ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿਚ ਕੀਤੀ ਗਈ ਵੱਡੀ ਕਟੌਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਆਮ ਜਨਤਾ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਬਾਵਜੂਦ ਵੱਡੀ ਰਾਹਤ ਮਿਲੇਗੀ। ਜਾਖੜ ਨੇ ਦੱਸਿਆ ਕਿ ਪੈਟਰੋਲ 'ਤੇ ਐਕਸਾਈਜ਼ ਡਿਊਟੀ 13 ਰੁਪਏ ਤੋਂ ਘਟਾ ਕੇ 3 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ, ਜਦੋਂ ਕਿ ਡੀਜ਼ਲ 'ਤੇ ਇਸ ਨੂੰ 10 ਰੁਪਏ ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ।
ਸੁਨੀਲ ਜਾਖੜ ਨੇ ਵਿਸ਼ਵ ਪੱਧਰੀ ਸਥਿਤੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੱਛਮੀ ਏਸ਼ੀਆ ਵਿਚ ਵਧਦੇ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਉਛਾਲ ਆਇਆ ਹੈ, ਜੋ ਸਿਰਫ਼ ਇਕ ਮਹੀਨੇ ਵਿਚ 70 ਡਾਲਰ ਪ੍ਰਤੀ ਬੈਰਲ ਤੋਂ ਵਧ ਕੇ ਲਗਭਗ 122 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿਚ ਤੇਲ ਦੀਆਂ ਕੀਮਤਾਂ ਵਿਚ 30 ਤੋਂ 50 ਫੀਸਦੀ, ਉੱਤਰੀ ਅਮਰੀਕਾ ਵਿਚ 30 ਫ਼ੀਸਦੀ ਅਤੇ ਯੂਰਪ ਵਿਚ 20 ਫੀਸਦੀ ਤੱਕ ਦਾ ਵਾਧਾ ਦੇਖਿਆ ਗਿਆ ਹੈ, ਉੱਥੇ ਹੀ ਭਾਰਤ ਨੇ ਇਨ੍ਹਾਂ ਹਾਲਾਤ ਵਿਚ ਵੀ ਮਿਸਾਲ ਕਾਇਮ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਨੇ ਵਿੱਤੀ ਬੋਝ ਖੁਦ ਸਹਿਣ ਦਾ ਫੈਸਲਾ ਕੀਤਾ ਹੈ ਤਾਂ ਜੋ ਦੇਸ਼ ਦੇ ਨਾਗਰਿਕਾਂ 'ਤੇ ਇਸ ਦਾ ਅਸਰ ਨਾ ਪਵੇ। ਜਾਖੜ ਅਨੁਸਾਰ ਇਸ ਫੈਸਲੇ ਨਾਲ ਨਾ ਸਿਰਫ਼ ਤੇਲ ਕੰਪਨੀਆਂ 'ਤੇ ਦਬਾਅ ਘਟੇਗਾ, ਸਗੋਂ ਇਹ ਵੀ ਯਕੀਨੀ ਹੋਵੇਗਾ ਕਿ ਆਮ ਆਦਮੀ 'ਤੇ ਕੋਈ ਵਾਧੂ ਆਰਥਿਕ ਬੋਝ ਨਾ ਪਵੇ। ਉਨ੍ਹਾਂ ਇਸ ਫੈਸਲੇ ਨੂੰ ਲੋਕ-ਹਿਤੈਸ਼ੀ ਦੱਸਦਿਆਂ ਭਾਰਤ ਸਰਕਾਰ ਦੀ ਦੂਰਅੰਦੇਸ਼ੀ ਦੀ ਸ਼ਲਾਘਾ ਕੀਤੀ।
ਸਕੂਲ ਮਾਲਕ ਨੂੰ ਗ੍ਰਿਫ਼ਤਾਰ ਕਰਨ ਨੂੰ ਲੈ ਕੇ 'ਆਪ' ਸਰਕਾਰ ਵਿਵਾਦਾਂ 'ਚ ਘਿਰੀ
NEXT STORY