ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਅਜਿਹਾ ਕੁੱਝ ਕਹਿਣ ਜਾਂ ਕਰਨ ਤੋਂ ਗੁਰੇਜ਼ ਕਰਨ, ਜਿਸ ਨਾਲ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਵਿਚ ਰੁਕਾਵਟ ਪੈ ਸਕਦੀ ਹੋਵੇ। ਉਨ੍ਹਾਂ ਕੈਪਟਨ ਨੂੰ ਕਿਹਾ ਕਿ ਉਹ ਪਿਛਲੇ 70 ਸਾਲਾਂ ਤੋਂ ਦੁਨੀਆਂ ਭਰ ਦੇ ਕਰੋੜਾਂ ਸਿੱਖਾਂ ਵੱਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਅਤੇ ਖਾਹਿਸ਼ਾਂ ਪੂਰੀਆਂ ਹੋਣ ਦੇ ਰਾਹ 'ਚ ਅੜਿੱਕੇ ਨਾ ਪਾਉਣ।
ਬਾਦਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਵਾਸਤੇ ਭਾਰਤ ਸਰਕਾਰ ਵੱਲੋਂ ਕੀਤਾ ਉਪਰਾਲਾ ਅਤੇ ਪਾਕਿਸਤਾਨ ਦਾ ਹੁੰਗਾਰਾ ਸਮੁੱਚੇ ਖਾਲਸਾ ਪੰਥ ਦੀ ਇੱਕ ਸਾਂਝੀ ਪ੍ਰਾਪਤੀ ਹਨ, ਜਿਹੜੀ ਕਿ ਨਿੱਜੀ ਜਾਂ ਪਾਰਟੀ ਦੀਆਂ ਵਲਗਣਾਂ ਤੋਂ ਬਹੁਤ ਪਰ ਦੀ ਗੱਲ ਹੈ। ਇਸ ਦਾ ਸੁਆਗਤ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਨੂੰ ਅਜਿਹਾ ਕੁੱਝ ਕਹਿਣਾ ਜਾਂ ਕਰਨਾ ਨਹੀਂ ਚਾਹੀਦਾ, ਜਿਸ ਨਾਲ ਇਸ ਪ੍ਰਾਪਤੀ ਦੇ ਰਾਹ ਵਿਚ ਅੜਿੱਕਾ ਖੜਾ ਹੋ ਸਕਦਾ ਹੋਵੇ।
ਇੱਥੇ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਕੀਤੀਆਂ ਤਾਜ਼ੀਆਂ ਟਿੱਪਣੀਆਂ ਬਹੁਤ ਮੰਦਭਾਗੀਆਂ ਸਨ। ਉਨ੍ਹਾਂ ਦੀ ਬਿਆਨਬਾਜ਼ੀ ਸਿੱਖਾਂ ਜਜ਼ਬਾਤਾਂ ਦੇ ਖ਼ਿਲਾਫ ਭੁਗਤੀ ਹੈ। ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਿੱਖ ਭਾਈਚਾਰੇ ਦੇ ਇਸ ਪਵਿੱਤਰ ਟੀਚੇ ਦੇ ਰਾਹ ਵਿਚ ਰੋੜੇ ਨਾ ਅਟਕਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਚੇਤੇ ਕਰਵਾਉਣਾ ਜ਼ਰੂਰੀ ਹੈ ਕਿ ਇਸ ਲਾਂਘੇ ਨੂੰ ਖੋਲ੍ਹਣਾ ਕੋਈ ਸਿਆਸੀ ਨਹੀਂ, ਸਗੋਂ ਖਾਲਸਾ ਪੰਥ ਦੀ ਇੱਕ ਬਹੁਤ ਹੀ ਡੂੰਘੀ ਧਾਰਮਿਕ ਰੀਝ ਹੈ, ਜਿਸ ਵਾਸਤੇ ਦੁਨੀਆਂ ਦੇ ਹਰ ਕੋਨੇ 'ਚ ਬੈਠਾ ਸਿੱਖ ਪਿਛਲੇ 70 ਸਾਲਾਂ ਤੋਂ ਅਰਦਾਸਾਂ ਕਰਦਾ ਆ ਰਿਹਾ ਹੈ। ਇਹ ਸਿੱਖਾਂ ਦੀ ਰੋਜ਼ਾਨਾ ਅਰਦਾਸ ਅਤੇ ਮਾਸਟਰ ਤਾਰਾ ਸਿੰਘ ਵੱਲੋਂ ਸ਼ੁਰੂ ਕੀਤੇ ਉਸ ਲੰਬੇ ਸੰਘਰਸ਼ ਦਾ ਨਤੀਜਾ ਹੈ, ਜਿਸ 'ਚ ਸਿੱਖ ਕੌਮ ਦੇ ਵੱਡੇ ਆਗੂਆਂ ਸੰਤ ਫਤਿਹ ਸਿੰਘ, ਸੰਤ ਹਰਚੰਦ ਸਿੰਘ ਜੀ ਲੌਂਗੋਵਾਲ, ਜਥੇਦਾਰ ਗੁਰਚਰਨ ਸਿੰਘ ਟੋਹੜਾ, ਜਗਦੇਵ ਸਿੰਘ ਤਲਵੰਡੀ, ਕੁਲਦੀਪ ਸਿੰਘ ਵਡਾਲਾ ਤੋਂ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਅਤੇ ਸਮੁੱਚੀ ਸਿੱਖ ਕੌਮ ਨੇ ਆਪਣਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਕੈਪਟਨ ਨੂੰ ਸਿੱਖਾਂ ਦੀਆਂ ਉਹਨਾਂ ਗੁਰਧਾਮਾਂ ਦੇ ਖੁੱਲ•ੇ ਦਰਸ਼ਨ ਦੀਦਾਰੇ ਅਤੇ ਸੇਵਾ ਸੰਭਾਲ ਦੀਆਂ ਰੀਝਾਂ ਪੂਰੀਆਂ ਹੋਣ ਦੇ ਰਾਹ ਵਿਚ ਨਹੀਂ ਆਉਣਾ ਚਾਹੀਦਾ, ਜਿਹਨਾਂ ਕੋਲੋਂ ਦੇਸ਼ ਦੀ ਵੰਡ ਸਮੇਂ ਖਾਲਸਾ ਪੰਥ ਨੂੰ ਵਿਛੋੜਿਆ ਗਿਆ ਹੈ।
ਬਾਦਲ ਨੇ ਕਿਹਾ ਕਿ ਇਸ ਪਵਿੱਤਰ ਟੀਚੇ ਦੀ ਪ੍ਰਾਪਤੀ ਲਈ ਜਿਸ ਨੇ ਵੀ ਭੂਮਿਕਾ ਨਿਭਾਈ ਹੈ, ਉਹ ਬੇਸ਼ੱਕ ਕਿਸੇ ਵੀ ਪਾਰਟੀ ਨਾਲ ਸੰਬੰਧਿਤ ਹੋਵੇ ਉਸ ਦੀ ਪ੍ਰਸੰਸਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਵੱਲੋਂ ਕੀਤੀ ਅਰਦਾਸ ਸਦਕਾ ਹੋਈ ਗੁਰੂ ਸਾਹਿਬਾਨ ਦੀ ਮਿਹਰ ਦਾ ਨਤੀਜਾ ਹੈ। ਸਿੱਖ ਇਸ ਸੰਬੰਧ 'ਚ ਪਹਿਲਕਦਮੀ ਕਰਨ ਲਈ ਭਾਰਤ ਸਰਕਾਰ ਅਤੇ ਇਸ ਦੇ ਜੁਆਬ ਵਿਚ ਲਾਂਘਾ ਖੋਲ•ਣ ਦਾ ਹੁੰਗਾਰਾ ਭਰਨ ਲਈ ਪਾਕਿਸਤਾਨ ਸਰਕਾਰ ਦੇ ਸ਼ੁਕਰਗੁਜ਼ਾਰ ਹਨ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇਸ ਟੀਚੇ ਦੀ ਪ੍ਰਾਪਤੀ ਵਾਸਤੇ ਭੂਮਿਕਾ ਨਿਭਾਈ ਹੈ, ਉਹ ਚਾਹੇ ਕਿਸੇ ਵੀ ਪਾਰਟੀ ਨਾਲ ਹੀ ਸੰਬੰਧਿਤ ਕਿਉਂ ਨਾ ਹੋਣ। ਕੈਪਟਨ ਸਾਹਿਬ ਨੂੰ ਵੀ ਸਿਆਸੀ ਵਲਗਣਾਂ ਤੋਂ ਉੱਪਰ ਉੱਠ ਕੇ ਪੂਰੇ ਦਿਲ ਨਾਲ ਇਸ ਲਾਂਘੇ ਦਾ ਸਵਾਗਤ ਅਤੇ ਸਮਰਥਨ ਕਰਨਾ ਚਾਹੀਦਾ ਹੈ।
ਪੰਜ ਸੂਬਿਆਂ ਦੇ ਨਤੀਜਿਆਂ ਤੋਂ ਬਾਅਦ ਸੰਸਦ ਸੈਸ਼ਨ ਦਾ ਦੂਜਾ ਦਿਨ (ਪੜੋ 12 ਦਸੰਬਰ ਦੀਆਂ ਖਾਸ ਖਬਰਾਂ)
NEXT STORY