਰਹੀ ਹੈ। ਹੁਣ ਤੱਕ 2,03,955 ਮੀਟਰਕ ਟਨ ਝੋਨਾ ਮੰਡੀਆਂ ਵਿਚ ਪਹੁੰਚ ਚੁੱਕਿਆ ਹੈ, ਜਿਸ ਵਿਚੋਂ 2,02,992 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਿਛਲੇ ਦਿਨ ਤੱਕ 214.650 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ 'ਤੇ ਜਿੱਥੇ ਕਿਸਾਨਾਂ ਨੂੰ ਸਮੇਂ-ਸਿਰ ਅਦਾਇਗੀ ਕੀਤੀ ਜਾ ਰਹੀ ਹੈ, ਉਥੇ ਹੀ ਲਿਫਟਿੰਗ ਦਾ ਕੰਮ ਵੀ ਸੁਚੱਜੇ ਤਰੀਕੇ ਨਾਲ ਚੱਲ ਰਿਹਾ ਹੈ। ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ ਤੋਂ ਲੈ ਕੇ ਹਰੇਕ ਤਰ੍ਹਾਂ ਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ। ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ ਅਤੇ ਸਮੇਂ-ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਸਮੇਂ-ਸਿਰ ਲਿਫਟਿੰਗ ਵੀ ਯਕੀਨੀ ਬਣਾ ਲਈ ਗਈ ਹੈ ਅਤੇ ਹੁਣ ਤੱਕ 1,44,555 ਮੀਟਰਕ ਟਨ (94 ਫੀਸਦੀ) ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਜ਼ਿਲਾ ਪ੍ਰਸ਼ਾਸਨ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨ੍ਹਾਂ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਝੋਨੇ ਦੀ ਫਸਲ ਸੁਕਾ ਕੇ ਹੀ ਲਿਆਉਣ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਬਿਲਕੁਲ ਨਾ ਸਾੜਿਆ ਜਾਵੇ। ਉਨ੍ਹਾਂ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਇਸ ਪ੍ਰਤੀ ਕਾਫੀ ਗੰਭੀਰ ਹੈ ਅਤੇ ਉਸ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀ ਪੂਰਨ ਮਨਾਹੀ ਕੀਤੀ ਗਈ ਹੈ।
ਹਰਸ਼ਿਤਾ ਕਤਲਕਾਂਡ : ਦਿਨੇਸ਼ ਨੇ 6 ਮਹੀਨੇ ਪਹਿਲਾਂ ਹੀ ਰਚੀ ਸੀ ਸਾਜਿਸ਼
NEXT STORY