ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ 'ਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਧੜੇਬੰਦੀ ਦਰਮਿਆਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਹੋਈ ਮੁਲਾਕਾਤ ਨੇ ਪੰਜਾਬ ਦੀ ਸਿਆਸਤ 'ਚ ਨਵੀਂ ਚਰਚਾ ਛੇੜ ਦਿੱਤੀ ਹੈ। ਦਿੱਲੀ ਦੌਰੇ ਦੌਰਾਨ ਬਾਜਵਾ ਨੇ ਰਾਹੁਲ ਗਾਂਧੀ ਸਮੇਤ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਸਬੰਧੀ ਜਦੋਂ ਬਾਜਵਾ ਤੋਂ ਪੰਜਾਬ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ‘ਇਨ-ਫਾਈਟਿੰਗ’ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਸਿੱਧੇ ਤੌਰ ’ਤੇ ਕਿਸੇ ਧੜੇ ਜਾਂ ਆਗੂ ਦਾ ਨਾਂ ਲੈਣ ਦੀ ਬਜਾਏ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਦੌਰਾਨ ਪੰਜਾਬ ਦੀ ‘ਗਰਾਊਂਡ ਰਿਐਲਿਟੀ’ ਅਤੇ ‘ਪੋਲੀਟੀਕਲ ਗਰਾਊਂਡ’ ਬਾਰੇ ਚਰਚਾ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਬਾਜਵਾ ਨੇ ਕਿਹਾ ਕਿ ਜਦੋਂ ਵੀ ਪਾਰਟੀ ਦੀ ਲੀਡਰਸ਼ਿਪ ਨਾਲ ਮੁਲਾਕਾਤ ਹੁੰਦੀ ਹੈ ਤਾਂ ਸੂਬੇ ਦੀਆਂ ਅਸਲ ਸਿਆਸੀ ਹਕੀਕਤਾਂ ਬਾਰੇ ਵਿਚਾਰ-ਵਟਾਂਦਰਾ ਹੁੰਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਦੇ ਆਗੂ ਇਕੱਠੇ ਹੋ ਕੇ ਇੱਕ ਮੰਚ ਤੋਂ ਪਾਰਟੀ ਨੂੰ ਅੱਗੇ ਲੈ ਕੇ ਜਾਣਗੇ। ਬਾਜਵਾ ਦਾ ਇਹ ਬਿਆਨ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਕੁੱਝ ਸਮੇਂ ਤੋਂ ਪੰਜਾਬ ਕਾਂਗਰਸ 'ਚਵੱਖ-ਵੱਖ ਆਗੂਆਂ ਦੇ ਧੜਿਆਂ ਵਿਚਕਾਰ ਤਾਲਮੇਲ ਦੀ ਕਮੀ ਅਤੇ ਅੰਦਰੂਨੀ ਮਤਭੇਦ ਖੁੱਲ੍ਹ ਕੇ ਸਾਹਮਣੇ ਆਉਂਦੇ ਰਹੇ ਹਨ। ਅਜਿਹੇ 'ਚ ਰਾਹੁਲ ਗਾਂਧੀ ਨਾਲ ਬਾਜਵਾ ਦੀ ਮੁਲਾਕਾਤ ਨੂੰ ਪਾਰਟੀ ਦੀ ਪੰਜਾਬ ਇਕਾਈ 'ਚ ਤਾਲਮੇਲ ਬਣਾਉਣ ਦੀਆਂ ਕੋਸ਼ਿਸ਼ਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਬਾਜਵਾ ਨੇ ਆਪਣੇ ਦਿੱਲੀ ਦੌਰੇ ਨੂੰ ਵੀ ਸਫ਼ਲ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਪਾਰਟੀ ਦੀ ਲੀਡਰਸ਼ਿਪ ਤੋਂ ਇਲਾਵਾ ਕਈ ਪੁਰਾਣੇ ਸਾਥੀਆਂ ਅਤੇ ਵਿਰੋਧੀ ਧਿਰ ਦੇ ਆਗੂਆਂ ਨਾਲ ਮਿਲਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਉਹ ਲਗਭਗ 12-13 ਸਾਲ ਸੰਸਦ 'ਚ ਰਹੇ ਹਨ ਅਤੇ ਇਸ ਦੌਰਾਨ ਬਣੇ ਪੁਰਾਣੇ ਸਿਆਸੀ ਸਬੰਧਾਂ ਕਾਰਨ ਦਿੱਲੀ ਦੌਰੇ ਦੌਰਾਨ ਕਈ ਲੋਕਾਂ ਨਾਲ ਮੁਲਾਕਾਤ ਹੋਈ। ਸਿਆਸੀ ਤੌਰ ’ਤੇ ਬਾਜਵਾ ਦਾ ਇਹ ਬਿਆਨ ਪੰਜਾਬ ਕਾਂਗਰਸ ਲਈ ਆਉਣ ਵਾਲੇ ਸਮੇਂ 'ਚ ਇੱਕ ‘ਏਕਤਾ ਦੇ ਨੈਰੇਟਿਵ’ ਵੱਲ ਇਸ਼ਾਰਾ ਕਰਦਾ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਸਿਹਤ ਨੂੰ ਲੈ ਕੇ ਹਸਪਤਾਲ ਤੋਂ ਆਈ ਤਾਜ਼ਾ ਅਪਡੇਟ, ਜਾਣੋ ਕਦੋਂ ਮਿਲੇਗੀ ਛੁੱਟੀ (ਵੀਡੀਓ)
ਜੇਕਰ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਪੰਜਾਬ ਦੇ ਵੱਖ-ਵੱਖ ਧੜਿਆਂ ਨੂੰ ਇੱਕ ਮੰਚ ’ਤੇ ਲਿਆਉਣ 'ਚ ਕਾਮਯਾਬ ਰਹਿੰਦੀ ਹੈ ਤਾਂ ਇਸ ਦਾ ਸਿੱਧਾ ਪ੍ਰਭਾਵ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ’ਤੇ ਪੈ ਸਕਦਾ ਹੈ। ਇਸ ਦੌਰਾਨ ਪੰਜਾਬ 'ਚ ਰਾਹੁਲ ਗਾਂਧੀ ਦੇ ਸੰਭਾਵਿਤ ਦੌਰੇ ਦੀ ਵੀ ਚਰਚਾ ਹੈ। ਸੂਤਰਾਂ ਮੁਤਾਬਕ ਇਸ ਮਹੀਨੇ ਦੇ ਅਖ਼ੀਰ 'ਚ ਉਨ੍ਹਾਂ ਦੇ ਅੰਮ੍ਰਿਤਸਰ ਦੌਰੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿੱਥੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਵਿਖੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ ਇਸ ਦੌਰੇ ਦੀ ਅਧਿਕਾਰਤ ਤਾਰੀਖ਼ ਜਾਂ ਪੂਰਾ ਪ੍ਰੋਗਰਾਮ ਹਾਲੇ ਸਪੱਸ਼ਟ ਨਹੀਂ ਹੈ। ਇਸ ਤਰ੍ਹਾਂ ਬਾਜਵਾ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਅਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਦਿੱਤਾ ਗਿਆ ‘ਸਾਰੇ ਇਕੱਠੇ ਹੋ ਕੇ ਇੱਕ ਪਲੇਟਫਾਰਮ ਤੋਂ ਚੱਲਣ’ ਵਾਲਾ ਸੰਕੇਤ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸੇ ਵੱਡੇ ਸਿਆਸੀ ਸਮੀਕਰਨ ਦੀ ਸੰਭਾਵਨਾ ਵੱਲ ਇਸ਼ਾਰਾ ਕਰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: 31 ਪਿੰਡਾਂ ਦਾ ਵਿਕਾਸ ਕਰਨ ਵਾਲਾ ਦਫ਼ਤਰ ਖੁਦ ਪਾਣੀ ’ਚ ਡੁੱਬਿਆ, ਸਟਾਫ਼ ਨੇ ਦੁਕਾਨ ’ਚ ਬੈਠ ਕੇ ਕੀਤਾ ਕੰਮ
NEXT STORY