ਅੰਮ੍ਰਿਤਸਰ (ਦੀਪਕ ਸ਼ਰਮਾ) - ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ 31 ਅਕਤੂਬਰ ਨੂੰ ਲਾਈਆਂ ਜਾਣਗੀਆਂ । ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸਿੰਘ ਸਾਹਿਬਾਨ ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈ ਜਾਵੇਗੀ।ਇਸ ਸਬੰਧੀ ਪ੍ਰੋ. ਬਡੂੰਗਰ ਨੇ ਕਿਹਾ ਕਿ ਸੰਨ 1965 ਦੀ ਜੰਗ ਸਮੇਂ ਜਨਰਲ ਹਰਬਖਸ਼ ਸਿੰਘ ਨੇ ਸੂਰਬੀਰਤਾ ਤੇ ਸੂਝਤਾ ਨਾ ਵਿਖਾਈ ਹੁੰਦੀ ਤਾਂ ਸਾਡਾ ਪੰਜਾਬ ਤੇ ਕਸ਼ਮੀਰ ਪਾਕਿਸਤਾਨ ਦਾ ਹਿੱਸਾ ਬਣ ਜਾਣੇ ਸਨ ਪਰ ਉਨ੍ਹਾਂ ਵੱਲੋਂ ਜੰਗ ਸਮੇਂ ਵਿਖਾਈ ਬਹਾਦਰੀ ਦੀ ਅਨੋਖੀ ਮਿਸਾਲ ਸਾਡੇ ਸਾਹਮਣੇ ਹੈ, ਜਿਸ ਨੂੰ ਸਦਾ ਯਾਦ ਰੱਖਿਆ ਜਾਵੇਗਾ । ਉਨ੍ਹਾਂ ਕਿਹਾ ਕਿ 1971 ਦੀ ਜੰਗ ਸਮੇਂ ਜਗਜੀਤ ਸਿੰਘ ਅਰੋੜਾ ਨੇ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਅਜਿਹੀ ਬਹਾਦਰੀ ਵਿਖਾਈ ਕਿ ਜੰਗ ਸਮੇਂ ਪਾਕਿ ਫੌਜਾਂ ਨੂੰ ਹਥਿਆਰ ਸੁੱਟਣ ਲਈ ਮਜਬੂਰ ਹੋਣਾ ਪਿਆ । ਉਨ੍ਹਾਂ ਦੀ ਅਗਵਾਈ 'ਚ ਭਾਰਤੀ ਫੌਜ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ । ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੰਗੀ ਨਾਇਕ ਮਾਰਸ਼ਲ ਅਰਜਨ ਸਿੰਘ, ਜਿਨ੍ਹਾਂ ਨੂੰ ਦੁਨੀਆ 'ਚ ਪੰਜ ਸਟਾਰ ਹਾਸਲ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ, ਨੇ 1965 ਦੀ ਜੰਗ ਸਮੇਂ ਭਾਰਤੀ ਹਵਾਈ ਫੌਜ ਦੀ ਅਗਵਾਈ ਕਰ ਕੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਅਤੇ ਦੁਸ਼ਮਣ ਫੌਜਾਂ ਨੂੰ ਗੋਡੇ ਟੇਕਣ ਲਈ ਮਜਬੂਰ ਹੋਣਾ ਪਿਆ । ਉਨ੍ਹਾਂ ਕਿਹਾ ਕਿ ਮਾਰਸ਼ਲ ਅਰਜਨ ਸਿੰਘ ਵੱਲੋਂ ਪਾਏ ਅਹਿਮ ਯੋਗਦਾਨ ਸਦਕਾ ਭਾਰਤੀ ਏਅਰਫੋਰਸ ਨੂੰ ਦੁਨੀਆ ਦੀ ਤਾਕਤਵਰ ਸੈਨਾ 'ਚ ਗਿਣਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਤਿੰਨਾਂ ਜਨਰਲਾਂ ਦੀਆਂ ਅਹਿਮ ਪ੍ਰਾਪਤੀਆਂ ਅਤੇ ਦੇਸ਼ ਦੀ ਏਕਤਾ ਅਖੰਡਤਾ ਦੀ ਰਾਖੀ ਲਈ ਪਾਏ ਮਹੱਤਵਪੂਰਨ ਯੋਗਦਾਨ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਲਕੇ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਉਨ੍ਹਾਂ ਦੀਆਂ ਤਸਵੀਰਾਂ ਸਥਾਪਿਤ ਕਰੇਗੀ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਲਿਖਤੀ ਤੌਰ 'ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮਹਾਨ ਕਾਰਜ ਸਮੇਂ ਸਿੰਘ ਸਾਹਿਬਾਨ ਤੋਂ ਇਲਾਵਾ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਹੋਣਗੀਆਂ ।
ਘਰ ਦੀ ਤੰਗੀ ਤੋਂ ਦੁਖੀ ਮਜ਼ਦੂਰ ਦੀ ਧੀ ਵੱਲੋਂ ਖੁਦਕੁਸ਼ੀ
NEXT STORY