ਚੰਡੀਗੜ੍ਹ,(ਅਸ਼ਵਨੀ): ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੋਂ ਜਾਰੀ ਬਿਆਨ 'ਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਕਾਲ ਤਖਤ ਸਾਹਿਬ ਰਾਹੀਂ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ 'ਚ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬੀ ਜਗੀਰ ਕੌਰ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝੇ ਸਮਾਗਮ ਕਰਵਾਉਣ 'ਚ ਸਭ ਤੋਂ ਵੱਡਾ ਅੜਿੱਕਾ ਇਹ ਦੋਵੇਂ ਆਗੂ ਹੀ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਹ ਆਗੂ ਸੌੜੇ ਸਿਆਸੀ ਹਿੱਤਾਂ ਕਾਰਣ ਪਹਿਲੇ ਦਿਨ ਤੋਂ ਹੀ ਸਾਂਝੇ ਸਮਾਗਮ ਨਹੀਂ ਹੋਣ ਦੇਣਾ ਚਾਹੁੰਦੇ।
ਚੰਨੀ ਨੇ ਇਕ ਹੋਰ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਕਾਲ ਤਖਤ ਸਾਹਿਬ ਦੇ ਜਥੇਦਾਰ 'ਤੇ ਅਜਿਹੇ ਆਦੇਸ਼ ਜਾਰੀ ਕਰਨ ਲਈ ਦਬਾਅ ਬਣਾ ਰਹੇ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਦੇ ਸਮਾਗਮਾਂ 'ਤੇ ਰੋਕ ਲਾਈ ਜਾਵੇ। ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸਾਫ ਕਰ ਚੁੱਕੀ ਹੈ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿਚ ਪੰਜਾਬ ਸਰਕਾਰ ਕੋਈ ਦਖਲ-ਅੰਦਾਜ਼ੀ ਨਹੀਂ ਕਰੇਗੀ ਤੇ ਉਸ ਦੀ ਦੇਖ-ਰੇਖ ਸ਼੍ਰੋਮਣੀ ਕਮੇਟੀ ਹੀ ਕਰੇਗੀ, ਜਦਕਿ ਬਾਹਰ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਖਰਚ ਕੇ 800 ਏਕੜ ਵਿਚ ਟੈਂਟ ਸਿਟੀ, ਵੱਡਾ ਪੰਡਾਲ ਤੇ ਬਾਕੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿਨ੍ਹਾਂ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਬਾਕੀ ਮੈਂਬਰਾਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ। ਚੰਨੀ ਨੇ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਸਮਾਗਮ ਮਨਾਉਣ ਲਈ ਵੱਖਰੀ ਸਟੇਜ ਲਾਉਣ ਲਈ ਕਰੋੜਾਂ ਰੁਪਏ ਖਰਚ ਕਰਨ ਦਾ ਮਤਲਬ ਗੁਰੂ ਦੀ ਗੋਲਕ ਦੀ ਦੁਰਵਰਤੋਂ ਹੈ ਤੇ ਇਹ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮੁਫਾਦਾਂ ਲਈ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬਾਦਲ ਪਰਿਵਾਰ ਦੀ ਹੱਥ ਠੋਕਾ ਬਣੀ ਹੋਈ ਸ਼੍ਰੋਮਣੀ ਕਮੇਟੀ ਦਾ ਦੋਗਲਾ ਚਿਹਰਾ ਬੇਨਕਾਬ ਹੋਇਆ ਹੈ।
ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਲਈ ਉਨ੍ਹਾਂ ਇਕ ਵਾਰ ਫਿਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦੇਣ ਕਿ ਸਰਕਾਰ ਵਲੋਂ ਕਰਵਾਏ ਜਾ ਰਹੇ ਸਾਂਝੇ ਸਮਾਗਮਾਂ ਵਿਚ ਸ਼ਿਰਕਤ ਅਤੇ ਸਹਿਯੋਗ ਕਰਨ ਤਾਂ ਜੋ ਦੁਨੀਆ ਭਰ 'ਚ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਨਿਮਾਣੇ ਸਿੱਖ ਵਜੋਂ ਇਨ੍ਹਾਂ ਸਮਾਗਮਾਂ 'ਚ ਸ਼ਾਮਲ ਹੋਣਾ ਚਾਹੁੰਦੇ ਹਨ ਤੇ ਚਾਹੁੰਦੇ ਹਨ ਕਿ ਇਹ ਸਮਾਗਮ ਸਾਂਝੇ ਤੌਰ 'ਤੇ ਮਨਾਏ ਜਾਣ।
ਬਟਾਲਾ ਫੈਕਟਰੀ ਧਮਾਕਾ ਮਾਮਲੇ 'ਚ ਜਾਂਚ ਮੁਕੰਮਲ
NEXT STORY