ਬੁਢਲਾਡਾ (ਮਨਜੀਤ) : ਪੰਜਾਬ ਦੀ ਸਿਆਸਤ ਵਿਚ ਬਦਲਦੇ ਸਮੀਕਰਨਾਂ ਦਰਮਿਆਨ ਵਿਧਾਨ ਸਭਾ ਹਲਕਾ ਬੁਢਲਾਡਾ ਵਿਚ ਉਸ ਸਮੇਂ ਨਵੀਂ ਚਰਚਾ ਛਿੜ ਗਈ ਜਦੋਂ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਬਲਵਿੰਦਰ ਸਿੰਘ ਪਟਵਾਰੀ ਮੁੜ ਅਕਾਲੀ ਦਲ ਵਿਚ ਪਰਤ ਆਏ। ਪਿੰਡ ਬਾਦਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸ਼ਾਮਿਲ ਕੀਤਾ । ਦੱਸਿਆ ਜਾਂਦਾ ਹੈ ਕਿ ਪਾਰਟੀ ਵਿਚ ਬਣਦੀ ਪੁੱਛ-ਪੜਤਾਲ ਨਾ ਹੋਣ ਕਾਰਨ ਨਾਰਾਜ਼ ਹੋ ਕੇ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ, ਜਿੱਥੇ ਉਨ੍ਹਾਂ ਨੇ ਪਾਰਟੀ ਦੀਆਂ ਸਰਗਰਮੀਆਂ ਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ ਪਰ ਹੁਣ ਉਨ੍ਹਾਂ ਦੀ ਵਾਪਸੀ ਨਾਲ ਬੁਢਲਾਡਾ ਦੀ ਸਿਆਸਤ ਵਿਚ ਨਵੇਂ ਸਮੀਕਰਨ ਬਣਨ ਦੀ ਚਰਚਾ ਸ਼ੁਰੂ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਬੁਢਲਾਡਾ ਤੋਂ ਅਕਾਲੀ ਦਲ ਦੇ ਪਹਿਲਾਂ ਐਲਾਨੇ ਉਮੀਦਵਾਰ ਡਾ. ਨਿਸ਼ਾਨ ਸਿੰਘ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਬਲਵਿੰਦਰ ਸਿੰਘ ਪਟਵਾਰੀ ਦੀ ਪਾਰਟੀ ਨਾਲ ਨੇੜਤਾ ਮੁੜ ਵਧੀ। ਉਨ੍ਹਾਂ ਦੀ ਘਰ ਵਾਪਸੀ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਇਹ ਚਰਚਾ ਵੀ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵੱਲੋਂ ਉਮੀਦਵਾਰ ਹੋ ਸਕਦੇ ਹਨ। ਹਾਲਾਂਕਿ, ਉਨ੍ਹਾਂ ਦੀ ਉਮੀਦਵਾਰੀ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ।
ਘਰ ਵਾਪਸੀ ’ਤੇ ਪਟਵਾਰੀ ਨੇ ਜਤਾਈ ਖੁਸ਼ੀ
ਇਸ ਮੌਕੇ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ’ਤੇ ਅਕਾਲੀ ਦਲ ਨਾਲ ਜੁੜੇ ਰਹੇ ਹਨ ਅਤੇ ਘਰ ਵਾਪਸੀ ਕਰਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵਾਂਗ ਲੋਕਾਂ ਵਿੱਚ ਰਹਿ ਕੇ ਲੋਕ ਹਿੱਤਾਂ ਲਈ ਕੰਮ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਮਿਹਨਤ ਨਾਲ ਯੋਗਦਾਨ ਪਾਉਣਗੇ।
ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਦੇ ਹੌਸਲੇ ਦੀ ਕੀਤੀ ਸ਼ਲਾਘਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਦੇ ਵਰਕਰ ਪਿਛਲੇ ਦਸ ਸਾਲਾਂ ਤੋਂ ਚਟਾਨ ਵਾਂਗ ਆਪਣੇ ਸਿਧਾਂਤਾਂ ਨਾਲ ਖੜ੍ਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ ਅਤੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਪੰਜਾਬ ਵਿੱਚ ਅਕਾਲੀ ਦਲ ਦੀ ਹਨੇਰੀ ਝੁੱਲੇਗੀ। ਇਸ ਮੌਕੇ ਪੰਜਾਬ ਦੇ ਸਿਆਸੀ ਸਮੀਕਰਨਾਂ ਅਤੇ ਪਾਰਟੀ ਦੀਆਂ ਭਵਿੱਖੀ ਸਰਗਰਮੀਆਂ ਬਾਰੇ ਵੀ ਚਰਚਾ ਹੋਈ। ਬਲਵਿੰਦਰ ਸਿੰਘ ਪਟਵਾਰੀ ਦੇ ਨਾਲ ਵੱਡੀ ਗਿਣਤੀ ਵਿੱਚ ਸਾਥੀਆਂ ਦੀ ਮੌਜੂਦਗੀ ਨੇ ਇਸ ਵਾਪਸੀ ਨੂੰ ਸਥਾਨਕ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣਾ ਦਿੱਤਾ। ਇਸ ਮੌਕੇ ਗੁਰਮੇਲ ਸਿੰਘ ਫਫੜੇ ਭਾਈਕੇ, ਮੈਂਬਰ ਪੀ.ਏ.ਸੀ., ਦਵਿੰਦਰ ਸਿੰਘ ਹਾਕਮਵਾਲਾ, ਪ੍ਰਸ਼ੋਤਮ ਸਿੰਘ ਬਾਬਾ, ਗੁਲਾਬ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਮੋਟਰਸਾਈਕਲ 'ਤੇ ਟਰੈਕਟਰ ਦਾ ਸਾਈਲੈਂਸਰ ਲਗਾਉਣ 'ਤੇ 5 ਹਜ਼ਾਰ ਦਾ ਚਲਾਨ
NEXT STORY