ਚੰਡੀਗੜ੍ਹ (ਹਾਂਡਾ) : ਪੰਜਾਬ ’ਚ ਹੋਏ ਕਥਿਤ ਬੀਜ ਘਪਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਜਨਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰ ਸਬੰਧਿਤ ਧਿਰਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਸਤੰਬਰ ਨੂੰ ਹੋਵੇਗੀ।
ਹੁਸ਼ਿਆਰਪੁਰ ਨਿਵਾਸੀ ਮਨਜੀਤ ਸਿੰਘ ਅਤੇ ਕਿਸਾਨ ਆਗੂ ਚਰਨਜੀਤ ਸਿੰਘ ਭੁੱਲਰ ਨੇ ਪਟੀਸ਼ਨ ’ਚ ਦੋਸ਼ ਲਾਇਆ ਹੈ ਕਿ ਪੰਜਾਬ ’ਚ ਬੀਜਾਂ ਦੀ ਵੰਡ ਦੇ ਨਾਂ ’ਤੇ ਵੱਡੇ ਪੱਧਰ ’ਤੇ ਘਪਲਾ ਹੋਇਆ ਹੈ। ਇਹ ਪੂਰਾ ਮਾਮਲਾ ਪਿਛਲੇ ਸਾਲ ਸਾਹਮਣੇ ਆਇਆ ਸੀ। ਇਸ ’ਚ ਖ਼ਾਸ ਤੌਰ ’ਤੇ ਮੱਕੀ ਦੇ ਬੀਜਾਂ ਦੀ ਜਾਅਲੀ ਬਿਲਿੰਗ ਕੀਤੇ ਜਾਣ ਦੇ ਦੋਸ਼ ਹਨ। ਕਿਸਾਨਾਂ ਨੂੰ ਅਸਲ ’ਚ ਬੀਜ ਮੁਹੱਈਆ ਨਹੀਂ ਕਰਵਾਏ ਗਏ ਪਰ ਰਿਕਾਰਡ ਇਹ ਦਰਸਾਇਆ ਗਿਆ ਕਿ ਕਿਸਾਨਾਂ ਨੂੰ ਬੀਜ ਵੰਡ ਦਿੱਤੇ ਗਏ ਹਨ। ਉਨ੍ਹਾਂ ਅਨੁਸਾਰ ਇਸ ਪ੍ਰਕਿਰਿਆ ’ਚ ਕਰੋੜਾਂ ਰੁਪਏ ਦਾ ਕਥਿਤ ਘਪਲਾ ਹੋਇਆ ਹੈ। ਵਿਜੀਲੈਂਸ ਪੱਧਰ ’ਤੇ ਕਾਰਵਾਈ ਨਾ ਹੋਣ ਤੋਂ ਬਾਅਦ ਹੁਣ ਪਟੀਸ਼ਨਕਰਤਾ ਨੇ ਪੂਰੇ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈਕੋਰਟ ਦਾ ਰੁਖ਼ ਕੀਤਾ ਹੈ।
ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਰੌਲਾ, ਬਿਜਲੀ ਖਪਤਕਾਰਾਂ ਦੀ ਵਧੀ ਚਿੰਤਾ
NEXT STORY