ਜਲੰਧਰ (ਵੈੱਬਡੈਸਕ)- ਬੀਤੀ ਰਾਤ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ਵਿਖੇ ਕੁਝ ਅਣਪਛਾਤੇ ਨਾਕਾਬਪੋਸ਼ ਹਥਿਆਰਬੰਦ ਵਿਅਕਤੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਤੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਜਿੰਦਾ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ, ਨਹੀਂ ਤਾਂ ਵੱਡਾ ਭਾਣਾ ਵਾਪਰ ਸਕਦਾ ਸੀ।
ਇਸ ਮਾਮਲੇ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਆਪਣੇ ਐਕਸ ਅਕਾਊਂਟ 'ਤੇ ਇਕ ਪੋਸਟ ਪਾ ਕੇ ਲਿਖਿਆ, ''ਸੁਲਤਾਨਪੁਰ ਲੋਧੀ 'ਚ ਇਕ ਹੈਰਾਨੀਜਨਕ ਘਟਨਾ ਵਾਪਰੀ ਹੈ। ਜ਼ਿਲ੍ਹਾ ਪਰਿਸ਼ਦ ਕਪੂਰਥਲਾ ਦੇ ਵਾਈਸ ਚੇਅਰਮੈਨ ਤੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਜਿੰਦਾ ਆਪਣੇ ਪਿੰਡ ਸ਼ਾਹਜਹਾਨਪੁਰ ਵਿਖੇ ਆਪਣੇ ਹੀ ਘਰ ਦੇ ਬਾਹਰ ਹੋਈ ਫਾਇਰਿੰਗ 'ਚ ਬੜੀ ਮੁਸ਼ਕਲ ਨਾਲ ਬਚੇ ਹਨ।''
ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ ਤੇ ਮੌਜੂਦਾ ਪੰਜਾਬ ਸਰਕਾਰ ਦੇ ਪ੍ਰਸ਼ਾਸਨ 'ਚ ਹੁਣ ਦੇ ਹਾਲਾਤਾਂ ਤੇ ਸਮੇਂ ਦੌਰਾਨ ਪੰਜਾਬ 'ਚ ਕੋਈ ਵੀ ਸੁਰੱਖਿਅਤ ਨਹੀਂ ਹੈ।

ਜ਼ਿਕਰਯੋਗ ਹੈ ਕਿ ਉਕਤ ਫਾਇਰਿੰਗ ਦੀ ਜਾਣਕਾਰੀ ਮਿਲਣ ਮਗਰੋਂ ਪੁਲਸ ਟੀਮ ਸ਼ਾਹਜਹਾਨਪੁਰ ਪਿੰਡ ਪਹੁੰਚ ਚੁੱਕੀ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਇਹ ਵੀ ਦੱਸਿਆ ਕਿ ਇਸ ਹਮਲੇ ਦੀ ਜ਼ਿੰਮੇਵਾਰੀ ਜਿੰਦਾ ਦੇ ਆਪਣੇ ਹੀ ਪਿੰਡ ਦੇ ਇਕ ਗੈਂਗਸਟਰ ਜੱਗਾ ਫੁੱਕੀਵਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਲਈ ਹੈ, ਜਿਸ ਮਗਰੋਂ ਪੁਲਸ ਨੇ ਇਸ ਐਂਗਲ ਤੋਂ ਵੀ ਜਾਂਚ ਆਰੰਭ ਦਿੱਤੀ ਹੈ ਤੇ ਭਰੋਸਾ ਦਿਵਾਇਆ ਹੈ ਕਿ ਮੁਲਜ਼ਮਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ ; ਸੈਰ ਕਰਦੇ ਕਾਂਗਰਸੀ ਆਗੂ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਪੰਜਾਬ 'ਚ ਵੱਡੀ ਵਾਰਦਾਤ ; ਸੈਰ ਕਰਦੇ ਕਾਂਗਰਸੀ ਆਗੂ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
NEXT STORY