ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ)— ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਥਾਨਕ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਪੁਰਾਤਨ ਧਾਰਮਿਕ ਰਹੁ ਰੀਤਾਂ ਅਨੁਸਾਰ ਅਮ੍ਰਿੰਤ ਵੇਲੇ ਪਰਿਕਰਮਾ ਵਿਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਲਵਾਈ। ਬੀਤੇ ਕਈ ਦਿਨਾਂ ਤੋਂ ਚੱਲ ਰਹੀਆਂ ਤਿਆਰੀਆਂ ਦੌਰਾਨ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਤੇ ਗੁਰਦੁਆਰਾ ਤੰਬੂ ਸਾਹਿਬ ਤੋਂ ਇਲਾਵਾ ਸਾਰੀ ਪਰਿਕਰਮਾ ਨੂੰ ਬਿਜਲਈ ਰੌਸ਼ਨੀਆਂ ਅਤੇ ਸੁੰਦਰ ਗੁਬਾਰਿਆਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਅਮਿ੍ਰੰਤ ਵੇਲੇ ਸਵੇਰੇ 3.30 ਵਜੇ ਸ੍ਰੀ ਦਰਬਾਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਪ੍ਰਾਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਸਪੰਨ ਹੋਇਆ। ਇਸ ਉਪਰੰਤ ਅਮ੍ਰਿੰਤ ਵੇਲੇ ਦਾ ਪਹਿਲਾ ਪੱਵਿਤਰ ਹੁਕਮਨਾਮਾ ਲਿਆ ਗਿਆ। ਨਗਰ ਕੀਰਤਨ ਸੰਪਰੂਨਤਾ ਦੀ ਅਰਦਾਸ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਕੀਤੀ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੁੰਦਰ ਪਾਲਕੀ ਫੁੱਲਾਂ ਨਾਲ ਸਜਾਈ ਗਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸੰਗਤਾਂ ਸਾਰੇ ਰਸਤੇ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਰਹੀਆਂ।

ਇਸ ਮੌਕੇ ਜਿੱਥੇ ਸੈਂਟ ਸੋਲਜ਼ਰ ਸਕੂਲ ਦੇ ਬੱਚਿਆਂ ਨੇ ਬੈਂਡ ਦੀਆਂ ਧਾਰਮਿਕ ਧੁਨਾਂ ਰਾਹੀਂ ਮਾਹੌਲ ਨੂੰ ਧਾਰਮਿਕ ਰੰਗ ਵਿੱਚ ਰੰਗ ਦਿੱਤਾ ਉੱਥੇ ਹੀ ਕੀਤੀ ਗਈ ਸੁੰਦਰ ਆਤਿਸ਼ਬਾਜ਼ੀ ਨੇ ਇਕ ਵੱਖਰਾ ਨਜ਼ਾਰਾ ਪੇਸ਼ ਕੀਤਾ। ਨਗਰ ਕੀਰਤਨ ਦੌਰਾਨ ਸੁੰਦਰ ਸਜਾਈ ਗਈ ਪਾਲਕੀ ਤੇ ਫੁੱਲਾਂ ਦੀ ਵਰਖਾ ਹੁੰਦੀ ਰਹੀ। ਹੁਕਮਨਾਮੇ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਉਪਰੰਤ ਸਾਢੇ 9 ਵਜੇ ਪ੍ਰਕਾਸ਼ ਪੁਰਬ ਦੇ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਵਿਖੇ ਸਾਰਾ ਦਿਨ ਧਾਰਮਿਕ ਸਮਾਗਮ ਚੱਲਦੇ ਰਹੇ ਅਤੇ ਇਸ ਦੌਰਾਨ ਕੀਰਤਨੀ, ਢਾਡੀ ਅਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ। ਇਸੇ ਦੌਰਾਨ ਸ਼ਰਧਾਲੂਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ’ਚ ਪਰਿਕਰਮਾ ਧੁਆਈ ਸੰਗਤ, ਪ੍ਰਭਾਤ ਫੇਰੀ ਚੌਂਕੀ ਜੱਥਾ ਸੰਗਤ ਤੋਂ ਇਲਾਵਾ ਵੱਖ-ਵੱਖ ਸੇਵਾ ਸੋਸਾਇਟੀ ਨੇ ਪੂਰਨ ਸਹਿਯੋਗ ਦਿੱਤਾ। ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ, ਐਡੀਸ਼ਨਲ ਮੈਨੇਜਰ ਮਨਿੰਦਰ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਹਰਪਾਲ ਸਿੰਘ ਬੇਦੀ, ਜਗਦੇਵ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ , ਗੁਰਮੀਤ ਸਿੰਘ ਖਜਾਨਚੀ, ਭਗਵਾਨ ਸਿੰਘ , ਕੁਲਦੀਪ ਸਿੰਘ ਪਰੂਥੀ, ਹਰਨੇਕ ਸਿੰਘ ਨੇਕੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਹਰਭਜਨ ਸਿੰਘ ਨੇ ਸਮਾਜ ਦੇ ਗੁੰਮਨਾਮ ਨਾਇਕਾਂ ਨੂੰ ਸਾਹਮਣੇ ਲਿਆਉਣ ਲਈ ਸ਼ੁਰੂ ਕੀਤਾ ਇਹ ਉਪਰਾਲਾ
NEXT STORY