ਪਾਇਲ (ਵਿਨਾਇਕ): ਪਾਇਲ 'ਚ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਮਾਰੇ ਗਏ ਨੌਜਵਾਨ ਸਤਨਾਮ ਸਿੰਘ ਉਰਫ਼ ਰਿੰਕੂ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਨੇ ਆਪਣੇ ਛੋਟੇ ਬੱਚਿਆਂ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਕੋਲੋਂ ਇਸ ਮਾਮਲੇ ਦੀ ਪਾਰਦਰਸ਼ੀ, ਨਿਰਪੱਖ ਅਤੇ ਗਹਿਰਾਈ ਨਾਲ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
ਸਰਬਜੀਤ ਕੌਰ ਨੇ ਦੁੱਖ ਭਰੇ ਲਹਿਜ਼ੇ ਵਿੱਚ ਦੱਸਿਆ ਕਿ ਉਸਦਾ ਪਤੀ ਸਤਨਾਮ ਸਿੰਘ ਪਰਿਵਾਰ ਦਾ ਇਕਲੌਤਾ ਕਮਾਉਂਦਾ ਮੈਂਬਰ ਸੀ ਅਤੇ ਉਸਦੀ ਅਚਾਨਕ ਮੌਤ ਨਾਲ ਸਾਰਾ ਪਰਿਵਾਰ ਗੰਭੀਰ ਆਰਥਿਕ ਅਤੇ ਮਨੋਵਿਗਿਆਨਕ ਸੰਕਟ ਵਿੱਚ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਤੀ ਦੀ ਮੌਤ ਨੇ ਪਰਿਵਾਰ ਨੂੰ ਅੰਦਰੋਂ ਹਿਲਾ ਕੇ ਰੱਖ ਦਿੱਤਾ ਹੈ ਅਤੇ ਹੁਣ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਵੱਡੀ ਚਿੰਤਾ ਬਣੀ ਹੋਈ ਹੈ।
ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਗੋਲੀਬਾਰੀ ਕਾਂਡ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਘਟਨਾ ਦੇ ਅਸਲ ਹਾਲਾਤ ਅਤੇ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋ ਸਕੇ। ਸਰਬਜੀਤ ਕੌਰ ਨੇ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਮਿਲਣਾ ਬਹੁਤ ਜ਼ਰੂਰੀ ਹੈ, ਤਾਂ ਜੋ ਪੀੜਤ ਪਰਿਵਾਰ ਦਾ ਭਰੋਸਾ ਕਾਨੂੰਨ ਅਤੇ ਪ੍ਰਸ਼ਾਸਨ ‘ਤੇ ਬਣਿਆ ਰਹੇ। ਇਸ ਮੌਕੇ ਉਨ੍ਹਾਂ ਸਰਕਾਰ ਕੋਲੋਂ ਇਹ ਵੀ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਬੱਚਿਆਂ ਦੀ ਪੜਾਈ-ਲਿਖਾਈ ਅਤੇ ਭਵਿੱਖ ਦੀ ਸੰਭਾਲ ਲਈ ਵਿਸ਼ੇਸ਼ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਹਿਯੋਗ ਮਿਲੇ ਤਾਂ ਪਰਿਵਾਰ ਨੂੰ ਇਸ ਮੁਸ਼ਕਲ ਘੜੀ ਵਿੱਚ ਕੁਝ ਹੱਦ ਤੱਕ ਸਹਾਰਾ ਮਿਲ ਸਕਦਾ ਹੈ।
ਇਸ ਦੇ ਨਾਲ ਹੀ ਇਲਾਕੇ ਦੇ ਲੋਕਾਂ ਨੇ ਵੀ ਇਸ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਮਾਮਲੇ ਦੀ ਤਫ਼ਤੀਸ਼ ਤੇਜ਼ੀ ਨਾਲ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਵੇ।
ਇਸ ਦੌਰਾਨ ਇਹ ਵੀ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਨੌਜਵਾਨ ਦਾ ਸ਼ਾਮ ਦੇ ਸਮੇਂ ਲਾਈਟਾਂ ਜਗਾ ਕੇ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਭਰ ਕੇ ਮ੍ਰਿਤਕ ਨੂੰ ਅੰਤਿਮ ਵਿਦਾਈ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚਲਾਂਗ ਟੋਲ ਪਲਾਜ਼ਾ ਨਜ਼ਦੀਕ ਵਾਪਰਿਆ ਭਿਆਨਕ ਸੜਕ ਹਾਦਸਾ; ਮਾਂ-ਪੁੱਤ ਸਣੇ 3 ਦੀ ਮੌਤ
NEXT STORY