ਬਠਿੰਡਾ (ਵਿਜੈ ਵਰਮਾ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਪੁਲਸ ਮੁਖੀ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅੱਜ ਇੱਥੇ ਸਥਿਤ ਧੋਬੀਆਣਾ ਬਸਤੀ ਵਿਖੇ ਨਸ਼ਾ ਤਸਕਾਰਾਂ ਵਲੋਂ ਬਣਾਈਆਂ ਗਈਆਂ 2 ਨਾਜਾਇਜ਼ ਇਮਾਰਤਾਂ ਨੂੰ ਸਿਵਲ ਅਤੇ ਪੁਲਸ ਪ੍ਰਸ਼ਾਸਨ ਵਲੋਂ ਢਹਿ-ਢੇਰੀ ਕੀਤਾ ਗਿਆ। ਇਸ ਮੌਕੇ ਐੱਸ. ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਨੀਤੂ ਪਤਨੀ ਬਲਵੀਰ ਸਿੰਘ ਵਾਸੀ ਕਰਨ ਕਬਾੜੀਏ ਵਾਲੀ ਗਲੀ ਧੋਬੀਆਣਾ ਬਸਤੀ ਬਠਿੰਡਾ ਅਤੇ ਰਮੇਸ਼ ਸਾਹਨੀ ਉਰਫ਼ ਰੈਂਬੋ ਪੁੱਤਰ ਮਜਨੂੰ ਸਾਹਨੀ ਵਾਸੀ ਬਠਿੰਡਾ ਵਲੋਂ ਇਹ ਇਮਾਰਤਾਂ ਗੈਰ-ਕਾਨੂੰਨੀ ਢੰਗ ਨਾਲ ਉਸਾਰੀਆਂ ਗਈਆਂ ਸਨ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ-ਕਮ-ਮੈਜਿਸਟ੍ਰੇਟ ਵਲੋਂ ਢਾਉਣ ਮੌਕੇ ਪੁਲਸ ਸੁਰੱਖਿਆ ਪ੍ਰਬੰਧ ਕਰਨ ਲਈ ਹਦਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਤੋਂ ਬਾਅਦ ਸਿਵਲ ਤੇ ਪੁਲਸ ਪ੍ਰਸ਼ਾਸਨ ਵਲੋਂ ਕਾਰਵਾਈ ਕਰਦਿਆਂ ਇਨ੍ਹਾਂ ਇਮਾਰਤਾਂ ਨੂੰ ਢਾਹਿਆ ਗਿਆ। ਉਨ੍ਹਾਂ ਇਹ ਵੀ ਦੱਸਿਆਂ ਕਿ ਇਨ੍ਹਾਂ ਖ਼ਿਲਾਫ਼ ਨਸ਼ਾ ਤਸਕਰੀ ਅਤੇ ਹੋਰ ਸੰਗੀਨ ਜ਼ੁਰਮਾਂ ਦੇ ਤਹਿਤ ਵੱਖ-ਵੱਖ ਤਰ੍ਹਾਂ ਦੇ 16 ਮੁੱਕਦਮੇ ਦਰਜ ਹਨ। ਉਨ੍ਹਾਂ ਦੱਸਿਆ ਉਕਤ ਵਲੋਂ ਉਸਾਰੀਆਂ ਗਈਆਂ ਇਮਾਰਤਾਂ ਦੇ ਮੱਦੇਨਜ਼ਰ ਇਨ੍ਹਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ ਪਰ ਕਬਜ਼ਾਕਾਰੀਆਂ ਵਲੋਂ ਇਸ ਜਗ੍ਹਾ ਨੂੰ ਖ਼ਾਲੀ ਨਾ ਕਰਨ ਕਰਕੇ ਇੱਥੇ ਬੁਲਡੋਜ਼ਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ 1 ਮਾਰਚ 2025 ਤੋਂ ਹੁਣ ਤੱਕ 821 ਮੁਕੱਦਮੇ ਦਰਜ ਕਰਕੇ 1276 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 37 ਵੱਡੇ ਨਸ਼ਾ ਤਸਕਰ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਨਸ਼ਾ ਤਸਕਰਾਂ ਦੀ 10 ਕਰੋੜ 5 ਲੱਖ ਦੇ ਕਰੀਬ ਦੀ ਜਾਇਦਾਦ ਫਰੀਜ਼ ਕੀਤੀ ਗਈ ਹੈ।
ਇਸ ਦੌਰਾਨ ਪੁਲਸ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਸ ਨੂੰ ਤੁਹਾਡੇ ਸਭ ਦੇ ਸਹਿਯੋਗ ਦੀ ਪੂਰਨ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਤੁਹਾਡੇ ਏਰੀਏ ਜਾਂ ਆਸ-ਪਾਸ ਦੇ ਇਲਾਕੇ ਵਿੱਚ ਕੋਈ ਨਸ਼ੇ ਦਾ ਗੈਰ-ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ‘ਤੇ ਜਾਣਕਾਰੀ ਦਿੱਤੀ ਜਾ ਸਕਦੇ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੇ ਪਛਾਣ ਗੁਪਤ ਰੱਖੀ ਜਾਵੇਗੀ।
ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, 4 ਤਸਕਰ ਹਥਿਆਰਾਂ ਸਣੇ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ
NEXT STORY