ਚੰਡੀਗੜ੍ਹ: ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲਕਾਂਡ ਵਿਚ ਕੇਂਦਰ ਸਰਕਾਰ ਦੀ ਐਂਟਰੀ ਹੋ ਗਈ ਹੈ। ਕੇਂਦਰ ਵੱਲੋਂ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਤੋਂ ਜਵਾਬ ਤਲਬ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ, ਕੇਂਦਰ ਵੱਲੋਂ ਮੁੱਖ ਸਕੱਤਰ ਤੋਂ ਇਸ ਕਤਲਕਾਂਡ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ ਤੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਹੁਣ ਤਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਵੀ ਮੰਗੀ ਗਈ ਹੈ।
ਇੱਥੇ ਦੱਸ ਦਈਏ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਲਗਾਤਾਰ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪਰਵਿੰਦਰ ਝੋਟੇ ਦੇ ਪਿਤਾ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਾਮਲੇ ਦਾ ਨੋਟਿਸ ਲੈਣ ਦੀ ਮੰਗ ਵੀ ਕਰ ਚੁੱਕੇ ਹਨ। ਅੱਜ ਸਵੇਰੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਖ਼ਿਆ ਸੀ ਕਿ ਗ੍ਰਹਿ ਮੰਤਰਾਲਾ ਇਸ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। ਪਰਵਿੰਦਰ ਝੋਟੇ ਦੇ ਪਿਤਾ ਵੱਲੋਂ ਇਸ ਲਈ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਵੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦਾ ਇਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵੱਲੋਂ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਮਗਰੋਂ ਲੋਕ ਸੜਕਾਂ 'ਤੇ ਉਤਰ ਆਏ ਤੇ 15 ਅਕਤੂਬਰ ਨੂੰ 'ਪੰਜਾਬ ਬੰਦ' ਰੱਖਿਆ ਗਿਆ। ਪਰਿਵਾਰ ਵੱਲੋਂ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ, ਡਰੱਗ ਇੰਸਪੈਕਟਰ ਤੇ ਸਬੰਧਤ ਪੁਲਸ ਅਫ਼ਸਰਾਂ ਖ਼ਿਲਾਫ਼ ਕਾਰਵਾਈ ਸਣੇ ਹੋਰ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮੰਗਾਂ ਪੂਰੀਆਂ ਹੋਣ ਤਕ ਉਹ ਪਰਵਿੰਦਰ ਸਿੰਘ ਝੋਟੇ ਦਾ ਸਸਕਾਰ ਨਹੀਂ ਕਰਨਗੇ।
ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ ਦੇਣ ਦਾ ਐਲਾਨ
NEXT STORY