ਬਰੇਟਾ (ਬਾਂਸਲ) : ਆਦਰਸ਼ ਮਾਡਲ ਸਕੂਲ ਕੁਲਰੀਆਂ 'ਚ ਲੰਬੇ ਸਮੇਂ ਤੋਂ ਚੱਲ ਰਹੀ ਅਧਿਆਪਕਾਂ ਦੀ ਘਾਟ ਦੇ ਵਿਰੋਧ 'ਚ ਅੱਜ ਮਾਪਿਆਂ ਅਤੇ ਵਿਦਿਆਰਥੀਆਂ ਨੇ ਰੋਸ ਪ੍ਰਗਟ ਕਰਦਿਆਂ ਸਕੂਲ ਦੇ ਮੁੱਖ ਗੇਟ ਨੂੰ ਤਾਲਾ ਲਾ ਕੇ ਧਰਨਾ ਦਿੱਤਾ। ਇਸ ਮੌਕੇ ਵੱਡੀ ਗਿਣਤੀ 'ਚ ਪਹੁੰਚੇ ਮਾਪਿਆਂ ਨੇ ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਾਪਿਆਂ ਦਾ ਕਹਿਣਾ ਹੈ ਕਿ ਸਕੂਲ 'ਚ ਕਈ ਵਿਸ਼ਿਆਂ ਦੀਆਂ ਅਸਾਮੀਆਂ ਲੰਬੇ ਸਮੇਂ ਤੋਂ ਖ਼ਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਵਾਰ-ਵਾਰ ਸਿੱਖਿਆ ਅਧਿਕਾਰੀਆਂ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਸੁਣਵਾਈ ਨਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਹ ਸਖ਼ਤ ਕਦਮ ਚੁੱਕਣਾ ਪਿਆ।
ਧਰਨੇ 'ਚ ਸ਼ਾਮਲ ਵਿਦਿਆਰਥੀਆਂ ਨੇ ਵੀ ਹੱਥਾਂ 'ਚ ਤਖ਼ਤੀਆਂ ਫੜ੍ਹ ਕੇ ਆਪਣੀ ਪੜ੍ਹਾਈ ਦੇ ਨੁਕਸਾਨ ਬਾਰੇ ਗੱਲ ਰੱਖੀ। ਧਰਨਾਕਾਰੀਆਂ ਨੇ ਸਾਫ਼ ਕਿਹਾ ਕਿ ਜਦੋਂ ਤੱਕ ਖਾਲੀ ਪਈਆਂ ਅਸਾਮੀਆਂ 'ਤੇ ਅਧਿਆਪਕਾਂ ਦੀ ਨਿਯੁਕਤੀ ਨਹੀਂ ਹੁੰਦੀ, ਸਕੂਲ ਨੂੰ ਲੱਗਾ ਤਾਲਾ ਨਹੀਂ ਖੋਲ੍ਹਿਆ ਜਾਵੇਗਾ। ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁੱਜੇ ਡਿਪਟੀ ਡੀ. ਓ. ਪਰਮਜੀਤ ਸਿੰਘ ਨੇ ਮਾਪਿਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਅਤੇ ਮਸਲੇ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦੇ ਅੰਦਰ ਅੰਦਰ ਸਕੂਲ 'ਚ ਪ੍ਰਿੰਸੀਪਲ ਸਮੇਤ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਭਰ ਦਿੱਤਾ ਜਾਵੇਗਾ। ਇਸ ਭਰੋਸੇ ਤੋਂ ਬਾਅਦ ਇੱਕ ਵਾਰ ਧਰਨਾਕਾਰੀਆਂ ਵੱਲੋਂ ਧਰਨਾ ਚੁੱਕ ਲਿਆ ਗਿਆ।
ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ ਮਰੀਜ਼ 'ਤੇ ਡਿੱਗਾ ਛੱਤ ਦਾ ਮਲਬਾ
NEXT STORY