ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਮੋਰਚਾ ਖੋਲ੍ਹਦਿਆਂ ਉਨ੍ਹਾਂ 'ਤੇ ਪਾਵਨ ਸਰੂਪਾਂ ਦੇ ਬੇਹੱਦ ਸੰਵੇਦਨਸ਼ੀਲ ਧਾਰਮਿਕ ਮੁੱਦੇ 'ਤੇ ਜਨਤਾ ਨੂੰ ਗੁੰਮਰਾਹ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਬਾਜਵਾ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਰਸੋਖਾਨਾ ਵਿਖੇ ਸਾਰੇ ਪਾਵਨ ਸਰੂਪਾਂ ਦੇ ਰਿਕਾਰਡ ਸਹੀ ਹੋਣ ਦੀ ਪੁਸ਼ਟੀ ਨੇ ਮੁੱਖ ਮੰਤਰੀ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਆਪਣੇ ਹੀ ਮੰਤਰੀ ਨੇ ਮੁੱਖ ਮੰਤਰੀ ਨੂੰ ਕੀਤਾ ਝੂਠਾ ਸਾਬਤ
ਬਾਜਵਾ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਤੌਰ 'ਤੇ ਦਾਅਵਾ ਕੀਤਾ ਸੀ ਕਿ ਬੰਗਾ ਨੇੜਿਓਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 169 ਪਾਵਨ ਸਰੂਪ ਬਰਾਮਦ ਕੀਤੇ ਗਏ ਹਨ। ਹਾਲਾਂਕਿ, ਉਨ੍ਹਾਂ ਦੇ ਆਪਣੇ ਹੀ ਵਿੱਤ ਮੰਤਰੀ ਨੇ ਹੁਣ ਇਸ ਦਾਅਵੇ ਨੂੰ ਸਿਰਫ਼ ਇੱਕ 'ਗਲਤਫਹਿਮੀ' ਦੱਸ ਕੇ ਖਾਰਜ ਕਰ ਦਿੱਤਾ ਹੈ। ਬਾਜਵਾ ਨੇ ਸਵਾਲ ਉਠਾਇਆ ਕਿ ਸ਼ਰਧਾ ਅਤੇ ਅਕੀਦਤ ਦੇ ਮਾਮਲਿਆਂ ਨੂੰ ਅਜਿਹੀਆਂ ਗੈਰ-ਜ਼ਿੰਮੇਵਾਰਾਨਾ ਸਫ਼ਾਈਆਂ ਨਾਲ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਦਾ ਸਪੱਸ਼ਟ ਜਵਾਬ ਚਾਹੀਦਾ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਲਈ ਝੂਠੇ ਦਾਅਵੇ ਕਰਨਾ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਯਾਦ ਕਰਵਾਇਆ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਗ੍ਰਿਫ਼ਤਾਰੀ ਅਤੇ ਜਰਮਨੀ ਦੌਰੇ ਤੋਂ ਬਾਅਦ ਪੰਜਾਬ ਵਿੱਚ BMW ਪਲਾਂਟ ਲਗਾਉਣ ਦੇ ਝੂਠੇ ਦਾਅਵੇ ਕੀਤੇ ਸਨ, ਜੋ ਬਾਅਦ ਵਿੱਚ 'ਫੇਕ ਨਿਊਜ਼' ਸਾਬਤ ਹੋਏ ਸਨ। ਬਾਜਵਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੇ ਜਨਤਾ ਦੇ ਵਿਸ਼ਵਾਸ ਅਤੇ ਸੰਸਥਾਗਤ ਸਤਿਕਾਰ ਨੂੰ ਹੋਰ ਢਾਹ ਲਾਈ ਹੈ।
ਅਰਵਿੰਦ ਕੇਜਰੀਵਾਲ 'ਤੇ ਵੀ ਸਾਧਿਆ ਨਿਸ਼ਾਨਾ
ਬਾਜਵਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਨੂੰ 'ਹਨੇਰੀ ਖਾਈ' ਵਿੱਚ ਧੱਕਣ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇੱਕ ਅਜਿਹੇ ਵਿਅਕਤੀ ਨੂੰ ਮੁੱਖ ਮੰਤਰੀ ਨਿਯੁਕਤ ਕੀਤਾ ਹੈ ਜੋ ਪ੍ਰਬੰਧਕੀ, ਆਰਥਿਕ ਅਤੇ ਸਮਾਜਿਕ-ਧਾਰਮਿਕ ਹਰ ਮੋਰਚੇ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ। ਬਾਜਵਾ ਅਨੁਸਾਰ ਅੱਜ ਪੰਜਾਬ ਵਿੱਚ ਸ਼ਾਸਨ ਸਿਰਫ਼ 'ਹੈੱਡਲਾਈਨ ਮੈਨੇਜਮੈਂਟ' ਅਤੇ ਗਲਤ ਜਾਣਕਾਰੀ ਤੱਕ ਸੀਮਤ ਹੋ ਕੇ ਰਹਿ ਗਿਆ ਹੈ।
ਪਾਵਨ ਸਰੂਪ ਮਾਮਲਾ: ਰਾਜਾ ਸਾਹਿਬ ਵਿਖੇ ਸੰਗਤ ਦੇ ਵਿਰੋਧ ਮਗਰੋਂ AAP ਸਰਕਾਰ ਦਾ 'ਯੂ-ਟਰਨ'
NEXT STORY