ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ,ਤਰਸੇਮ ਢੁੱਡੀ) — ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਅੱਜ ਇੱਥੇ ਮੁੱਖ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਨੇ ਆਖਿਆ ਕਿ ਝੋਨੇ ਦੀ ਮੰਡੀਕਰਨ 'ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਮੈਡਮ ਕਰਨ ਕੌਰ ਬਰਾੜ ਅਤੇ ਜਗਜੀਤ ਸਿੰਘ ਹਨੀ ਫੱਤਣਵਾਲਾ ਵੀ ਹਾਜ਼ਰ ਸਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ 'ਚ 117 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਇੰਨਾਂ ਖਰੀਦ ਕੇਂਦਰਾਂ ਤੇ ਝੋਨੇ ਦੀ ਖਰੀਦ ਆਰੰਭੀ ਗਈ ਹੈ ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਮਾਰਕਿਟ ਕਮੇਟੀਆਂ ਨੂੰ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਮੰਡੀਕਰਨ ਦੌਰਾਨ ਜੇਕਰ ਕਿਸੇ ਕਿਸਾਨ ਨੂੰ ਮੁਸ਼ਕਿਲ ਆਈ ਤਾਂ ਜ਼ਿੰਮੇਵਾਰ ਅਧਿਕਾਰੀ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ 'ਚ ਲੈ ਕੇ ਆਉਣ । ਉਨ੍ਹਾਂ ਨੇ ਸਪੱਸ਼ਟ ਕੀਤਾ ਕਿ 17 ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਮੰਡੀਆਂ 'ਚ ਨਹੀਂ ਆਉਣ ਦਿੱਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ 'ਚ ਲੱਗੇ ਗੈਰ ਮੰਜ਼ੂਰਸ਼ੁਦਾ ਕੰਡਿਆਂ ਸਬੰਧੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੱਤਰ ਮਾਰਕਿਟ ਕਮੇਟੀ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸੇ ਤਰਾਂ ਉਨ੍ਹਾਂ ਕੱਚੇ ਆੜਤੀਆਂ ਨੂੰ ਵੀ ਕਿਹਾ ਕਿ ਉਹ ਆਪਣੇ ਸਵਾਈਪ ਕਾਰਡ ਚੈਕ ਕਰਵਾ ਲੈਣ ਅਤੇ ਇਹ ਐਕਟਿਵ ਹੋਣੇ ਚਾਹੀਦੇ ਹਨ ਤਾਂ ਜੋ ਝੋਨੇ ਦੀ ਅਦਾਇਗੀ ਨਾਲੋ ਨਾਲ ਹੋ ਸਕੇ। ਇਸ ਮੌਕੇ ਮਾਰਕਿਟ ਕਮੇਟੀ ਦੇ ਸਕੱਤਰ ਸ : ਗੁਰਚਰਨ ਸਿੰਘ, ਡੀ.ਐੱਫ.ਐੱਸ. ਸੀ. ਦੀਵਾਨ ਚੰਦ, ਏ.ਐੱਫ.ਐੱਸ.ਓ. ਗੁਰਤਾਰ ਸਿੰਘ, ਬਲਜਿੰਦਰ ਸ਼ਰਮਾ ਤੋਂ ਇਲਾਵਾ ਵੱਖ-ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਹਾਜ਼ਰ ਸਨ।
ਮੋਹਾਲੀ ਦੇ ਮਸ਼ਹੂਰ 'ਛੱਤਬੀੜ ਜੂ' 'ਚ ਸ਼ੁਰੂ ਹੋਇਆ ਵਾਈਲਡ ਲਾਈਫ ਹਫਤਾ, 8 ਅਕਤੂਬਰ ਤੱਕ ਐਂਟਰੀ ਮੁਫਤ
NEXT STORY