ਅੰਮ੍ਰਿਤਸਰ (ਦੀਪਕ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀ.ਟੀ.ਸੀ. ਚੈਨਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਸ਼ੁਰੂ ਕੀਤਾ ਗਿਆ। ਗੁਰਬਾਣੀ ਕੀਰਤਨ ਦਾ ਇਹ ਸਿੱਧਾ ਪ੍ਰਸਾਰਣ ਰੋਜ਼ਾਨਾ ਸਵੇਰੇ 10 ਤੋਂ 12 ਵਜੇ ਹੋਵੇਗਾ। ਸ੍ਰੀ ਅਨੰਦ ਸਾਹਿਬ ਦੇ ਪਾਠ ਮਗਰੋਂ ਭਾਈ ਰਾਜਦੀਪ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀਆਂ ਸਿੱਖ ਜਥੇਬੰਦੀਆਂ, ਸਭਾ-ਸੋਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਖਾਲਸਾਈ ਜਾਹੋ-ਜਲਾਲ ਨਾਲ 1 ਮਈ ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਨੌਵੇਂ ਪਾਤਸ਼ਾਹ ਜੀ ਦੇ ਜਨਮ ਅਸਥਾਨ ਨਾਲ ਸੰਗਤਾਂ ਨੂੰ ਜੋਡ਼ਨ ਲਈ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਣ ਆਰੰਭ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਪ੍ਰਸਾਰਣ ਅੱਜ ਤੋਂ 1 ਮਈ 2021 ਤੱਕ ਸਵੇਰੇ 10 ਵਜੇ ਤੋਂ 12 ਵਜੇ ਤੱਕ ਸੰਗਤਾਂ ਪੀ. ਟੀ. ਸੀ. ਸਿਮਰਨ ’ਤੇ ਸਰਵਣ ਕਰਨਗੀਆਂ। ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਦੇ 2 ਹਜ਼ੂਰੀ ਰਾਗੀ ਜਥੇ ਰੋਜ਼ਾਨਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ।
'ਪੰਜਾਬ' ਹੋਇਆ ਸ਼ਰਮਸਾਰ, 3 ਮਹੀਨਿਆਂ 'ਚ ਵਾਪਰੀਆਂ 'ਜਬਰ-ਜ਼ਿਨਾਹ' ਦੀਆਂ ਵਾਰਦਾਤਾਂ ਨੇ ਖੜ੍ਹੇ ਕੀਤੇ ਰੌਂਗਟੇ
NEXT STORY