ਫਗਵਾੜਾ (ਜਲੋਟਾ) : ਪੰਜਾਬ ਸਰਕਾਰ ਵੱਲੋਂ ਅਪਰਾਧ ਅਤੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਆਪਕ ਮੁਹਿੰਮ ਤਹਿਤ ਜ਼ਿਲਾ ਕਪੂਰਥਲਾ ਪੁਲਸ ਪੂਰੀ ਤਰ੍ਹਾਂ ਮੁਸਤੈਦ ਦਿਖਾਈ ਦੇ ਰਹੀ ਹੈ। ਐੱਸ.ਐੱਸ.ਪੀ. ਕਪੂਰਥਲਾ ਗੌਰਵ ਤੂਰਾ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਿਵੀਜ਼ਨਾਂ ਵਿਚ ਸੁਰੱਖਿਆ ਵਿਵਸਥਾ ਨੂੰ ਚਾਕ-ਚੌਬੰਦ ਕੀਤਾ ਜਾ ਰਿਹਾ ਹੈ।
ਇਸੇ ਕੜੀ ਤਹਿਤ ਅੱਜ ਫਗਵਾੜਾ ਸਬ-ਡਿਵੀਜ਼ਨ ਵਿਚ ਪੁਲਸ ਵਿਭਾਗ ਵੱਲੋਂ ਵੱਡੇ ਪੱਧਰ ’ਤੇ ‘ਏਰੀਆ ਡੋਮੀਨੇਸ਼ਨ ਅਭਿਆਨ’ ਚਲਾਇਆ ਗਿਆ, ਜਿਸ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਸ ਟੀਮਾਂ ਵੱਲੋਂ ਜਨ-ਸੁਰੱਖਿਆ ਨੂੰ ਮੁੱਖ ਰੱਖਦਿਆਂ ਫਲੈਗ ਮਾਰਚ ਕੱਢਿਆ ਗਿਆ। ਇਸ ਵਿਸ਼ੇਸ਼ ਮੁਹਿੰਮ ਦੀ ਅਗਵਾਈ ਕਰ ਰਹੀ ਐੱਸ.ਪੀ. ਫਗਵਾੜਾ ਮਾਧਵੀ ਸ਼ਰਮਾ ਨੇ ਦੱਸਿਆ ਕਿ ਖੇਤਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਆਮ ਜਨਤਾ ਦੇ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੁਲਸ ਬਲ ਪੂਰੀ ਤਰ੍ਹਾਂ ਸਰਗਰਮ ਹੈ। ਫਲੈਗ ਮਾਰਚ ਦੌਰਾਨ ਥਾਣਾ ਸਿਟੀ ਫਗਵਾੜਾ ਦੀ ਐੱਸ.ਐੱਚ.ਓ. ਅਮਨਪ੍ਰੀਤ ਕੌਰ, ਟ੍ਰੈਫਿਕ ਪੁਲਸ ਫਗਵਾੜਾ ਦੇ ਇੰਚਾਰਜ ਅਮਨ ਕੁਮਾਰ, ਪੀ.ਸੀ.ਆਰ. ਦਸਤੇ ਸਮੇਤ ਪੁਲਸ ਦੇ ਉੱਚ ਅਧਿਕਾਰੀ ਅਤੇ ਭਾਰੀ ਗਿਣਤੀ ਵਿਚ ਪੁਲਸ ਮੁਲਾਜ਼ਮ ਮੌਜੂਦ ਸਨ, ਜਿਨ੍ਹਾਂ ਨੇ ਸੰਵੇਦਨਸ਼ੀਲ ਇਲਾਕਿਆਂ ਅਤੇ ਮੁੱਖ ਬਾਜ਼ਾਰਾਂ ਵਿਚੋਂ ਲੰਘਦਿਆਂ ਆਪਣੀ ਹਾਜ਼ਰੀ ਦਰਜ ਕਰਵਾਈ। ਐੱਸ.ਪੀ. ਮਾਧਵੀ ਸ਼ਰਮਾ ਨੇ ਅਹਿਮ ਜਾਣਕਾਰੀ ਦਿੰਦਿਆਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਸਮਾਜ ਵਿਰੋਧੀ ਅੰਸਰਾਂ ਨੂੰ ਸਖ਼ਤ ਸੰਦੇਸ਼ ਦੇਣਾ ਅਤੇ ਨਾਗਰਿਕਾਂ ਵਿਚ ਵਿਸ਼ਵਾਸ ਬਹਾਲ ਕਰਨਾ ਹੈ।

6 ਜੂਨ ਨੂੰ ਲੈ ਕੇ ਪੁਲਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਐੱਸ.ਪੀ. ਸ਼ਰਮਾ ਨੇ ਦੱਸਿਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਇਹ ਇਕ ਬਹੁਤ ਹੀ ਮਹੱਤਵਪੂਰਨ ਸਮਾਂ ਹੈ। ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਇਸ ਤਾਰੀਖ਼ ਨੂੰ ਧਿਆਨ ਵਿਚ ਰੱਖਦਿਆਂ ਹੀ ਵਿਸ਼ੇਸ਼ ਤੌਰ ’ਤੇ ਫਲੈਗ ਮਾਰਚ ਅਤੇ ਪੈਟਰੋਲਿੰਗ ਦੀਆਂ ਰਣਨੀਤੀਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਜਿਨ੍ਹਾਂ ਸਥਾਨਾਂ ’ਤੇ ਵੀ ਇਸ ਤਾਰੀਖ਼ ਨਾਲ ਸਬੰਧਤ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ, ਉੱਥੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਸਭ ਕੁਝ ਅਮਨ-ਅਮਾਨ ਨਾਲ ਨੇਪਰੇ ਚੜ੍ਹ ਸਕੇ।
ਸ਼ੱਕੀ ਵਿਅਕਤੀ ਕੀਤੇ ਰਾਊਂਡ ਅੱਪ
ਚੈਕਿੰਗ ਅਭਿਆਨ ਬਾਰੇ ਵਿਸਥਾਰ ਨਾਲ ਦੱਸਦਿਆਂ ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਣਾ ਖੇਤਰਾਂ ਵਿਚ ਪੁਲਸ ਟੀਮਾਂ ਵੱਲੋਂ ਗਸ਼ਤ ਵਧਾ ਦਿੱਤੀ ਗਈ ਹੈ। ਇਸ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਨੂੰ ਅਹਿਤਿਆਤ ਵਜੋਂ ਰਾਊਂਡ ਅੱਪ (ਹਿਰਾਸਤ ਵਿਚ) ਵੀ ਕੀਤਾ ਗਿਆ ਹੈ, ਜਿਨ੍ਹਾਂ ਦੀ ਪੂਰੀ ਵੈਰੀਫਿਕੇਸ਼ਨ (ਪੜਤਾਲ) ਕੀਤੀ ਜਾ ਰਹੀ ਹੈ। ਪੜਤਾਲ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਬੇਗੁਨਾਹ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਪਰ ਕਾਨੂੰਨ ਨੂੰ ਹੱਥ ਵਿਚ ਲੈਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਲੋਕਾਂ ਨੂੰ ਕੀਤੀ ਸਹਿਯੋਗ ਦੀ ਅਪੀਲ
ਪੁਲਸ ਪ੍ਰਸ਼ਾਸਨ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸ਼ਹਿਰ ਵਿਚ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਵਿਚ ਪੁਲਸ ਦਾ ਸਹਿਯੋਗ ਕਰਨ। ਐੱਸ.ਪੀ. ਸ਼ਰਮਾ ਨੇ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਆਪਣੇ ਆਸ-ਪਾਸ ਕੋਈ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ, ਤਾਂ ਉਹ ਤੁਰੰਤ ਇਸ ਦੀ ਸੂਚਨਾ ਨਜ਼ਦੀਕੀ ਪੁਲਸ ਥਾਣੇ ਜਾਂ ਪੁਲਸ ਹੈਲਪਲਾਈਨ ਨੰਬਰ ’ਤੇ ਦੇਣ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸੇ ਦੌਰਾਨ ਫਗਵਾੜਾ ਵਿਚ ਆਮ ਲੋਕਾਂ ਵੱਲੋਂ ਜ਼ਿਲਾ ਕਪੂਰਥਲਾ ਦੇ ਐੱਸ.ਐੱਸ.ਪੀ. ਗੌਰਵ ਤੂਰਾ, ਐੱਸ.ਪੀ. ਫਗਵਾੜਾ ਮਾਧਵੀ ਸ਼ਰਮਾ ਸਮੇਤ ਫਗਵਾੜਾ ਪੁਲਸ ਦੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੱਕੜ ਮੰਡੀ ਦੇ ਰਿਹਾਇਸ਼ੀ ਖੇਤਰ ’ਚ ਓਵਰਲੋਡ ਟਿੱਪਰਾਂ ਦਾ ਕਹਿਰ, ਲੋਕਾਂ ਦੀ ਜਾਨ ਲਈ ਬਣੇ ਵੱਡਾ ਖਤਰਾ
NEXT STORY