ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਅਤੇ ਉਸਦੇ ਪੀ. ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18,000 ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ।
ਇਹ ਵੀ ਪੜ੍ਹੋ : ਖੇਡਾਂ ਲਈ ਜਾਣੇ ਜਾਂਦੇ ਪੰਜਾਬ ਦਾ ਨਾਂ ਹੁਣ ਗਲਤ ਚੀਜ਼ਾਂ ਨਾਲ ਜੁੜਨ ਲੱਗਾ : ਅਨੁਰਾਗ ਠਾਕੁਰ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ.ਏ. ਖ਼ਿਲਾਫ਼ ਥਾਣਾ ਵਿਜੀਲੈਂਸ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਐਕਸ਼ਨ ’ਚ ਪਾਵਰਕਾਮ : 40 ਖਪਤਕਾਰਾਂ ਨੂੰ ਕੀਤਾ 15.70 ਲੱਖ ਰੁਪਏ ਜੁਰਮਾਨਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਖੇਡਾਂ ਲਈ ਜਾਣੇ ਜਾਂਦੇ ਪੰਜਾਬ ਦਾ ਨਾਂ ਹੁਣ ਗਲਤ ਚੀਜ਼ਾਂ ਨਾਲ ਜੁੜਨ ਲੱਗਾ : ਅਨੁਰਾਗ ਠਾਕੁਰ
NEXT STORY